ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਪੰਜਾਬ ਵਿੱਚ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਬਾਰੇ ਆਪਣੀ ਰਾਏ ਦਿੱਤੀ ਹੈ। ਇਸ ਦੌਰਾਨ ਪ੍ਰਿਅੰਕਾ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਫੋਨ ‘ਤੇ ਹੋਈ ਗੱਲਬਾਤ ਬਾਰੇ ਵੀ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ। ਸਾਨੂੰ ਉਨ੍ਹਾਂ ਦੀ ਚਿੰਤਾ ਹੈ ਅਤੇ ਪੂਰਾ ਦੇਸ਼ ਉਸ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮੈਂ ਸੀ.ਐਮ. ਚੰਨੀ ਨੂੰ ਫੋਨ ਕਰਕੇ ਇਸ ਬਾਰੇ ਜਾਣਕਾਰੀ ਹਾਸਲ ਕੀਤੀ ਸੀ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਇਹ ਕਹਿ ਕੇ ਵਿਵਾਦ ਖੜਾ ਕਰ ਦਿੱਤਾ ਸੀ ਕਿ ਉਨ੍ਹਾਂ ਨੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕਮੀ ਦੇ ਮੁੱਦੇ ‘ਤੇ ਜਾਣਕਾਰੀ ਦਿੱਤੀ ਸੀ। ਇਸ ‘ਤੇ ਭਾਜਪਾ ਨੇ ਸਵਾਲ ਖੜ੍ਹਾ ਕੀਤਾ ਸੀ ਕਿ ਸੀ.ਐਮ. ਚੰਨੀ ਨੇ ਕਿਸ ਹੈਸੀਅਤ ਨਾਲ ਪ੍ਰਿਯੰਕਾ ਗਾਂਧੀ ਨੂੰ ਫੋਨ ਕਰਕੇ ਪੀ.ਐੱਮ. ਦੀ ਸੁਰੱਖਿਆ ਦੀ ਜਾਣਕਾਰੀ ਦਿੱਤੀ।
ਸੋਸ਼ਲ ਮੀਡੀਆ ‘ਤੇ ਭਾਜਪਾ ਹੈ ਮਜ਼ਬੂਤ
ਯੂ.ਪੀ. ਚੋਣਾਂ ‘ਚ ਸੋਸ਼ਲ ਮੀਡੀਆ ‘ਤੇ ਚੋਣ ਪ੍ਰਚਾਰ ਕਰਨ ਬਾਰੇ ਪ੍ਰਿਅੰਕਾ ਨੇ ਕਿਹਾ, ਸੋਸ਼ਲ ਮੀਡੀਆ ‘ਤੇ ਭਾਜਪਾ ਦੀ ਮਸ਼ੀਨਰੀ ਬਹੁਤ ਮਜ਼ਬੂਤ ਹੈ। ਉਹ ਲੰਬੇ ਸਮੇਂ ਤੋਂ ਇਸ ‘ਤੇ ਕੰਮ ਕਰ ਰਹੇ ਹਨ। ਮੈਂ ਅਖਿਲੇਸ਼ ਯਾਦਵ ਦੇ ਬਿਆਨ ਨਾਲ ਸਹਿਮਤ ਹਾਂ। ਭਾਜਪਾ ਨੂੰ ਸੋਸ਼ਲ ਮੀਡੀਆ ‘ਤੇ ਪ੍ਰਚਾਰ ਲਈ ਮਦਦ ਮਿਲੇਗੀ।
ਦੱਸ ਦੇਈਏ ਕਿ ਇਸ ਵਾਰ ਚੋਣ ਕਮਿਸ਼ਨ ਨੇ ਕੋਰੋਨਾ ਦੇ ਮੁਸ਼ਕਲ ਹਾਲਾਤਾਂ ਵਿਚਕਾਰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਈ ਨਿਯਮਾਂ ਦੀ ਗੱਲ ਵੀ ਕੀਤੀ ਹੈ। ਜਿਸ ਵਿੱਚ ਚੋਣ ਕਮਿਸ਼ਨ ਨੇ ਚੋਣ ਰੈਲੀਆਂ ‘ਤੇ ਪਾਬੰਦੀ ਲਗਾਉਂਦੇ ਹੋਏ ਵਰਚੁਅਲ ਮਾਧਿਅਮ ਰਾਹੀਂ ਪ੍ਰਚਾਰ ਕਰਨ ਦੀ ਗੱਲ ਕਹੀ ਹੈ। ਅਜਿਹੇ ‘ਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਸਵਾਲ ਖੜ੍ਹੇ ਕੀਤੇ ਹਨ। ਅਖਿਲੇਸ਼ ਯਾਦਵ ਨੇ ਕਿਹਾ ਸੀ ਕਿ ਭਾਜਪਾ ਦੇ ਲੋਕ ਡਿਜੀਟਲ ਪਲੇਟਫਾਰਮ ‘ਤੇ ਕਬਜ਼ਾ ਕਰ ਰਹੇ ਹਨ।