ਦੇਸ਼ ਵਿੱਚ ਤੇਜ਼ੀ ਨਾਲ ਵਧਦੇ ਕੋਰੋਨਾ ਮਾਮਲਿਆਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਕ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ। ਪੀ.ਐੱਮ. ਮੋਦੀ ਇਸ ਬੈਠਕ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸ਼ਾਮਲ ਹੋਏ। ਇਸ ਸਮੀਖਿਆ ਬੈਠਕ ‘ਚ ਪੀ.ਐੱਮ.ਓ. ਦੇ ਅਧਿਕਾਰੀਆਂ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ, ਕੈਬਨਿਟ ਸਕੱਤਰ ਰਾਜੀਵ ਗਾਬਾ, ਗ੍ਰਹਿ ਸਕੱਤਰ ਅਜੈ ਭੱਲਾ, ਸਿਹਤ ਸਕੱਤਰ ਰਾਜੇਸ਼ ਭੂਸ਼ਣ, ਆਈ.ਸੀ.ਐੱਮ.ਆਰ. ਦੇ ਡੀ.ਜੀ. ਸਮੇਤ ਕਈ ਅਧਿਕਾਰੀ ਮੌਜੂਦ ਰਹੇ।
ਪੀ.ਐੱਮ.ਓ. ਅਨੁਸਾਰ, ਪੀ.ਐੱਮ. ਮੋਦੀ ਨੇ ਮਿਸ਼ਨ ਮੋਡ ਵਿੱਚ ਨਾਬਾਲਗਾਂ ਲਈ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜਿੱਥੇ ਕੋਰੋਨਾ ਦੇ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ, ਉੱਥੇ ਕੰਟਰੋਲ ਅਤੇ ਸਰਗਰਮ ਨਿਗਰਾਨੀ ਜਾਰੀ ਰੱਖੀ ਜਾਵੇ। ਅਜਿਹੇ ਸੂਬਿਆਂ ਨੂੰ ਜਲਦੀ ਤੋਂ ਜਲਦੀ ਲੋੜੀਂਦੀ ਤਕਨੀਕੀ ਸਹਾਇਤਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।
ਕੇਂਦਰੀ ਸਿਹਤ ਮੰਤਰਾਲਾ ਅਨੁਸਾਰ, ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਨਾਲ ਇਨਫੈਕਸ਼ਨ ਦੇ 552 ਨਵੇਂ ਮਾਮਲੇ ਆਉਣ ਤੋਂ ਬਾਅਦ, ਐਤਵਾਰ ਨੂੰ ਦੇਸ਼ ਵਿੱਚ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 3,623 ਹੋ ਗਈ ਹੈ। ਸਵੇਰੇ 8 ਵਜੇ ਮੰਤਰਾਲਾ ਦੇ ਅਪਡੇਟ ਕੀਤੇ ਅੰਕੜਿਆਂ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 1 ਲੱਖ 59 ਹਜ਼ਾਰ 632 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਪਿਛਲੇ 224 ਦਿਨਾਂ ਵਿੱਚ ਸਾਹਮਣੇ ਆਏ ਸਭ ਤੋਂ ਵੱਧ ਰੁਜ਼ਾਨਾ ਮਾਮਲੇ ਹਨ।