ਪੰਜਾਬ ਕਾਂਗਰਸ ਦੇ ਡੈਲੀਗੇਟਾਂ ਨੇ ਅੱਜ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਰਾਹੁਲ ਗਾਂਧੀ ਨੂੰ ਕੌਮੀ ਪ੍ਰਧਾਨ ਵਜੋਂ ਪਾਰਟੀ ਦੀ ਵਾਗਡੋਰ ਸੰਭਾਲਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਸੂਬੇ ਦੇ 290 ਡੈਲੀਗੇਟਾਂ ਦੀ ਮੀਟਿੰਗ ਹੋਈ, ਜਿਸ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਹਰੀਸ਼ ਚੌਧਰੀ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਿਟਰਨਿੰਗ ਅਫ਼ਸਰ ਮਾਨਿਕਰਾਓ ਠਾਕਰੇ, ਏਪੀਆਰਓ ਜਤਿੰਦਰ ਸਿੰਘ ਵੀ ਹਾਜ਼ਰ ਸਨ।
ਡੈਲੀਗੇਟਾਂ ਦੀ ਤਰਫੋਂ ਇੱਕ ਹੋਰ ਮਤਾ ਪਾਸ ਕਰਕੇ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਸੂਬਾ ਕਾਂਗਰਸ ਕਮੇਟੀ ਦੇ ਮੈਂਬਰਾਂ, ਡੈਲੀਗੇਟਾਂ ਅਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਨਿਯੁਕਤੀ ਕਰਨ ਦਾ ਅਧਿਕਾਰ ਦਿੱਤਾ ਗਿਆ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ ਹਨ ਅਤੇ ਡੈਲੀਗੇਟਾਂ ਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਰਾਸ਼ਟਰੀ ਪੱਧਰ ‘ਤੇ ਕਾਂਗਰਸ ਪਾਰਟੀ ਦੀ ਵਾਗਡੋਰ ਸੰਭਾਲਣ ਲਈ ਸਭ ਤੋਂ ਉੱਤਮ ਅਤੇ ਢੁਕਵੇਂ ਨੇਤਾ ਹਨ।
ਕਾਂਗਰਸੀ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਸਬੰਧੀ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਾਰਟੀ ਇਨ੍ਹਾਂ ਆਗੂਆਂ ਦੇ ਨਾਲ ਖੜ੍ਹੀ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਖੋਰੀ ਦੀ ਰਾਜਨੀਤੀ ਤਹਿਤ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।
ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ‘ਤੇ ਪੂਰਾ ਭਰੋਸਾ ਹੈ, ਜੋ ਜਾਣਦੇ ਹਨ ਕਿ ‘ਆਪ’ ਸਿਆਸੀ ਬਦਲਾਖੋਰੀ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਇਸਦਾ ਉਦੇਸ਼ ਲੋਕਾਂ ਦਾ ਧਿਆਨ ਆਪਣੀਆਂ ਅਸਫਲਤਾਵਾਂ ਤੋਂ ਹਟਾਉਣਾ ਹੈ। ਕਾਨੂੰਨ ਦੀ ਪ੍ਰਕਿਰਿਆ ਵਿਚ ਹਰ ਕੋਈ ਸਾਫ਼-ਸੁਥਰਾ ਨਿਕਲੇਗਾ।