Punjab Agriculture Minister: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਲੰਬੀ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਸਰਕਾਰ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ l ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣੇ ਹਲਕੇ ਵਿਚ ਹੜ੍ਹਾਂ ਦੀ ਰੋਕਥਾਮ ਸਬੰਧੀ ਉਪਾਅ ਕਰਨ ਲਈ ਹਦਾਇਤ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਹਾਲੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁਦਰਤ ਦੀ ਮਿਹਰ ਰਹੀ ਹੈ ਅਤੇ ਕਿਤੇ ਵੀ ਕੋਈ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਜਿਆਦਾਤਰ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਹੋ ਚੁੱਕਾ ਹੈ ਤੇ ਜਿੱਥੇ ਇਹ ਕੰਮ ਬਕਾਇਆ ਹੈ ਉਥੇ ਇਹ ਕੰਮ ਜਲਦ ਤੋਂ ਜਲਦ ਪੂਰਾ ਕਰਨ ਦੀ ਹਦਾਇਤ ਵਿਭਾਗ ਨੂੰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕੰਮ ਵਿਚ ਕੋਈ ਵੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ।
ਇਸ ਦੌਰਾਨ ਪਿੰਡ ਦਿਓਣ ਖੇੜਾ ਵਿਚ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਸਹਾਇਕ ਕਿੱਤੇ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਖੇਤੀ ਤੇ ਨਿਰਭਰ ਹੈ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਹੋਰ ਕਿੱਤਿਆਂ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਰਾਜ ਵਿਚ ਮੱਛੀ ਪਾਲਣ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ। ਇਸੇ ਤਰਾਂ ਦੱਖਣੀ ਪੱਛਮੀ ਜ਼ਿਲ੍ਹਿਆਂ ਵਿਚ ਝੀਂਗਾਂ ਪਾਲਣ ਵਿਚ ਵੱਡੀਆਂ ਸੰਭਾਵਨਾਵਾਂ ਹਨ।
ਇਸੇ ਤਰ੍ਹਾਂ ਸਰਕਾਰ ਵੱਲੋਂ ਡੇਅਰੀ ਫਾਰਮਿੰਗ ਨੂੰ ਉਤਸਾਹਿਤ ਕਰਨ ਹਿੱਤ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਤੋਂ ਬਿਨ੍ਹਾਂ ਇੰਨ੍ਹਾਂ ਸਹਾਇਕ ਕਿੱਤਿਆਂ ਨੂੰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਸੰਦਾਂ ਤੇ ਦਿੱਤੀ ਜਾ ਰਹੀ ਸਬਸਿਡੀ ਸਕੀਮ ਦਾ ਲਾਭ ਲੈਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਕਿਸਾਨ ਇਸ ਲਈ 20 ਜ਼ੁਲਾਈ ਤੱਕ ਆਨਲਾਈਨ ਅਰਜੀਆਂ ਦੇ ਸਕਦੇ ਹਨ।
ਇਸ ਮੌਕੇ ਉਨ੍ਹਾਂ ਨੇ ਮਨੀਆਂਵਾਲਾ ਵਿਚ ਸੇਮ ਨਾਲੇ ਤੇ ਸਫਾਈ ਦੇ ਚੱਲ ਰਹੇ ਕੰਮ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ ਅਤੇ ਪਿੰਡਾਂ ਵਾਸੀਆਂ ਦੀਆਂ ਮੁਸਕਿਲਾਂ ਵੀ ਸੁਣੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਧੀਰ ਸਿੰਘ ਧੀਰਾ ਖੁੱਡੀਆ, ਗੁਰਬਾਜ ਸਿੰਘ ਵਣਵਾਲਾ, ਸੁਖਾ ਗੁਰੂਸਰ, ਕੁਲਵਿੰਦਰ ਸਿੰਘ ਮਨੀਆਂਵਾਲਾ, ਗੁਰਵਿੰਦਰ ਸਿੰਘ ਪੱਪਾ, ਕਾਲਾ ਭੀਟੀਵਾਲਾ, ਇਕਬਾਲ ਸਿੰਘ ਸਰਪੰਚ ਆਂਧਨੀਆ, ਸੁਰਜੀਤ ਸਿੰਘ ਮਿੱਡਾ, ਸ਼ਮਸ਼ੇਰ ਸਿੰਘ ਰਾਣੀਵਾਲਾ, ਗੁਰਜੀਤ ਸਿੰਘ ਆਲਮਵਾਲਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h