ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 11 ਅਕਤੂਬਰ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਣਾ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਵਾਂਗ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
11 ਅਕਤੂਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ, 10 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜੇਗਾ ਨਗਰ ਕੀਰਤਨ#ਸ਼੍ਰੋਮਣੀਕਮੇਟੀਪ੍ਰੈੱਸਨੋਟ #ਪ੍ਰਕਾਸ਼ਪੁਰਬ #ਸ੍ਰੀਗੁਰੂਰਾਮਦਾਸਜੀ https://t.co/MCm1zPSecS pic.twitter.com/htH6TYRswR— Shiromani Gurdwara Parbandhak Committee (SGPC) (@SGPCAmritsar) October 6, 2022
ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਅਤੇ ਸ਼ਹਿਰ ਦੇ ਮਾਰਗਾਂ ਦੀ ਲੋੜੀਂਦੀ ਸਾਫ਼ ਸਫ਼ਾਈ ਅਤੇ ਟ੍ਰੈਫਿਕ ਆਦਿ ਦੇ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਨਗਰ ਨਿਗਮ ਅਤੇ ਸਿਵਲ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਨੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੇ ਆਖਿਆ ਕਿ ਚੌਥੇ ਪਾਤਸ਼ਾਹ ਦੀ ਨਗਰੀ ਸ੍ਰੀ ਅੰਮ੍ਰਿਤਸਰ ਦਾ ਵਸਨੀਕ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਇਹ ਦਿਹਾੜਾ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਦੌਰਾਨ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਨਗਰ ਨਿਗਮ ਆਪਣੇ ਜ਼ੁੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਏਗਾ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। ਏਡੀਸੀਪੀ ਸ੍ਰੀ ਮਹਿਤਾਬ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਤਰਫੋਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਮੇਅਰ ਅਤੇ ਹੋਰ ਅਧਿਕਾਰੀਆਂ ਵੱਲੋਂ ਸਹਿਯੋਗ ਦੇ ਦਿੱਤੇ ਭਰੋਸੇ ਲਈ ਧੰਨਵਾਦ ਕੀਤਾ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰਪੁਰਬ ਸਬੰਧੀ ਸੱਦਾ ਪੱਤਰ ਦਿੱਤਾ।
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 11 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਸਮਾਗਮ ਹੋਣਗੇ।
10 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ
10 ਅਕਤੂਬਰ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਕੀਤਾ ਜਾਵੇਗਾ
ਗੁਰਪੁਰਬ ਵਾਲੇ ਦਿਨ ਯਾਨੀ 11 ਅਕਤੂਬਰ ਨੂੰ ਸਵੇਰੇ 8:30 ਤੋਂ 12:00 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸੱਜਣਗੇ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਦਿਨ ਧਾਰਮਿਕ ਦੀਵਾਨ ਜਾਰੀ ਰਹਿਣਗੇ ਅਤੇ ਵਿਸ਼ੇਸ਼ ਕਵੀ ਸਮਾਗਮ ਵੀ ਹੋਣਗੇ
11 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਬੰਧਤ ਗੁਰਦੁਆਰਾ ਸਾਹਿਬਾਨ ਵਿਖੇ ਦੀਪ ਮਾਲਾ ਹੋਵੇਗੀ ਤੇ ਰਹਰਾਸਿ ਸਾਹਿਬ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਹੋਵੇਗੀ
ਚੌਥੇ ਪਾਤਸ਼ਾਹ ਜੀ ਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਸਤੰਬਰ ਤੋਂ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮਾਂ ਦੀ ਲੜੀ ਚੱਲ ਰਹੀ ਹੈ, ਜੋ 9 ਅਕਤੂਬਰ ਤੱਕ ਜਾਰੀ ਰਹੇਗੀ