ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਉਤੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਹੈ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਇਸ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ਉਤੇ ਰੱਖਣ ਦੇ ਕੀਤੇ ਐਲਾਨ ਨਾਲ ਸਮੁੱਚੇ ਦੇਸ਼ ਵਿੱਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਤੇ ਹਰੇਕ ਪੰਜਾਬੀ ਲਈ ਸੁਫ਼ਨਾ ਸਾਕਾਰ ਹੋਣ ਦੇ ਬਰਾਬਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਬੰਧੀ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਬਾਰੇ ਸਹਿਮਤੀ ਬਣਾਉਣ ਲਈ ਉਨ੍ਹਾਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਲਈ ਭਾਰਤ ਸਰਕਾਰ ਨੂੰ ਚਿੱਠੀ ਵੀ ਲਿਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਇਸ ਮਹੀਨੇ 28 ਤਰੀਕ ਨੂੰ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਤੋਂ ਪਹਿਲਾਂ ਇਸ ਦਾ ਜ਼ਰੂਰ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕੀਤਾ ਐਲਾਨ ਇਨ੍ਹਾਂ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ ਅਤੇ ਇਹ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਅੰਗਰੇਜ਼ਾਂ ਖ਼ਿਲਾਫ਼ ਲੜਾਈ ਦੌਰਾਨ ਮਾਤ ਭੂਮੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਹੇਠੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕ੍ਰਾਂਤੀਕਾਰੀ ਵੱਲੋਂ ਦੇਖੇ ਸੁਪਨੇ ਮੁਤਾਬਕ ਸਮਾਜ ਦੇ ਹਰੇਕ ਵਰਗ ਦੀ ਭਲਾਈ ਅਤੇ ਪੰਜਾਬ ਨੂੰ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਰਾਹਾਂ ਉਤੇ ਲੈ ਜਾਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।