Punjba Paddy: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹਾਂ ਕਾਰਨ ਤਬਾਹ ਹੋਏ ਝੋਨੇ ਦੀ ਮੁੜ ਬਿਜਾਈ ਲਈ ਸੰਗਰੂਰ ਜ਼ਿਲ੍ਹੇ ਵਿੱਚ ਪਨੀਰੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵਿਖੇ ਕਿਸਾਨਾਂ ਅਤੇ ਪ੍ਰਾਈਵੇਟ ਬੀਜ ਉਤਪਾਦਕਾਂ ਦੀ ਇੱਕਤਰਤਾ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਹੜ੍ਹਾਂ ਵਰਗੀ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਪ੍ਰਭਾਵਿਤ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਸਹਾਇਤਾ ਲਈ ਪਨੀਰੀ ਦਾ ਪ੍ਰਬੰਧ ਕਰਨ ਤੋਂ ਲੈ ਕੇ ਮੁੜ ਵਸੇਬੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੜ੍ਹਾਂ ਕਾਰਨ ਪੰਜਾਬ ਵਿੱਚ ਬਹੁਤ ਵੱਡੇ ਪੱਧਰ ਦਾ ਨੁਕਸਾਨ ਹੋਇਆ ਹੈ| ਜਿਸ ਦੀ ਪੂਰਤੀ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਯਤਨ ਕਰਕੇ ਲੋਕਾਂ ਦਾ ਦੁੱਖ ਵੰਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਬੀਜ ਨਿਗਮ (ਪਨਸੀਡ), ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਪਨੀਰੀ ਦੀ ਬਿਜਾਈ ਤੋਂ ਲੈ ਕੇ ਬੀਜ ਮੁਫ਼ਤ ਵੰਡਣ ਤੱਕ ਹਰ ਲੋੜੀਂਦਾ ਯਤਨ ਕੀਤਾ ਜਾ ਰਿਹਾ ਹੈ.
ਖੇਤੀਬਾੜੀ ਮਤੰਰੀ ਨੇ ਕਿਹਾ ਕਿ ਪੀਆਰ 126 ਤੇ ਬਾਸਮਤੀ 1509 ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਮੁਤਾਬਕ ਇਨ੍ਹਾਂ ਕਿਸਮਾਂ ਦੀ ਲਵਾਈ 10-15 ਅਗਸਤ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਦਦ ਲਈ ਬੀਜ ਤਿਆਰ ਕਰਨ ਵਾਲੇ ਬੀਜ ਉਤਪਾਦਕਾਂ ਤੋਂ ਲੈ ਕੇ ਆਮ ਲੋਕਾਂ ਤੱਕ ਹਰ ਕੋਈ ਅੱਗੇ ਆ ਰਿਹਾ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਵੀਕੇ, ਖੇੜੀ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 20 ਏਕੜ ਵਿੱਚ ਪੀ ਆਰ 126 ਤੇ ਪੂਸਾ ਬਾਸਮਤੀ 1509 ਦੀ ਪਨੀਰੀ ਬੀਜਣ ਦੀ ਸ਼ੁਰੂਆਤ ਵੀ ਕਰਵਾਈ। ਉਨ੍ਹਾਂ ਨੇ ਇਸ ਦੌਰਾਨ ਪੀ.ਆਰ. 126 ਕਿਸਮ ਦੀ ਪਨੀਰੀ ਦੀ ਬਿਜਾਈ ਤੋਂ ਲੈ ਕੇ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ| ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤਕਰੀਬਨ 2.5 ਲੱਖ ਏਕੜ ਰਕਬੇ ਉੱਪਰ ਮੁੜ ਝੋਨੇ ਦੀ ਫ਼ਸਲ ਦੀ ਬਿਜਾਈ ਦਾ ਟੀਚਾ ਮਿੱਥਿਆ ਗਿਆ ਹੈ।
ਪੰਜਾਬ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨੁਕਸਾਨ ਇਸ ਤੋਂ ਵੀ ਵੱਧ ਹੋਣ ਦਾ ਖ਼ਦਸ਼ਾ ਹੈ ਅਤੇ ਬਰਸਾਤਾਂ ਦਾ ਸਮਾਂ ਹੋਣ ਕਾਰਨ ਖੇਤ ਸਮੇਂ ਸਿਰ ਤਿਆਰ ਨਾ ਹੋਣ ਕਾਰਣ ਪੂਰੇ ਦੇ ਪੂਰੇ ਰਕਬੇ ਉੱਪਰ ਮੁੜ ਬਿਜਾਈ ਨਹੀਂ ਕੀਤੀ ਜਾ ਸਕਦੀ।
ਝੋਨੇ ਦੀ ਨਵੀਂ ਪਨੀਰੀ ਬੀਜਣ ਲਈ ਪੀਆਰ 126 ਤੇ ਪੂਸਾ ਬਾਸਮਤੀ 1509- ਖੇਤੀਬਾੜੀ ਯੂਨੀਵਰਸਿਟੀ ਵਾਈਸ ਚਾਂਸਲਰ
ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਝੋਨੇ ਦੀ ਨਵੀਂ ਪਨੀਰੀ ਬੀਜਣ ਲਈ ਘੱਟ ਸਮੇਂ ਦੀਆਂ ਕਿਸਮਾਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਹੀ ਢੁਕਵੀਆਂ ਹਨ। ਜਿਨ੍ਹਾਂ ਦੀ ਚੰਗੀ ਦੇਖਭਾਲ ਕਰਕੇ 22-25 ਦਿਨਾਂ ਵਿੱਚ ਪਨੀਰੀ ਤਿਆਰ ਕਰਕੇ 15 ਅਗਸਤ ਤੋਂ ਪਹਿਲਾਂ ਲਗਾਈ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਈਵੇਟ ਬੀਜ ਉਤਪਾਦਕਾਂ ਨੂੰ ਵੀ ਇਨ੍ਹਾਂ ਦੋਵੇਂ ਕਿਸਮਾਂ ਦਾ ਬੀਜ ਹੀ ਕਿਸਾਨਾਂ ਨੂੰ ਸਿਫ਼ਾਰਸ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਝੋਨੇ ਤੋਂ ਬਾਅਦ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਬੀਜਣ ਲਈ ਨਵੀਂ ਵਿਕਸਤ ਕੀਤੀ ਮਲਚਿੰਗ ਵਿਧੀ ਬਾਰੇ ਵੀ ਵਿਸਤਾਰਪੂਰਵਕ ਚਾਨਣਾ ਪਾਇਆ।
ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੱਖ-ਵੱਖ ਫਸਲਾਂ ਦੀ ਬਿਜਾਈ ਬਾਰੇ ਤਕਨੀਕੀ ਸਹਾਇਤਾ ਦੇਣ ਲਈ ਯੂਨੀਵਰਸਿਟੀ ਹਰ ਵੇਲੇ ਤਿਆਰ ਹੈ। ਪੀਏਯੂ ਵਲੋਂ ਆਪਣੇ ਕ੍ਰਿਸ਼ੀ ਵਿਗਿਆਨ ਕੇਂਦਰਾਂ, ਖੇਤਰੀ ਖੋਜ ਕੇਂਦਰਾਂ ਅਤੇ ਬੀਜ ਫਾਰਮਾਂ ‘ਤੇ ਵੀ ਕਿਸਾਨਾਂ ਨੂੰ ਦੇਣ ਲਈ ਝੋਨੇ ਦੀ ਕੁਝ ਪਨੀਰੀ ਤਿਆਰ ਕਰਵਾਈ ਜਾ ਰਹੀ ਹੈ।
ਮਹਿੰਦਰ ਸਿੰਘ ਸਿੱਧੂ, ਚੇਅਰਮੈਨ, ਪੰਜਾਬ ਰਾਜ ਬੀਜ ਨਿਗਮ, ਮੋਹਾਲੀ ਅਤੇ ਡਾ. ਬੂਟਾ ਸਿੰਘ ਰੋਮਾਣਾ, ਜਨਰਲ ਮੈਨੇਜਰ ਪੰਜਾਬ ਰਾਜ ਬੀਜ ਨਿਗਮ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਪੀ ਆਰ 126 ਅਤੇ ਪੂਸਾ ਬਾਸਮਤੀ 1509 ਦੇ ਬੀਜ ਮੁਹੱਈਆ ਕਰਵਾਉਣ ਅਤੇ ਪਨੀਰੀ ਤਿਆਰ ਕਰਨ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ| ਉਨ੍ਹਾਂ ਦੱਸਿਆ ਕਿ ਝੋਨੇ ਤੋਂ ਇਲਾਵਾ ਮੱਕੀ, ਬਾਜਰਾ ਅਤੇ ਮੂੰਗੀ ਦਾ ਬੀਜ ਮੁਹੱਈਆ ਕਰਵਾਉਣ ਦੇ ਯਤਨ ਵੀ ਕੀਤੇ ਜਾਣਗੇ।
ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਖੇਤੀਬਾੜੀ ਨਾਲ ਸਬੰਧਤ ਸਮੂਹ ਵਿਭਾਗਾਂ ਅਤੇ ਬੀਜ ਉਤਪਾਦਕਾਂ ਨੂੰ ਰਲ-ਮਿਲ ਕੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਲਈ ਆਖਿਆ ਅਤੇ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਐਸੋਸੀਏਟ ਡਾਇਰੈਕਟਰ ਕੇਵੀਕੇ ਖੇੜੀ ਡਾ. ਮਨਦੀਪ ਸਿੰਘ, ਚੇਅਰਮੈਨ ਇੰਪਰੂਵਮੈਂਟ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ, ਐਸ.ਡੀ.ਐਮ. ਨਵਰੀਤ ਕੌਰ ਸੇਖੋਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ, ਡਿਪਟੀ ਡਾਇਰੈਕਟਰ ਮੱਛੀ ਪਾਲਣ ਰਾਕੇਸ਼ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੁਖਵਿੰਦਰ ਸਿੰਘ, ਚੇਅਰਮੈਨ ਮੁਕੇਸ਼ ਜੁਨੇਜਾ, ਵਿੱਤ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਤੇ ਬੀਜ ਉਤਪਾਦਕ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h