ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਤੁਲ ਫੜਦਾ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਬੀਜੇਪੀ ਪੰਜਾਬ ਦੀ ਚੰਨੀ ਸਰਕਾਰ ‘ਤੇ ਹਮਲੇ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸੀ.ਐਮ. ਚੰਨੀ ਸੁਰੱਖਿਆ ‘ਚ ਕੁਤਾਹੀ ਹੋਣ ਤੋਂ ਇਨਕਾਰ ਕਰ ਰਹੇ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਦੇ ਮਾਮਲੇ ਵਿੱਚ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਵਿਸਥਾਰਪੂਰਵਕ ਜਾਣਕਾਰੀ ਲਈ ਹੈ। ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਸੀ.ਐਮ. ਚੰਨੀ ਨਾਲ ਫੋਨ ‘ਤੇ ਗੱਲ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਜੋ ਵੀ ਜ਼ਿੰਮੇਵਾਰ ਹੈ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਸੋਨੀਆ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਹਨ। ਸੀ.ਐਮ. ਚੰਨੀ ਨੇ ਇਸ ਘਟਨਾ ਦੀ ਪੂਰੀ ਜਾਣਕਾਰੀ ਸੋਨੀਆ ਗਾਂਧੀ ਨੂੰ ਵੀ ਦਿੱਤੀ ਅਤੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।