Punjab Agriculture Infrastructure Fund: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏਆਈਐਫ ਸਕੀਮ ਪੰਜਾਬ ਦੀ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਈ ਹੈ ਜਿਸ ਨਾਲ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਵਿਕਾਸ ਹੋਇਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਦੱਸਿਆ ਕਿ ਜੁਲਾਈ ਮਹੀਨੇ ਤੱਕ ਸੂਬੇ ਭਰ ਵਿੱਚੋਂ ਇਸ ਸਕੀਮ ਤਹਿਤ ਕੁੱਲ 8411 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜੋ ਖੇਤੀ ਆਧਾਰਤ ਵੱਖ-ਵੱਖ ਪ੍ਰਾਜੈਕਟ ਸਥਾਪਤ ਕਰਨ ਵਿੱਚ ਨਿਵੇਸ਼ ਲਈ ਖੇਤੀਬਾੜੀ ਨਾਲ ਸਬੰਧਤ ਲੋਕਾਂ ਅਤੇ ਕਿਸਾਨਾਂ ਦੀ ਡੂੰਘੀ ਦਿਲਚਸਪੀ ਅਤੇ ਉਤਸ਼ਾਹ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 4579 ਕਰੋੜ ਰੁਪਏ ਬਣਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਏ.ਆਈ.ਐਫ ਸਕੀਮ ਲਈ ਸੂਬੇ ਦੀ ਨੋਡਲ ਏਜੰਸੀ ਹੈ, ਜੋ ਬਿਨੈਕਾਰਾਂ ਨੂੰ ਸਹਾਇਤਾ ਅਤੇ ਸੇਧ ਪ੍ਰਦਾਨ ਕਰਕੇ ਇਸ ਪ੍ਰਗਤੀ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ।
ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਨੇ 2481 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਲਈ ਅਪਲਾਈ ਕੀਤਾ ਹੈ ਜਿਸ ਵਿੱਚੋਂ ਹੁਣ ਤੱਕ 4745 ਯੋਗ ਪ੍ਰਾਜੈਕਟਾਂ ਲਈ 1395 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ 980 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਯਕੀਨਨ ਕਿਸਾਨਾਂ ਅਤੇ ਉੱਦਮੀਆਂ ਨੂੰ ਆਪਣੀਆਂ ਖੇਤੀਬਾੜੀ ਸਬੰਧੀ ਪਹਿਲਕਦਮੀਆਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂਕਰਨ ਅਤੇ ਸਮੁੱਚੀ ਉਤਪਾਦਕਤਾ ਨੂੰ ਵਧਾਉਣ ਲਈ ਵਧੇਰੇ ਸਹਾਈ ਸਿੱਧ ਹੋਵੇਗੀ।
Horticulture Minister Chetan Singh @Jouramajra said that the state has witnessed remarkable growth in Agriculture Infrastructure Fund (AIF) during the month of July. He said it registered 117% increase during first quarter as compared to the previous financial year. pic.twitter.com/C7AH4igDhW
— Government of Punjab (@PunjabGovtIndia) August 1, 2023
ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਇਸ ਸਕੀਮ ਦਾ ਪਸਾਰ ਟਿਕਾਊ ਖੇਤੀਬਾੜੀ ਵਿਕਾਸ ਅਤੇ ਕਿਸਾਨਾਂ ਨੂੰ ਸਮਰੱਥ ਬਣਾਉਣ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ।
