ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਪੰਜਾਬ ਦੀ ਵਿੱਤੀ ਸਿਹਤ ਨੂੰ ਮੁੜ ਸੁਰਜੀਤ ਕਰਨ ਵਿੱਚ ਅਸਫ਼ਲ ਰਹਿਣ ਅਤੇ ਸੂਬੇ ‘ਤੇ ਕਰਜ਼ੇ ਦੇ ਬੋਝ ਨੂੰ ਵਧਾਉਣ ਲਈ ਫਟਕਾਰ ਲਾਈ।
ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਸੂਬੇ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੀ ਬਜਾਏ, ਉਨ੍ਹਾਂ ਨੇ ਸੂਬੇ ਦੀ ਆਰਥਿਕਤਾ ਨੂੰ ਇੰਨਾ ਨਾਜ਼ੁਕ ਬਣਾ ਦਿੱਤਾ ਹੈ ਕਿ ਉਹ ਸੂਬੇ ਵਿੱਚ ਜ਼ਰੂਰੀ ਗਤੀਵਿਧੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਹਰ ਸਮੇਂ ਫ਼ੰਡਾਂ ਦੀ ਭੀਖ ਮੰਗ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2022-23 ਦੀ ਤੀਜੀ ਤਿਮਾਹੀ (ਅਕਤੂਬਰ ਤੋਂ ਦਸੰਬਰ) ਵਿੱਚ 14,700 ਕਰੋੜ ਰੁਪਏ ਉਧਾਰ ਲੈਣ ਦੀ ਯੋਜਨਾ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਨੇ ਇਹ ਬਿਆਨ ਦਿੱਤਾ । ਇੱਥੇ ਇਹ ਵੀ ਵਰਨਣਯੋਗ ਹੈ ਕਿ ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕ ਬੋਰਡ ਨੇ ਇਸ ਸਾਲ ਸਤੰਬਰ ਵਿੱਚ ਪੰਜਾਬ ਨੂੰ 150 ਮਿਲੀਅਨ ਅਮਰੀਕੀ ਡਾਲਰ (ਲਗਭਗ 1,200 ਕਰੋੜ ਰੁਪਏ) ਦੇ ਕਰਜ਼ੇ ਨੂੰ ਮਨਜ਼ੂਰੀ ਦਿੱਤੀ ਸੀ ਤਾਂ ਜੋ ਸੂਬੇ ਨੂੰ ਆਪਣੇ ਵਿੱਤੀ ਸਰੋਤਾਂ ਦਾ ਬਿਹਤਰ ਪ੍ਰਬੰਧਨ ਕਰਨ ਅਤੇ ਜਨਤਕ ਸੇਵਾਵਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਵਿੱਚ ਮਦਦ ਕੀਤੀ ਜਾ ਸਕੇ।
ਬਾਜਵਾ ਨੇ ਕਿਹਾ, “ਫਰਵਰੀ 2022 ਵਿਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗਰੰਟੀ ਦਿੱਤੀ ਸੀ ਕਿ ਉਹ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਬੰਦ ਕਰ ਦੇਣਗੇ, ਜਿਸ ਦੇ ਨਤੀਜੇ ਵਜੋਂ 20,000 ਕਰੋੜ ਦਾ ਮਾਲੀਆ ਪੈਦਾ ਹੋਵੇਗਾ ਜਿਸ ਨਾਲ ਲੋਕਾਂ ਨੂੰ ਫ਼ਾਇਦਾ ਹੋਵੇਗਾ। ਉਸ ਨੇ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਇਸੇ ਤਰਾਂ ਦੇ ਹੋਰ ਦਾਅਵੇ ਵੀ ਕੀਤੇ ਸਨ। ਉਨ੍ਹਾਂ ਦੇ ਸਾਰੇ ਵਾਅਦੇ ਅਤੇ ਗਾਰੰਟੀ ਸਪਸ਼ਟ ਤੌਰ ‘ਤੇ ਵਿਅਰਥ ਸਾਬਤ ਹੋਈ ਹੈ ਅਤੇ ਸਿਰਫ਼ ਅੱਠ ਮਹੀਨਿਆਂ ਦੇ ਅਰਸੇ ਵਿੱਚ ਸੂਬੇ ਦੀ ਆਰਥਿਕਤਾ ਡਾਵਾਂਡੋਲ ਹੋ ਗਈ ਹੈ ।
ਸੀਨੀਅਰ ਕਾਂਗਰਸ ਆਗੂ, ਬਾਜਵਾ ਨੇ ਅੱਗੇ ਕਿਹਾ ਕਿ ਇਸ ਦਰ ‘ਤੇ, ‘ਆਪ’ ਸਰਕਾਰ ਆਪਣੇ ਕਾਰਜਕਾਲ ਦੇ ਅੰਤ ਤੱਕ ਸੂਬੇ ‘ਤੇ 2.65 ਲੱਖ ਕਰੋੜ ਦੇ ਕਰਜ਼ੇ ਦਾ ਬੋਝ ਪਾਵੇਗੀ ਜੇਕਰ ਇਹ ਇਸ ਸਮੇਂ ਤੱਕ ਚੱਲੀ। ਹੁਣ ਇਹ ਸਾਬਤ ਹੋ ਗਿਆ ਹੈ ਕਿ ਕੇਜਰੀਵਾਲ ਅਤੇ ਮਾਨ ਨੇ ਬਦਲਾਅ ਦੇ ਨਾਂ ‘ਤੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਹੈ।
ਬਾਜਵਾ ਨੇ ਅੱਗੇ ਕਿਹਾ, “ਸਵੈ-ਪ੍ਰਚਾਰ ‘ਤੇ ਲਾਪਰਵਾਹੀ ਨਾਲ ਕਰੋੜਾਂ ਰੁਪਏ ਖ਼ਰਚਣ, ਕਾਫ਼ਲੇ ਵਿੱਚ ਹੋਰ ਵਾਹਨ ਸ਼ਾਮਲ ਕਰਨ ਅਤੇ ਚੋਣਾਂ ਵਾਲੇ ਸੂਬੇ ਗੁਜਰਾਤ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਬਜਾਏ, ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਵਿੱਤੀ ਸਿਹਤ ਦੀ ਬਿਹਤਰੀ ਲਈ ਗੰਭੀਰ ਕਦਮ ਚੁੱਕਣੇ ਚਾਹੀਦੇ ਹਨ।”
ਕਥਿਤ ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ ਘੁਟਾਲੇ ਬਾਰੇ ਬਾਜਵਾ ਨੇ ਕਿਹਾ ਕਿ ਸਰਕਾਰ ਅਤੇ ਜਾਂਚ ਏਜੰਸੀਆਂ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਸਾਰੇ ਉਮੀਦਵਾਰ ਇਸ ਕਥਿਤ ਧੋਖਾਧੜੀ ਵਿੱਚ ਸ਼ਾਮਲ ਨਹੀਂ ਹਨ। ਇਸ ਲਈ ਇਸ ਪ੍ਰੀਖਿਆ ਦੀ ਤਿਆਰੀ ਲਈ ਰਾਤ-ਰਾਤ ਭਰ ਮਿਹਨਤ ਕਰਨ ਵਾਲੇ ਉਮੀਦਵਾਰਾਂ ਨੂੰ ਬਲੀ ਦਾ ਬੱਕਰਾ ਨਹੀਂ ਬਣਾਇਆ ਜਾਣਾ ਚਾਹੀਦਾ। ਇਸੇ ਲਈ ਪੰਜਾਬ ਕਾਂਗਰਸ ਵੱਲੋਂ ਇਸ ਮਾਮਲੇ ਦੀ ਨਿਆਇਕ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਇਸ ਦੀ ਡੂੰਘਾਈ ਨਾਲ ਜਾਂਚ ਹੋ ਸਕੇ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h