ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਸਿਆਸੀ ਮਾਹੌਲ ਵੀ ਗਰਮਾ ਗਿਆ ਅਤੇ ਭਾਜਪਾ ਦੇ ਕਈ ਆਗੂਆਂ ਵੱਲੋਂ ਪੰਜਾਬ ਸਰਕਾਰ ‘ਤੇ ਵੱਖ-ਵੱਖ ਤਰ੍ਹਾਂ ਦੇ ਕਈ ਇਲਜ਼ਾਮ ਵੀ ਲਗਾਏ ਗਏ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਵਰਤੀ ਗਈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਵਿਖੇ ਪੀ.ਐੱਮ. ਸੁਰੱਖਿਆ ਨੂੰ ਲੈ ਕੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਪੀ.ਐੱਮ. ਸੁਰੱਖਿਆ ਨੂੰ ਲੈ ਕੇ ਵੱਡੇ ਇਲਾਜ਼ਮ ਲਗਾਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਰਾਅ, ਸੈਂਟਰਲ ਅਤੇ ਹੋਰ ਕਈ ਤਰ੍ਹਾਂ ਦੀਆਂ ਏਜੰਸੀਆਂ ਲੱਗੀਆਂ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਸੜਕੀ ਮਾਰਗ ‘ਤੇ ਜਾਣ ਦਾ ਕੋਈ ਪ੍ਰੋਗਰਾਮ ਹੀ ਨਹੀਂ ਸੀ ਤਾਂ ਫਿਰ ਰੂਟ ਕਿਵੇਂ ਬਦਲਿਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਰੈਲੀ ਹੋਵੇ ਅਤੇ 70 ਹਜ਼ਾਰ ਕੁਰਸੀਆਂ ਦਾ ਪ੍ਰਬੰਧ ਹੋਵੇ ਪਰ ਬੰਦਾ ਸਿਰਫ 700 ਪਹੁੰਚਿਆ ਹੋਵੇ ਤਾਂ ਇਸ ਗੱਲ ਤੋਂ ਤੁਸੀਂ ਅੰਦਾਜਾ ਲਗਾ ਸਕਦੇ ਹੋ ਕਿ ਪ੍ਰਧਾਨ ਮੰਤਰੀ ਉਸ ਰੈਲੀ ਤੋਂ ਬਚਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਨਾਕਾਮੀ ਨੂੰ ਲੁਕਾਉਣ ਲਈ ਇਹ ਸਿਰਫ ਪੰਜਾਬ ਖ਼ਿਲਾਫ਼ ਇਕ ਸਾਜ਼ਿਸ਼ ਰਚੀ ਗਈ ਹੈ।
ਇਸ ਮੌਕੇ ਨਵਜੋਤ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦਾ ਇੱਕ ਤੋਤਾ ਹੈ ਅਤੇ ਭਾਜਪਾ ਦੇ ਕਹਿਣ ‘ਤੇ ਸੁਰੱਖਿਆ-ਸੁਰੱਖਿਆ ਕਰਦਾ ਰਹਿੰਦਾ ਹੈ।