ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਜੂਨ ਨੂੰ ‘ਖੇਤੀ ਬਚਾਓ-ਸੰਵਿਧਾਨ ਬਚਾਓ’ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਜਥੇਬੰਦੀਆਂ ਵੱਲੋਂ ਚੰਡੀਗੜ੍ਹ ਸਥਿਤ ਰਾਜ ਭਵਨ ਦਾ ਘਿਰਾਉ ਕਰਕੇ ਰਾਸ਼ਟਰਪਤੀ ਦੇ ਨਾਮ ਰੋਸ ਪੱਤਰ ਦੇਣਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਰਾਜ ਭਵਨ ਵੱਲ ਕੂਚ ਕਰਨਗੀਆਂ। ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕਰ ਦਿੱਤੀ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਨਹੀਂ ਕਰਨ ਦਿੱਤਾ ਜਾਵੇਗਾ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਦੇ ਆਗੂ ਦਾ ਕਹਿਣਾ ਹੈ ਕਿ ਉਹ ਸ਼ਾਂਤਮਈ ਰੋਸ ਮਾਰਚ ਕਰਦੇ ਹੋਏ ਰੋਸ ਪੱਤਰ ਦੇਣਗੇ। ਹਰਿਆਣਾ ਦੀ ਕਿਸਾਨ ਜਥੇਬੰਦੀਆਂ ਵੀ ਗੁਰਦੁਆਰਾ ਨਾਢਾ ਸਾਹਿਬ ਵਿਖੇ ਇਕੱਠੀਆਂ ਹੋ ਰਹੀਆਂ ਹਨ। ਉਹ ਪੰਚਕੂਲਾ ਦੀ ਤਰਫੋਂ ਚੰਡੀਗੜ੍ਹ ਸਥਿਤ ਹਰਿਆਣਾ ਰਾਜ ਭਵਨ ਵੱਲ ਕੂਚ ਕਰਨਗੀਆਂ।