ਮੰਤਰੀ ਨੇ ਦੱਸਿਆ ਕਿ ਏਆਈਐਫ ਸਕੀਮ ਤਹਿਤ ਪੰਜਾਬ ਨੇ ਇਸ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੌਰਾਨ ਵੀ ਵਧੀਆ ਪ੍ਰਦਰਸ਼ਨ ਕਰਦਿਆਂ 117 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਬੀਤੇ ਵਿੱਤੀ ਸਾਲ ਦੀਆਂ 3480 ਅਰਜ਼ੀਆਂ ਦੇ ਮੁਕਾਬਲੇ ਇਸ ਪਹਿਲੀ ਤਿਮਾਹੀ ਤੱਕ 7547 ਅਰਜ਼ੀਆਂ ਪ੍ਰਾਪਤ ਹੋਈਆਂ। ਇਨ੍ਹਾਂ ਅਰਜ਼ੀਆਂ ਦੀ ਨਿਵੇਸ਼ ਰਾਸ਼ੀ 4038.08 ਕਰੋੜ ਬਣਦੀ ਸੀ, ਜੋ ਬੀਤੇ ਵਿੱਤੀ ਸਾਲ ਦੀ 2876.98 ਕਰੋੜ ਰਾਸ਼ੀ ਦੇ ਮੁਕਾਬਲੇ 40.36 ਫ਼ੀਸਦੀ ਵਾਧਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਤਿਮਾਹੀ ਦੌਰਾਨ 3837 ਯੋਗ ਪ੍ਰਾਜੈਕਟਾਂ ਲਈ 1113.46 ਕਰੋੜ ਦੀ ਰਾਸ਼ੀ 30 ਜੂਨ ਤੱਕ ਮਨਜ਼ੂਰ ਕੀਤੀ ਗਈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੀਮ ਸਬੰਧੀ ਵਿਭਾਗ ਵੱਲੋਂ ਸੂਬੇ ਵਿੱਚ ਖ਼ਾਸਕਰ ਸਰਹੱਦੀ ਜ਼ਿਲ੍ਹਿਆਂ ਵਿਚ ਵਿਸ਼ੇਸ਼ ਪ੍ਰਚਾਰ ਮੁਹਿੰਮ ਅਰੰਭੀ ਗਈ ਹੈ। ਇਸ ਸਕੀਮ ਤਹਿਤ ਕਿਸਾਨ ਸਮੂਹਾਂ ਨੂੰ ਜਾਗਰੂਕ ਕਰਕੇ ਵੱਧ ਤੋਂ ਵੱਧ ਸਮੂਹਾਂ ਨੂੰ ਜੋੜਿਆ ਜਾ ਰਿਹਾ ਹੈ ਅਤੇ ਸਾਂਝੀ ਖੇਤੀ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ।
ਏਆਈਐਫ ਸਕੀਮ ਤਹਿਤ ਕਿਸਾਨ ਸਥਾਪਤ ਕਰ ਸਕਦੇ ਹਨ ਖੇਤੀਬਾੜੀ ਨਾਲ ਜੁੜੇ ਕਈ ਪ੍ਰਾਜੈਕਟ
ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਲਾਭਪਾਤਰੀ ਵੱਖ-ਵੱਖ ਪ੍ਰਾਜੈਕਟਾਂ ਲਈ ਇਸ ਸਕੀਮ ਦਾ ਲਾਭ ਲੈ ਸਕਦੇ ਹਨ, ਜਿਨ੍ਹਾਂ ਵਿੱਚ ਸਟੋਰੇਜ ਸਟ੍ਰਕਚਰ, ਛਟਾਈ, ਗਰੇਡਿੰਗ, ਵੈਕਸਿੰਗ ਯੂਨਿਟ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ (ਆਟਾ ਚੱਕੀ, ਤੇਲ ਦੇ ਕੋਲਹੂ, ਦਾਲ ਮਿੱਲ), ਰਾਈਪਨਿੰਗ ਚੈਂਬਰ, ਪੈਕਹਾਊਸ, ਫ਼ਸਲ ਰਹਿੰਦ-ਖੂੰਹਦ ਪ੍ਰਬੰਧਨ ਯੂਨਿਟ/ਮਸ਼ੀਨਾਂ, ਸੋਲਰ ਪੰਪ, ਬਾਇਉਗੈਸ ਪਲਾਂਟ, ਸਮਾਰਟ ਅਤੇ ਪ੍ਰੀਸੀਸ਼ਨ ਐਗਰੀਕਲਚਰ, ਫਾਰਮ ਅਤੇ ਵਾਢੀ ਆਟੋਮੇਸ਼ਨ, ਇਨਪੁਟ ਉਤਪਾਦਨ (ਬੀਜ/ਟਿਸ਼ੂ ਕਲਚਰ/ਨਰਸਰੀ/ ਖਾਦ), ਸਪਲਾਈ ਚੇਨ ਬੁਨਿਆਦੀ ਢਾਂਚਾ, ਸ਼ਹਿਦ ਪ੍ਰੋਸੈਸਿੰਗ, ਰੇਸ਼ਮ ਦੀ ਖੇਤੀ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਕੁਝ ਪ੍ਰਾਜੈਕਟ ਕਿਸਾਨ ਸਮੂਹਾਂ ਤੱਕ ਸੀਮਿਤ ਹਨ ਜਿਵੇਂ ਕਿ ਪੌਲੀਹਾਊਸ/ਗ੍ਰੀਨਹਾਊਸ, ਵਰਟੀਕਲ ਫਾਰਮਿੰਗ, ਹਾਈਡ੍ਰੋਪੋਨਿਕਸ/ਐਰੋਪੋਨਿਕਸ, ਮਸ਼ਰੂਮ ਦੀ ਖੇਤੀ, ਲੌਜਿਸਟਿਕ ਸੁਵਿਧਾਵਾਂ ਅਤੇ ਟਰੈਕਟਰ ਆਦਿ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਯੋਗ ਪ੍ਰਾਜੈਕਟਾਂ ‘ਤੇ ਸੋਲਰ ਪੈਨਲ ਵੀ ਲੁਆ ਸਕਦੇ ਹਨ। ਇਸ ਸਕੀਮ ਅਧੀਨ ਕਰਜ਼ਾ ਲੈਣ ਲਈ ਘੱਟੋ-ਘੱਟ 10 ਫ਼ੀਸਦੀ ਰਕਮ ਲਾਭਪਾਤਰੀ ਦਾ ਯੋਗਦਾਨ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 2 ਕਰੋੜ ਦੇ ਕਰਜ਼ੇ ਤੱਕ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਮਿਲ ਸਕਦਾ ਹੈ ਅਤੇ ਵਿਆਜ ਦਰ ‘ਤੇ 9 ਫੀਸਦੀ ਦੀ ਲਿਮਿਟ ਰੱਖੀ ਗਈ ਹੈ। ਕਰੈਡਿਟ ਗਾਰੰਟੀ ਫੀਸ ਵੀ ਸਰਕਾਰ ਵਲੋਂ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਰ ਲਾਭਪਾਤਰੀ 25 ਪ੍ਰਾਜੈਕਟ ਸਥਾਪਿਤ ਕਰ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h