ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਲਈ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਬਿੱਲ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਗੁਰੂ ਨਾਨਕ ਜਯੰਤੀ ਦੇ ਮੌਕੇ ‘ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ‘ਚ ਇਸ ਸਬੰਧੀ ਐਲਾਨ ਕੀਤਾ। ਪੀਐਮ ਮੋਦੀ ਦੇ ਇਸ ਐਲਾਨ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਅੰਨਦਾਤਾ ਦੇ ਸੱਤਿਆਗ੍ਰਹਿ ਦੀ ਜਿੱਤ ‘ਤੇ ਖੁਸ਼ੀ ਜਤਾਈ।
ਉਨ੍ਹਾਂ ਨੇ ਟਵੀਟ ਕਰਕੇ ਲਿਖਿਆ- ਦੇਸ਼ ਦੇ ਅੰਨਦਾਤਾ ਨੇ ਸੱਤਿਆਗ੍ਰਹਿ ਨਾਲ ਹੰਕਾਰ ਦਾ ਸਿਰ ਝੁਕਾ ਦਿੱਤਾ। ਬੇਇਨਸਾਫ਼ੀ ਵਿਰੁੱਧ ਇਸ ਜਿੱਤ ‘ਤੇ ਵਧਾਈ! ਜੈ ਹਿੰਦ, ਜੈ ਹਿੰਦ ਦੇ ਕਿਸਾਨ! ਦੱਸ ਦੇਈਏ ਕਿ ਸੰਬੋਧਨ ਦੌਰਾਨ ਪੀਐਮ ਮੋਦੀ ਨੇ ਕਿਹਾ, “ਪੰਜ ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿੱਚ, ਮੈਂ ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਛੋਟੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੀ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਦੀ ਰੂਪ ਰੇਖਾ ਦੱਸੀ। ਉਨ੍ਹਾਂ ਕਿਹਾ ਕਿ ਖੇਤੀ ਬਜਟ ਵਿੱਚ ਪੰਜ ਗੁਣਾ ਵਾਧਾ ਕੀਤਾ ਗਿਆ ਹੈ, ਜਿਸ ਵਿੱਚ ਹਰ ਸਾਲ 1.25 ਲੱਖ ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾ ਰਹੇ ਹਨ। ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਲਾਭ ਕਿਸਾਨਾਂ ਦੇ ਇੱਕ ਹਿੱਸੇ ਨੂੰ ਸਮਝਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਸੰਸਦ ਦੇ ਆਉਣ ਵਾਲੇ ਸੈਸ਼ਨ ਵਿੱਚ ਇਸ ਸਬੰਧੀ ਬਿੱਲ ਲਿਆਂਦਾ ਜਾਵੇਗਾ।