ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਅਨਾਜ ਮੰਡੀਆਂ ਚੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਦੱਸ ਦਈਏ ਕਿ ਪੰਜਾਬ ਸੀਐਮ ਨੇ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬਗੈਰ ਕਿਸੇ ਦੇਰੀ ਦੇ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਕੀਤੀ ਜਾਵੇ।
ਨਾਲ ਹੀ ਭਗਵੰਤ ਮਾਨ ਨੇ ਇਸ ਗੱਲ `ਤੇ ਤਸੱਲੀ ਪ੍ਰਗਟਾਈ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਲਗਭਗ 50 ਲੱਖ ਮੀਟਰਿਕ ਟਨ ਝੋਨਾ ਆ ਚੁੱਕਾ ਹੈ ਅਤੇ ਕਿਸਾਨਾਂ ਨੂੰ 7307.93 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖ਼ਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇ।
ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਅਪੀਲ
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਜੀਵਨ ਨੂੰ ਵੀ ਭਾਰੀ ਖ਼ਤਰਾ ਪੈਦਾ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਇਸ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨ ਦੀ ਲੋੜ ਹੈ।
ਸੀਐਮ ਦੇ ਘਰ ਦੇ ਬਾਹਰ ਧਰਨਾ ਜਾਰੀ
ਜਿੱਥੇ ਇੱਕ ਪਾਸੇ ਪੰਜਾਬ ਮੁੱਖ ਮੰਤਰੀ ਅਤੇ ਪੰਜਾਬ ਦੇ ਨੁਮਾਇੰਦੇ ਕਿਸਾਨਾਂ ਲਈ ਵੱਡੇ ਵੱਡੇ ਵਾਅਦੇ ਕਰਦੀ ਨਜ਼ਰ ਆ ਰਹੀ ਹੈ ਇਸ ਦੇ ਉਲਟ ਮੌਸਮ ਦੀ ਅਨਿਸ਼ਚਿਤਤਾ ਕਾਰਨ ਦੇਸ਼ ਦੇ ਕਈ ਸੂਬਿਆਂ ਵਿੱਚ ਇਸ ਵਾਰ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪੰਜਾਬ ਵੀ ਇਸ ਤੋਂ ਅਪਵਾਦ ਨਹੀਂ ਰਿਹਾ। ਬਰਸਾਤ ਅਤੇ ਕੀੜਿਆਂ ਦੇ ਹਮਲੇ ਕਾਰਨ ਇੱਥੇ ਹਜ਼ਾਰਾਂ ਏਕੜ ਫਸਲ ਬਰਬਾਦ ਹੋ ਗਈ ਹੈ। ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਕਿਸਾਨ ਲਗਾਤਾਰ 13 ਦਿਨਾਂ ਤੋਂ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।