ਕਣਕ ਭਾਰਤ ਦੀ ਸੱਭ ਤੋਂ ਮਹੱਤਵਪੂਰਨ ਅਨਾਜ ਦੀ ਫਸਲ ਹੈ। ਕਿਸਾਨਾਂ ਨੂੰ ਜੇਕਰ ਵੱਧ ਝਾੜ ਪ੍ਰਾਪਤ ਕਰਨਾ ਹੈ ਤਾਂ ਉਨ੍ਹਾਂ ਨੂੰ ਹੁਣ ਕਣਕ ਦੀ ਬਿਜਾਈ ਸ਼ੁਰੂ ਕਰ ਦੇਣੀ ਚਾਹੀਦੀ ਹੈ।ਕਣਕ ਪ੍ਰੋਟੀਨ, ਵਿਟਾਮਿਨ ਤੇ ਕਾਰਬੋਹਾਈਡ੍ਰੇਟਸ ਦਾ ਮੁੱਖ ਸ੍ਰੋਤ ਹੈ ਤੇ ਸੰਤੁਲਿਤ ਭੋਜਨ ਪ੍ਰਦਾਨ ਕਰਦੀ ਹੈ।
ਜ਼ਮੀਨ: ਕੱਲਰ ਤੇ ਸੇਮ ਵਾਲੀਆਂ ਜ਼ਮੀਨਾਂ ਤੋਂ ਬਿਨਾਂ ਕਣਕ ਹਰ ਕਿਸਮ ਦੀ ਜ਼ਮੀਨ `ਚ ਪੈਦਾ ਕੀਤੀ ਜਾ ਸਕਦੀ ਹੈ।
ਬਿਜਾਈ ਦਾ ਸਮਾਂ: ਕਿਸਾਨਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਝਾੜ ਲੈਣ ਲਈ 15 ਨਵੰਬਰ ਤੋਂ ਪਹਿਲਾਂ ਕਣਕ ਦੀ ਬਿਜਾਈ ਕਰ ਲੈਣ।
ਅਨੁਕੂਲ ਕਿਸਮਾਂ:
● ਪੀ ਬੀ ਡਬਲਯੂ 826 (2022): ਇਸ ਕਿਸਮ ਦੀ ਸਿਫ਼ਾਰਸ਼ ਸੇਂਜੂ ਹਾਲਤਾਂ `ਚ ਸਮੇਂ ਸਿਰ ਬਿਜਾਈ ਲਈ ਕੀਤੀ ਜਾਂਦੀ ਹੈ। ਇਹ ਕਿਸਮ ਤਕਰੀਬਨ 148 ਦਿਨਾਂ `ਚ ਪੱਕ ਜਾਂਦੀ ਹੈ। ਇਹ ਕਿਸਮ ਪੀਲ਼ੀ ਤੇ ਭੂਰੀ ਕੁੰਗੀ ਦਾ ਕਾਫ਼ੀ ਹੱਦ ਤੱਕ ਟਾਕਰਾ ਕਰ ਸਕਦੀ ਹੈ। ਇਸ ਦਾ ਔਸਤਨ ਝਾੜ 24.0 ਕੁਇੰਟਲ ਪ੍ਰਤੀ ਏਕੜ ਹੈ।
● ਪੀ ਬੀ ਡਬਲਯੂ 824 (2021): ਇਹ ਕਿਸਮ ਪੱਕਣ ਲਈ ਤਕਰੀਬਨ 156 ਦਿਨ ਲੈਂਦੀ ਹੈ। ਇਹ ਭੂਰੀ ਕੂੰਗੀ ਤੋਂ ਰਹਿਤ ਹੈ ਤੇ ਪੀਲੀ ਕੂੰਗੀ ਦਾ ਟਾਕਰਾ ਕਰਨ ਦੀ ਦਰਮਿਆਨੀ ਸਮਰੱਥਾ ਰੱਖਦੀ ਹੈ। ਇਸ ਦਾ ਔਸਤ ਝਾੜ 23.3 ਕੁਇੰਟਲ ਪ੍ਰਤੀ ਏਕੜ ਹੈ।
