Nigeria and Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਮਜ਼ਬੂਤ ਸਹਿਯੋਗ ਉਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਭਾਰਤ ਵਿੱਚ ਨਾਈਜੀਰੀਆ ਦੇ ਹਾਈ ਕਮਿਸ਼ਨਰ (Nigerian High Commissioner) ਅਹਿਮਦ ਸੁਲੇ (Ahmed Sule) ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੋਵਾਂ ਲਈ ਦੁਵੱਲੇ ਲਾਭ ਦੀ ਵੱਡੀ ਸੰਭਾਵਨਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਵੇਂ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖ ਸਕਣ। ਭਗਵੰਤ ਮਾਨ ਨੇ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਨੂੰ ਆਪਸੀ ਸਹਿਯੋਗ ਦੇ ਨਵੇਂ ਦਿਸਹੱਦੇ ਸਿਰਜਣ ਲਈ ਹੋਰ ਸੰਭਾਵਨਾਵਾਂ ਦਾ ਪਤਾ ਲਗਾਉਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਉਨ੍ਹਾਂ ਦਾ ਇਕੋ-ਇਕ ਏਜੰਡਾ ਖੇਤੀ ਲਾਗਤਾਂ ਨੂੰ ਘਟਾ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਹਿਲਾਂ ਹੀ ਸਖ਼ਤ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਖੇਤੀ ਦੀਆਂ ਲਗਾਤਾਰ ਵਧ ਰਹੀਆਂ ਲਾਗਤਾਂ ਨੂੰ ਘਟਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਸੰਕਟ ਵਿੱਚੋਂ ਕੱਢਿਆ ਜਾ ਸਕੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਸੰਦਾਂ ਦੀ ਦਰਾਮਦ-ਬਰਾਮਦ ਦੇ ਖੇਤਰ ਵਿੱਚ ਆਪਸੀ ਸਹਿਯੋਗ ਵਧਾਉਣ ਲਈ ਯਤਨ ਕੀਤੇ ਜਾਣਗੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਫਸਲਾਂ ਅਤੇ ਖਾਦਾਂ ‘ਤੇ ਆਧਾਰਤ ਵਪਾਰ ਵਧਾਉਣ ਦੀ ਸੰਭਾਵਨਾ ਵੀ ਤਲਾਸ਼ੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੇ ਆਪਸੀ ਸਹਿਯੋਗ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਸਮੇਂ ਦੀ ਲੋੜ ਹੈ।