Azadi Ka Mahautsav: ਪੰਜਾਬ ਮੰਤਰੀ ਮੰਡਲ ਨੇ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਜੋਂ ਮਨਾਉਣ ਲਈ ਦੂਜੇ ਪੜਾਅ ਵਿੱਚ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਲਈ ਵਿਸ਼ੇਸ਼ ਮੁਆਫ਼ੀ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸੇ ਤਰ੍ਹਾਂ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਉਮਰ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਸਬੰਧੀ ਕੇਸ ਭੇਜਣ ਲਈ ਵੀ ਹਰੀ ਝੰਡੀ ਦੇ ਦਿੱਤੀ ਗਈ। ਭਾਰਤ ਦੇ ਸੰਵਿਧਾਨ ਦੀ ਧਾਰਾ 163 ਅਧੀਨ ਮੰਤਰੀ ਮੰਡਲ ਦੀ ਮਨਜ਼ੂਰੀ ਉਪਰੰਤ, ਇਹ ਵਿਸ਼ੇਸ਼ ਮੁਆਫ਼ੀ/ਸਮੇਂ ਤੋਂ ਪਹਿਲਾਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਤਹਿਤ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।
ਪੰਜਾਬ ਰਾਜ ਚੋਣ ਕਮਿਸ਼ਨਰ ਨਿਯੁਕਤ ਕਰਨ ਦੀ ਪ੍ਰਵਾਨਗੀ
ਸੂਬੇ ਵਿੱਚ ਸ਼ਹਿਰੀ ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਚੋਣਾਂ/ਜ਼ਿਮਨੀ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨਰ ਵਜੋਂ ਇੱਕ ਯੋਗ ਅਧਿਕਾਰੀ ਦੀ ਨਿਯੁਕਤੀ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਪੀਪੀਐਸਸੀ ਰੈਗੂਲੇਸ਼ਨ ਵਿੱਚ ਸੋਧ ਲਈ ਅਮਲ ਉਪਰੰਤ ਪ੍ਰਵਾਨਗੀ
ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ, ਪੰਜਾਬ ਮੰਤਰੀ ਮੰਡਲ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਲੀਮੀਟੇਸ਼ਨ ਆਫ਼ ਫੰਕਸ਼ਨਸ) ਰੈਗੂਲੇਸ਼ਨਜ਼, 1955 ਦੇ ਭਾਗ-2-ਬੀ ਵਿੱਚ ਸੋਧ ਕਰਨ ਲਈ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।
ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਗਰੁੱਪ-ਸੀ ਨਿਯਮਾਂ ਨੂੰ ਮਨਜ਼ੂਰੀ
ਸੂਬੇ ਵਿੱਚ ਫੋਰੈਂਸਿਕ ਸਾਇੰਸ ਲੈਬਾਰਟਰੀਆਂ ਨੂੰ ਮਜ਼ਬੂਤ ਕਰਕੇ ਜਾਂਚ ਕਰਨ ਦੇ ਨਾਲ-ਨਾਲ ਸਬੂਤਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਮੰਤਰੀ ਮੰਡਲ ਨੇ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਗਰੁੱਪ-ਸੀ ਨਿਯਮ-2023 ਦੀ ਭਰਤੀ/ਨਿਯੁਕਤੀ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਦੇ ਸਟਾਫ਼ ਦੀਆਂ ਸੇਵਾ ਸਬੰਧੀ ਸ਼ਰਤਾਂ ਨੂੰ ਨਿਯੰਤਰਿਤ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਮੇਂ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਇੱਕ ਫੋਰੈਂਸਿਕ ਸਾਇੰਸ ਲੈਬਾਰਟਰੀ ਅਤੇ ਤਿੰਨ ਖੇਤਰੀ ਫੋਰੈਂਸਿਕ ਲੈਬਾਰਟਰੀਆਂ ਬਠਿੰਡਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿਖੇ ਕੰਮ ਕਰ ਰਹੀਆਂ ਹਨ।
ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰਨ ਲਈ 74.75 ਕਰੋੜ ਰੁਪਏ ਦਾ ਭੁਗਤਾਨ ਕਰਨ ਦੇ ਪ੍ਰਸਤਾਵ ਦਾ ਸਮਰਥਨ
ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਬਾਕੀ ਰਹਿੰਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਸਬੰਧਤ ਕਾਰਜਕਾਰੀ ਏਜੰਸੀ ਨੂੰ ਕੁੱਲ 74.75 ਕਰੋੜ ਰੁਪਏ ਦੀ ਅਦਾਇਗੀ ਕਰਨ ਦੀ ਤਜਵੀਜ਼ ਦਾ ਸਮਰਥਨ ਕੀਤਾ ਹੈ। ਇਸ ਫੈਸਲੇ ਅਨੁਸਾਰ ਏਜੰਸੀ ਨੂੰ 74.75 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾਵੇਗਾ ਅਤੇ ਏਜੰਸੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਰਜ ਤਿੰਨੋਂ ਕੇਸ ਵਾਪਸ ਲੈ ਲਵੇਗੀ।
ਉਪਰੋਕਤ ਫੈਸਲੇ ਨੂੰ ਲਾਗੂ ਕਰਨ ਨਾਲ ਸ਼ਾਹਪੁਰ ਕੰਢੀ ਡੈਮ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ, ਜਿਸ ਨਾਲ ਸਾਲਾਨਾ 58 ਕਰੋੜ ਰੁਪਏ ਦਾ ਸਿੱਧਾ ਵਿੱਤੀ ਲਾਭ ਹੋਵੇਗਾ ਅਤੇ ਪਾਕਿਸਤਾਨ ਨੂੰ ਜਾ ਰਹੇ ਪਾਣੀ ਦੀ ਵਰਤੋਂ ਭਾਰਤ ਵਿੱਚ ਖਾਸ ਕਰਕੇ ਪੰਜਾਬ ਸੂਬੇ ਵਿੱਚ ਕੀਤੀ ਜਾਵੇਗੀ। ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਮੁਕੰਮਲ ਹੋਣ ਉਪਰੰਤ, ਪੰਜਾਬ ਵਿੱਚ 5000 ਹੈਕਟੇਅਰ ਅਤੇ 32173 ਹੈਕਟੇਅਰ ਦੀ ਸਿੰਜਾਈ ਸਮਰੱਥਾ ਹੋ ਜਾਵੇਗੀ ਅਤੇ 206 ਮੈਗਾਵਾਟ ਸਥਾਪਿਤ ਸਮਰੱਥਾ ਦੇ ਦੋ ਪਾਵਰ ਹਾਊਸਾਂ ਨਾਲ 1042 ਐਮ.ਯੂ. ਪਣ ਬਿਜਲੀ ਪ੍ਰਤੀ ਸਾਲ ਪੈਦਾ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h