● ਸੁਨਹਿਰੀ (ਪੀ ਬੀ ਡਬਲਯੂ 766) (2020): ਇਹ ਕਿਸਮ ਤਕਰੀਬਨ 155 ਦਿਨਾਂ `ਚ ਪੱਕ ਜਾਂਦੀ ਹੈ। ਇਹ ਕਿਸਮ ਪੀਲੀ ਕੁੰਗੀ ਦਾ ਕਾਫ਼ੀ ਹੱਦ ਤੱਕ ਅਤੇ ਭੂਰੀ ਕੁੰਗੀ ਦਾ ਪੂਰੀ ਤਰ੍ਹਾਂ ਟਾਕਰਾ ਕਰਦੀ ਹੈ। ਇਸ ਦਾ ਔਸਤ ਝਾੜ 23.1 ਕੁਇੰਟਲ ਪ੍ਰਤੀ ਏਕੜ ਹੈ।
● ਪੀ ਬੀ ਡਬਲਯੂ 725 (2015): ਇਹ ਕਿਸਮ ਤਕਰੀਬਨ 154 ਦਿਨਾਂ `ਚ ਪੱਕ ਜਾਂਦੀ ਹੈ। ਇਹ ਕਿਸਮ ਪੀਲੀ ਤੇ ਭੂਰੀ ਕੁੰਗੀ ਦਾ ਟਾਕਰਾ ਕਰ ਸਕਦੀ ਹੈ। ਇਸ ਦਾ ਔਸਤ ਝਾੜ 22.9 ਕੁਇੰਟਲ ਪ੍ਰਤੀ ਏਕੜ ਹੈ।
ਕਾਸ਼ਤ ਦੇ ਉੱਨਤ ਢੰਗ:
ਖੇਤ ਦੀ ਤਿਆਰੀ: ਪਿਛਲੀ ਫ਼ਸਲ ਨੂੰ ਕੱਟਣ ਮਗਰੋਂ ਖੇਤ ਨੂੰ ਚੰਗੇ ਤਰੀਕੇ ਨਾਲ ਟਰੈਕਟਰ ਦੀ ਮਦਦ ਨਾਲ ਤਵੀਆਂ ਨਾਲ ਵਾਹਿਆ ਜਾਣਾ ਚਾਹੀਦਾ ਹੈI ਬੀਜ ਬੀਜਣ ਲਈ ਜ਼ਮੀਨ ਪੱਧਰੀ ਕਰਨ ਲਈ ਇਸ ਨੂੰ ਟਰੈਕਟਰ ਨਾਲ ਸੁਹਾਗਾ ਮਾਰ ਕੇ ਖੇਤ ਨੂੰ ਵਾਹੁਣ ਤੋਂ ਬਾਅਦ ਦੋ-ਤਿੰਨ ਵਾਰੀ ਹਲ਼ ਨਾਲ ਵਾਹੁਣਾ ਚਾਹੀਦਾ ਹੈ I
ਬੀਜ ਦੀ ਮਾਤਰਾ: ਰਵਾਇਤੀ ਬਿਜਾਈ ਲਈ ਪੀ ਬੀ ਡਬਲਯੂ 869 ਤੇ ਉੱਨਤ ਪੀ ਬੀ ਡਬਲਯੂ 550 ਕਿਸਮਾਂਦਾ 45 ਕਿਲੋ ਬੀਜ ਪ੍ਰਤੀ ਏਕੜ ਤੇ ਬਾਕੀ ਸਾਰੀਆਂ ਕਿਸਮਾਂ ਲਈ 40 ਕਿਲੋ ਬੀਜ ਪ੍ਰਤੀ ਏਕੜ ਦੀ ਵਰਤੋਂ ਕਰੋ। ਹੈਪੀ ਸੀਡਰ ਨਾਲ ਬਿਜਾਈ ਕਰਨ ਲਈ ਉੱਨਤ ਪੀ ਬੀ ਡਬਲਯੂ 550 ਕਿਸਮ ਦਾ 50 ਕਿਲੋ ਬੀਜ ਤੇ ਬਾਕੀ ਸਾਰੀਆਂ ਕਿਸਮਾਂ ਲਈ 45 ਕਿਲੋ ਬੀਜ ਪ੍ਰਤੀ ਏਕੜ ਦੀ ਵਰਤੋਂ ਕਰੋ।
ਬਿਜਾਈ ਦਾ ਢੰਗ ਤੇ ਫ਼ਾਸਲਾ:
