ਚੰਡੀਗੜ੍ਹ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਲਗਪਗ 7.73 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ।
ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਗੋਲਡਨ ਗੇਟ ਅੰਮ੍ਰਿਤਸਰ ਦੀ ਪੇਂਟਿੰਗ ਅਤੇ ਜਨਰਲ ਰੈਨੋਵੇਸ਼ਨ (ਲਾਈਟਾਂ ਸਮੇਤ) ਦਾ ਕੰਮ ਅਤੇ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਮੋਜ਼ੇਕ ਟਾਈਲਾਂ ਨਾਲ ਮੁਕੰਮਲ ਰੰਗਦਾਰ ਲਾਈਟਾਂ ਵਾਲੇ 12 ਫੁੱਟ ਦੇ ਫੁਹਾਰੇ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਬੀ/ਐਸ ਖਾਲਸਾ ਕਾਲਜ ਅਤੇ ਜੀ.ਐਨ.ਡੀ.ਯੂ ਰੋਡ ਸਾਈਡ ਲੈਵਲਿੰਗ ਡਰੈਸਿੰਗ ਅਤੇ ਬੂਟੇ ਲਗਾਉਣ ਦੇ ਕੰਮ ਕੀਤੇ ਜਾਣਗੇ, ਪੁਲਾਂ ਨੂੰ ਸੀਮਿੰਟ ਅਧਾਰਤ ਪੇਂਟ ਨਾਲ ਪੇਂਟ ਕਰਕੇ ਸੁੰਦਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਾਪਿੰਗ ਸੈਂਟਰ ਅੰਮ੍ਰਿਤਸਰ ਵਿਖੇ ਹਰੀ ਪੱਟੀ ਦੀ ਮੁਰੰਮਤ ਅਤੇ ਸੁੰਦਰੀਕਰਨ ਵੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਾਮ ਸਿੰਘ ਅਟਾਰੀਵਾਲਾ ਯਾਦਗਾਰੀ ਗੇਟ ਦੀ ਮੁਰੰਮਤ ਅਤੇ ਵਾਰਨਿਸ਼ਿੰਗ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਨੂੰ ਜਾਣ ਵਾਲੀਆਂ ਵੱਖ-ਵੱਖ ਸੜਕਾਂ ‘ਤੇ ਬੂਟੇ, ਸਜਾਵਟੀ ਬੂਟੇ ਅਤੇ ਕਰੀਪਰ ਆਦਿ ਲਗਾਉਣ, 97 ਏਕੜ ‘ਚ ਸੜਕਾਂ ‘ਤੇ ਇੰਟਰਲਾਕਿੰਗ ਟਾਈਲਾਂ ਲਗਾਉਣ, ਸੈਂਟਰਲ ਵਰਜ ਦੀ ਪੇਂਟਿੰਗ ਅਤੇ ਐਕਸਟੈਨਸ਼ਨ ਸਕੀਮ ਤਹਿਤ ਕਬੀਰ ਪਾਰਕ ‘ਚ ਫੁੱਟਪਾਥ ਦੀ ਮੁਰੰਮਤ ਦਾ ਕੰਮ ਵੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਰ ਵੀ ਕਈ ਵਿਕਾਸ ਕਾਰਜ ਕਰਵਾਉਣ ਦਾ ਫੈਸਲਾ ਕੀਤਾ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਰਾਜ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ।
ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰ ਦੇ ਨਿਯਮਾਂ/ਕਾਨੂੰਨਾਂ ਦੀ ਪਾਲਣਾ ਕਰਨ ਅਤੇ ਵਿਭਾਗ ਦੇ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h