ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ 3 ਦਸੰਬਰ ਨੂੰ 2 ਘੰਟੇ ਲਈ ਪੰਜਾਬ ਦੇ ਸਾਰੇ ਬੱਸ ਸਟੈਂਡ ਅਤੇ ਬੱਸਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਉਹ 7 ਦਸੰਬਰ ਨੂੰ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਸਰਕਾਰ ਵਿਰੁੱਧ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਨਗੇ। ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਇਸ ਬਾਰੇ ਕੋਈ ਫੈਸਲਾ ਨਹੀਂ ਲੈਂਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ 22 ਨਵੰਬਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਕੱਲ੍ਹ ਹੋਈ ਮੀਟਿੰਗ ਵਿੱਚ ਵੀ ਕੋਈ ਫੈਸਲਾ ਨਹੀਂ ਲਿਆ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਅਤੇ ਮੰਤਰੀ ਝੂਠ ਬੋਲ ਕੇ ਸਮਾਂ ਬਤੀਤ ਕਰਨ ਦੀ ਨੀਤੀ ਅਪਣਾ ਰਹੇ ਹਨ, ਜਿਸ ਕਾਰਨ ਹੁਣ ਟਰਾਂਸਪੋਰਟ ਵਿਭਾਗ ਦੇ ਸਮੂਹ ਕੱਚੇ ਮੁਲਾਜ਼ਮ ਸੰਘਰਸ਼ ਦੇ ਰਾਹ ਤੁਰਨ ਲਈ ਮਜਬੂਰ ਹਨ।