Punjab government: ਹਰਭਜਨ ਸਿੰਘ, ਊਰਜਾ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਹੈ ਤੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਬਟਾਲਾ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਧਰਮਪੁਰਾ ਕਾਲੋਨੀ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ, ਸੋਹਿੰਦਰ ਕੋਰ ਧਰਮ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਲਖਵਿੰਦਰ ਸਿੰਘ ਨਾਇਬ ਤਹਿਸਲੀਦਾਰ, ਰਮੇਸ਼ ਸਾਰੰਗਲ ਮੁੱਖ ਇੰਜੀਨਅਰ ਜਲੰਧਰ ਜ਼ੋਨ (ਪਾਵਰਕਾਮ), ਪ੍ਰਿੰਸੀਪਲ ਬਲਵਿੰਦਰ ਕੋਰ, ਪਾਇਲ ਗੁਪਤਾ, ਐਸਪੀ ਬਟਾਲਾ ਜਗਬਿੰਦਰ ਸਿੰਘ ਮੋਜੂਦ ਰਹੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਕੂਲ ਦੇ ਅਧਿਆਪਕਾ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਕਿ ਉਨਾਂ ਦੇ ਸਕੂਲ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਪਹਿਲ ਦੇ ਆਧਾਰ ਤੇ ਵੱਡੀਆਂ ਉਪਲੱਬਧੀਆਂ ਹਾਸਲ ਕੀਤੀਆਂ ਹਨ ਅਤੇ ਮਹਿਜ 10 ਮਹਿਨਿਆਂ ਦੇ ਕਾਰਜਕਾਲ ਦੌਰਾਨ ਇਨਾਂ ਦੋਵਾਂ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ।
ਉਨ੍ਹਾਂ ਅੱਗੇ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਜਾ ਰਹੇ ਹਨ। ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ 500 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਪਿ੍ਰੰਸੀਪਲਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚ ਪਿਛਲੇ 10 ਮਹੀਨਿਆਂ ਤੋਂ ਚੱਲ ਰਹੀ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣਨ। ਉਨਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਨ੍ਹਾਂ ਯਤਨਾਂ ਨਾਲ ਪੰਜਾਬ ਜਲਦੀ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਇਹ ਕਦਮ ਨਵੇਂ ਤੇ ‘ਰੰਗਲੇ ਪੰਜਾਬ’ ਦੀ ਸਵੇਰ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਉਨਾਂ ਪ੍ਰਗਤੀਸੀਲ ਅਤੇ ਖੁਸ਼ਹਾਲ ਪੰਜਾਬ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।
ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੋਰ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਅਤੇ ਸਕੂਲ ਵਲੋਂ ਹਾਸਲ ਕੀਤੀਆਂ ਉਪਲੱਬਧੀਆਂ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਵਿਦਿਆਰਥਣਾਂ ਨੂੰ ਸਿੱਖਿਆ ਪੱਖੀ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ ਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਖੇਤਰਾਂ ਵਿੱਚ ਜ਼ਿਕਰਯੋਗ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ।
ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਆਖਰ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸਕੂਲ ਵਲੋਂ ਮੁੱਖ ਮਹਿਮਾਨ ਸਮੇਤ ਵੱਖ-ਵੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਸੰਚਾਚਨ ਲੈਕਚਰਾਰ ਹਰਪ੍ਰੀਤ ਸਿੰਘ ਵਲੋਂ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h