● ਆਮ ਰਵਾਇਤੀ ਬਿਜਾਈ: ਕਣਕ ਦੀ ਬਿਜਾਈ ਬੀਜ-ਖਾਦ ਡਰਿੱਲ ਨਾਲ 4-6 ਸੈਂਟੀਮੀਟਰ ਡੂੰਘੀ ਕਰੋ। ਸਿਆੜਾਂ ਦਰਮਿਆਨ 15 ਤੋਂ 20 ਸੈਂਟੀਮੀਟਰ ਦਾ ਫ਼ਾਸਲਾ ਰੱਖੋ। ਜੇ ਬਿਜਾਈ ਵੇਲੇ ਨਦੀਨ-ਨਾਸ਼ਕਾਂ ਦੀ ਵਰਤੋਂ ਕਰਨੀ ਹੋਵੇ ਤਾਂ ਲੱਕੀ ਸੀਡ ਡਰਿੱਲ ਦੀ ਵਰਤੋਂ ਨੂੰ ਤਰਜੀਹ ਦਿਉ।
● ਹੈਪੀ ਸੀਡਰ ਜਾਂ ਸੁਪਰ ਸੀਡਰ ਜਾਂ ਪੀ ਏ ਯੂ ਸਮਾਰਟ ਸੀਡਰ ਨਾਲ ਬਿਜਾਈ: ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ `ਚ ਕਣਕ ਦੀ ਸਿੱਧੀ ਬਿਜਾਈ ਕਰਨ ਲਈ ‘ਹੈਪੀ ਸੀਡਰ’ ਜਾਂ ‘ਸੁਪਰ ਸੀਡਰ’ ਜਾਂ ‘ਪੀ ਏ ਯੂ ਸਮਾਰਟ ਸੀਡਰ’ ਦੀ ਵਰਤੋਂ ਬੜੀ ਲਾਹੇਵੰਦ ਹੈ ਕਿਉਂਕਿ ਇਸ `ਚ ਪਰਾਲੀ ਸਾੜਨ ਦੀ ਲੋੜ ਨਹੀਂ ਪੈਂਦੀ ਤੇ ਨਦੀਨ ਵੀ ਘੱਟ ਹੁੰਦੇ ਹਨ। ਕਣਕ ਦੀ ਬਿਜਾਈ ਸਮੇਂ ਖੇਤ ਵਿੱਚ ਪੂਰੇ ਵੱਤਰ ਲਈ ਝੋਨੇ ਦੀ ਫ਼ਸਲ ਨੂੰ ਵਾਢੀ ਤੋਂ ਦੋ ਹਫ਼ਤੇ ਪਹਿਲਾਂ ਅਖੀਰਲਾ ਪਾਣੀ ਲਗਾਉ।
ਖਾਦਾਂ:
● ਤੱਤਾਂ ਦੀ ਪੂਰਤੀ ਲਈ ਜੈਵਿਕ, ਜੀਵਾਣੂੰ ਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰੋ।
● ਦਰਮਿਆਨੀਆਂ ਜ਼ਮੀਨਾਂ `ਚ 90 ਕਿਲੋ ਯੂਰੀਆ ਤੇ 55 ਕਿਲੋ ਡੀ ਏ ਪੀ ਦੀ ਵਰਤੋਂ ਕਰੋ।
● ਪੋਟਾਸ਼ ਖਾਦ ਦੀ ਵਰਤੋਂ ਸਿਰਫ਼ ਘਾਟ ਵਾਲੀਆਂ ਜ਼ਮੀਨਾਂ `ਚ ਹੀ ਕਰੋ।
● ਲੋੜ ਮੁਤਾਬਿਕ ਯੂਰੀਆ ਪਾਉਣ ਲਈ ਪੱਤਾ ਰੰਗ ਚਾਰਟ ਜਾਂ ਗਰੀਨ ਸੀਕਰ ਦੀ ਵਰਤੋਂ ਕਰੋ।
● ਘਾਟ ਵਾਲੀਆਂ ਜ਼ਮੀਨਾਂ `ਚ ਮੈਂਗਨੀਜ਼, ਜ਼ਿੰਕ ਤੇ ਗੰਧਕ ਦੀ ਪੂਰਤੀ ਕਰੋ।
● ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਹੋਣ ਵਾਲੇ ਨੁਕਸਾਨ ਤੋਂ ਫ਼ਸਲ ਨੂੰ ਬਚਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ ਜਾਂ ਸੈਲੀਸਲਿਕ ਐਸਿਡ ਦੇ ਸਪਰੇਅ ਸਿਫਾਰਿਸ਼ ਮੁਤਾਬਕ ਕਰੋ।
ਨਦੀਨਾਂ ਦੀ ਰੋਕਥਾਮ: ਨੁਕਸਾਨ ਤੋਂ ਬਚਣ ਲਈ ਇੱਕ ਏਕੜ ਪਿੱਛੇ ਪੈਂਡੀਮੈਥਾਲਿਨ 1 ਲੀਟਰ ਨੂੰ 200 ਲੀਟਰ ਪਾਣੀ `ਚ ਮਿਲਾ ਕੇ ਬੀਜਣ ਤੋਂ 3 ਦਿਨਾਂ ਤੋਂ ਪਹਿਲਾਂ ਜਾਂ ਬਾਅਦ `ਚ ਛਿੜਕਾਅ ਕਰਨਾ ਚਾਹੀਦਾ ਹੈ। ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਲਈ 2,4-D 250 ਮਿ.ਲੀ. ਨੂੰ 150 ਲੀਟਰ ਪਾਣੀ `ਚ ਘੋਲ ਕੇ ਪ੍ਰਯੋਗ ਕਰੋ।
ਨਦੀਨ ਨਾਸ਼ਕਾਂ ਵਰਤੋਂ ਸੰਬੰਧੀ ਧਿਆਨ ਯੋਗ ਗੱਲਾਂ:
● ਛਿੜਕਾਅ ਸਾਫ ਮੌਸਮ `ਚ ਕਰੋ ਤੇ ਇਕਸਾਰ ਕਰੋ।
● ਛਿੜਕਾਅ ਤੋਂ ਬਾਅਦ ਪਾਣੀ ਹਲਕਾ ਲਾਓ ਕਿਉਂਕਿ ਭਰਵਾਂ ਪਾਣੀ ਲਾਉਣ ਨਾਲ ਨਦੀਨ-ਨਾਸ਼ਕ ਦਾ ਅਸਰ ਘੱਟ ਜਾਂਦਾ ਹੈ।
● ਨਦੀਨ ਨਾਸ਼ਕਾਂ ਦੇ ਛਿੜਕਾਅ ਤੋਂ ਬਾਅਦ ਸਪਰੇਅ ਪੰਪ ਨੂੰ ਪਾਣੀ ਨਾਲ ਧੋ ਕੇ ਤੇ ਫਿਰ ਕੱਪੜੇ ਧੋਣ ਵਾਲੇ ਸੋਡੇ ਦੇ 0.5 ਪ੍ਰਤੀਸ਼ਤ ਘੋਲ ਨਾਲ ਚੰਗੀ ਤਰ੍ਹਾਂ ਧੋ ਲੈਣਾ ਚਾਹੀਦਾ ਹੈ।
● ਜਿਹਨਾਂ ਖੇਤਾਂ `ਚ ਰਾਇਆ/ਸਰੋਂ/ਗੋਭੀ ਸਰੋਂ ਕਣਕ ਦੇ ਨਾਲ ਰਲਾ ਕੇ ਬੀਜੀ ਹੋਵੇ ਉਥੇ ਸਿਰਫ ਆਈਸੋਪ੍ਰੋਟਯੂਰਾਨ/ਕਲੋਡੀਨਾਫੌਪ/ਫਿਨੌਕਸਾਪ੍ਰੋਪ ਗਰੁੱਪ ਦੇ ਨਦੀਨ ਨਾਸ਼ਕ ਦੀ ਵਰਤੋਂ ਕਰੋ।
● ਜਿਹਨਾਂ ਖੇਤਾਂ `ਚ ਆਈਸੋਪ੍ਰੋਟਯੂਰਾਨ ਗਰੁੱਪ ਦੇ ਰਸਾਇਣਾਂ ਦੀ ਵਰਤੋਂ ਨਾਲ ਗੁੱਲੀ ਡੰਡਾ ਨਾ ਮਰਦਾ ਹੋਵੇ ਉਥੇ ਇਸ ਰਸਾਇਣ ਦੀ ਵਰਤੋਂ ਨਾ ਕੀਤੀ ਜਾਵੇ।
● ਨਦੀਨ ਉੱਗਣ ਤੋਂ ਪਹਿਲਾਂ ਵਰਤਣ ਵਾਲੇ ਨਦੀਨ ਨਾਸ਼ਕਾਂ ਦੇ ਛਿੜਕਾਅ ਲਈ ਫਲੈਟ ਫੈਨ ਜਾਂ ਫਲੱਡ ਜੈਟ ਨੋਜ਼ਲ ਤੇ ਨਦੀਨ ਉੱਗਣ ਤੋਂ ਬਾਅਦ ਵਰਤਣ ਵਾਲੇ ਨਦੀਨ ਨਾਸ਼ਕਾਂ ਲਈ ਫਲੈਟ ਫੈਨ ਨੋਜ਼ਲ ਨੂੰ ਪਹਿਲ ਦਿਓ।
● ਨਦੀਨਾਂ `ਚ ਰੋਧਣ ਸ਼ਕਤੀ ਪੈਦਾ ਹੋਣ ਤੋਂ ਰੋਕਣ ਲਈ ਨਦੀਨ ਨਾਸ਼ਕਾਂ ਦੀ ਹਰ ਸਾਲ ਅਦਲ-ਬਦਲ ਕੇ ਵਰਤੋਂ ਕਰੋ।
● ਨਦੀਨ ਨਾਸ਼ਕਾਂ ਦੀ ਵਰਤੋਂ ਤੋਂ ਬਾਅਦ ਨਦੀਨਾਂ ਦੇ ਜਿਹੜੇ ਬੂਟੇ ਬਚ ਜਾਂਦੇ ਹਨ ਉਹਨਾਂ ਨੂੰ ਬੀਜ ਬਣਨ ਤੋਂ ਪਹਿਲਾਂ ਪੁੱਟ ਦਿਉ ਤਾਂ ਜੋ ਕਣਕ ਦੀ ਅਗਲੀ ਫ਼ਸਲ `ਚ ਨਦੀਨਾਂ ਦੀ ਸਮੱਸਿਆ ਘਟ ਸਕੇ। ਹਰ ਸਾਲ ਇਸ ਤਰ੍ਹਾਂ ਕਰਨ ਨਾਲ ਨਦੀਨਾਂ ਦੀ ਸਮੱਸਿਆ ਕਾਫ਼ੀ ਹੱਦ ਤੱਕ ਘਟਾਈ ਜਾ ਸਕਦੀ ਹੈ।
ਸਿੰਚਾਈ :
ਕਣਕ ਦੀ ਬਿਜਾਈ 10 ਸੈਂਟੀਮੀਟਰ ਦੀ ਭਰਵੀਂ ਰੌਣੀ ਪਿੱਛੋਂ ਕਰੋ। ਜਦੋਂ ਕਣਕ ਝੋਨੇ ਪਿੱਛੋਂ ਬੀਜਣੀ ਹੋਵੇ ਤਾਂ ਭਰਵੀਂ ਰੌਣੀ ਦੀ ਲੋੜ ਨਹੀਂ। ਪਾਣੀ ਦੀ ਸੁਚੱਜੀ ਵਰਤੋਂ ਵਾਸਤੇ ਭਾਰੀਆਂ ਜ਼ਮੀਨਾਂ `ਚ 8 ਕਿਆਰੇ ਪ੍ਰਤੀ ਏਕੜ ਤੇ ਰੇਤਲੀਆਂ ਜ਼ਮੀਨਾਂ `ਚ 16 ਕਿਆਰੇ ਪ੍ਰਤੀ ਏਕੜ ਬਣਾਉਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ।
ਇਹ ਵੀ ਪੜੋ : ‘ਸਿਆਸਤਦਾਨਾਂ ਵੱਲੋਂ ਵੋਟਾਂ ਲਈ ਕੀਤੀ ਜਾ ਰਹੀ ਗੰਦੀ ਰਾਜਨੀਤੀ, ਪੰਜਾਬ ਨੂੰ ਧਕੇਲ ਰਹੇ ਕਾਲੇ ਹਨੇਰੇ ਵੱਲ’
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h