Punjab Jobs: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਵਿੱਚ 401 ਕਲਰਕਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 17 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਆਪਣਾ ਫ਼ਰਜ਼ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਲਈ ਆਖਿਆ।
ਪੰਜਾਬ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਕਰੀਬਨ ਇਕ ਸਾਲ ਦੇ ਵਕਫ਼ੇ ਵਿੱਚ ਸੂਬੇ ਦੇ ਨੌਜਵਾਨਾਂ ਨੂੰ 29,684 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜਿਹੀਆਂ ਹੋਰ ਬਹੁਤ ਸਾਰੀਆਂ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ, ਜਦੋਂ ਸਰਕਾਰੀ ਦਫ਼ਤਰਾਂ ਵਿੱਚ ਨਵੇਂ ਕੰਮ ਸੱਭਿਆਚਾਰ ‘ਤੇ ਆਧਾਰਤ ਟੀਮ ਭਾਵਨਾ ਤੇ ਸਮਰਪਣ ਜ਼ਰੂਰ ਲਿਆਂਦਾ ਜਾਵੇ।
ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਹਮੇਸ਼ਾ ਨਵੇਂ ਵਿਚਾਰਾਂ ਨਾਲ ਭਰਪੂਰ ਹੁੰਦੇ ਹਨ, ਜਿਨ੍ਹਾਂ ਨੂੰ ਸਾਡੀ ਸਰਕਾਰ ਸਮੁੱਚੇ ਵਿਕਾਸ ਲਈ ਤੇਜ਼ ਰਫ਼ਤਾਰ ਨਾਲ ਸੂਬੇ ਵਿੱਚ ਲਾਗੂ ਕਰੇਗੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਫ਼ਤਰੀ ਕੰਮਕਾਜ ਵਿੱਚ ਅਨੁਸ਼ਾਸਨ ਲਿਆਉਣ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ।
419 ਘਰਾਂ ਦੇ ਚੁੱਲ੍ਹਿਆਂ ਦੀ ਅੱਗ ਵਿਕਾਸ ਵੱਲ ਵਧੇਗੀ ਤੇ ਕਬੀਲਦਾਰੀ ਲੀਹ ‘ਤੇ ਪਵੇਗੀ..ਭਾਵੇਂ ਆਂਕੜੇ ਛੋਟੇ ਹੀ ਨੇ ਪਰ ਬੂੰਦ ਬੂੰਦ ਨਾਲ ਸਮੁੰਦਰ ਭਰਦੈ…ਛੋਟੇ ਛੋਟੇ ਆਂਕੜਿਆਂ ਰਾਹੀਂ ਹੀ ਨੌਜਵਾਨਾਂ ਨੂੰ ਰੁਜ਼ਗਾਰ ਦਾ ਸਿਲਸਿਲਾ ਜਾਰੀ ਰੱਖਾਂਗੇ…ਸਾਥ ਤੇ ਵਿਸ਼ਵਾਸ ਬਣਾਈ ਰੱਖੋ! pic.twitter.com/jlKAwDiELo
— Bhagwant Mann (@BhagwantMann) June 17, 2023
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬਾ ਸਰਕਾਰ ਦੇ ਕੰਮਕਾਜ ਤੋਂ ਲੋਕਾਂ ਨੂੰ ਫਾਇਦਾ ਮਿਲਣਾ ਯਕੀਨੀ ਬਣੇਗਾ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦਾ ਇਕੋ-ਇਕ ਮਕਸਦ ਸਮੁੱਚੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਕਦਮ ਲੋਕਾਂ ਦੀ ਭਲਾਈ ਦੇ ਮੰਤਵ ਨਾਲ ਚੁੱਕਿਆ ਜਾ ਰਿਹਾ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਆਗੂ ਆਪਣਾ ਅਹੁਦਾ ਸੰਭਾਲਣ ਮਗਰੋਂ ਚਕਾਚੌਂਧ ਦੀ ਦੁਨੀਆ ਵਿੱਚ ਰਹਿੰਦੇ ਸੀ ਪਰ ਉਨ੍ਹਾਂ ਪੰਜਾਬ ਤੇ ਪੰਜਾਬੀਆਂ ਅਤੇ ਸੂਬੇ ਦੀ ਸੇਵਾ ਕਰਨ ਲਈ ਇਹ ਚਕਾਚੌਂਧ ਛੱਡ ਦਿੱਤੀ ਹੈ।
ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਆਉਣ ਵਾਲੀਆਂ ਨਸਲਾਂ ਲਈ ਪੰਜਾਬ ਨੂੰ ਰੰਗਲਾ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਪੁਰਾਣੇ ਆਗੂਆਂ ‘ਤੇ ਵਿਅੰਗ ਕਸਦਿਆਂ ਆਖਿਆ ਕਿ ਇਹ ਆਗੂ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਨਹੀਂ ਆਏ ਪਰ ਉਹ ਅਮਨ, ਖ਼ੁਸ਼ਹਾਲੀ ਤੇ ਤਰੱਕੀ ਦਾ ਨਵਾਂ ਦੌਰ ਸ਼ੁਰੂ ਕਰਨ ਲਈ ਹਰੇਕ ਕੋਨੇ-ਕੋਨੇ ਵਿੱਚ ਘੁੰਮ ਰਹੇ ਹਨ।
ਸੀਐਮ ਮਾਨ ਨੇ ਕਿਹਾ ਕਿ ਇਨ੍ਹਾਂ ਸਿਆਸੀ ਪਾਰਟੀਆਂ ਦੇ ਦੌਰ ਨੂੰ ਜਾਨਣ ਵਾਲਾ ਕੋਈ ਵੀ ਵਿਅਕਤੀ ਦੱਸ ਸਕਦਾ ਹੈ ਕਿ ਕਿਵੇਂ ਉਨ੍ਹਾਂ ਦੇ ਹੱਥ ਪੰਜਾਬ ਤੇ ਪੰਜਾਬੀਆਂ ਤੇ ਖ਼ੂਨ ਨਾਲ ਲਿੱਬੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਪੰਜਾਬ ਤੇ ਪੰਜਾਬੀ ਵਿਰੋਧੀ ਰਿਕਾਰਡ ਕਾਰਨ ਸੂਬੇ ਨੂੰ ਹਮੇਸ਼ਾ ਨੁਕਸਾਨ ਝੱਲਣਾ ਪਿਆ ਅਤੇ ਤਰੱਕੀ ਤੇ ਖ਼ੁਸ਼ਹਾਲੀ ਨੂੰ ਸੱਟ ਵੱਜੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਇਹ ਪਾਰਟੀਆਂ ਸੱਤਾ ਵਿੱਚ ਆਈਆਂ ਤਾਂ ਇਨ੍ਹਾਂ ਇਕ-ਦੂਜੇ ਦੇ ਹਿੱਤਾਂ ਦੀ ਰੱਖਿਆ ਕੀਤੀ ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ ਤਾਂ ਸੂਬੇ ਨੂੰ ਵਾਰੋ-ਵਾਰੀ ਲੁੱਟਣ ਦੇ ਇਨ੍ਹਾਂ ਦੇ ਕੋਝੇ ਮਨਸੂਬੇ ਨਾਕਾਮ ਹੋਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਹਰੇਕ ਪਾਸਿਓਂ ਘਿਰੇ ਇਨ੍ਹਾਂ ਆਗੂਆਂ ਨੇ ਆਪਣੇ ਵਿਚਾਰਧਾਰਕ ਵਖਰੇਵੇਂ ਪਾਸੇ ਰੱਖ ਕੇ ਸੂਬਾ ਸਰਕਾਰ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਆਗੂ ਉਪਰੋਂ ਇਕ-ਦੂਜੇ ਤੋਂ ਵੱਖਰੇ ਨਜ਼ਰ ਆਉਂਦੇ ਹਨ ਪਰ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਹੱਥ ਬੇਦੋਸ਼ੇ ਪੰਜਾਬੀਆਂ ਦੇ ਖ਼ੂਨ ਨਾਲ ਲਿੱਬੜੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਦੇ ਭਲੇ ਲਈ ਕਦੇ ਕੋਈ ਕੰਮ ਨਹੀਂ ਕੀਤਾ, ਸਗੋਂ ਹਮੇਸ਼ਾ ਸੂਬੇ ਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪੰਜਾਬ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵੱਡ-ਆਕਾਰੀ ਟੀਚੇ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਦੇ ਦੋ ਹੀ ਆਧਾਰ ਹਨ ਪਹਿਲਾ ਪਾਰਦਰਸ਼ਤਾ ਤੇ ਦੂਜਾ ਮੈਰਿਟ। ਭਗਵੰਤ ਮਾਨ ਨੇ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਢਾਂਚਾ ਅਪਣਾਇਆ ਗਿਆ, ਜਿਸ ਕਾਰਨ 29 ਹਜ਼ਾਰ ਤੋਂ ਵੱਧ ਨਿਯੁਕਤੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।
ਮਿਸ਼ਨ ਰੁਜ਼ਗਾਰ… ਵੱਖ-ਵੱਖ ਵਿਭਾਗਾਂ ਦੇ 419 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਚੰਡੀਗੜ੍ਹ ਤੋਂ…Live https://t.co/tCHBeR5T5x
— Bhagwant Mann (@BhagwantMann) June 17, 2023
ਇਸ ਦੌਰਾਨ ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੇ ਇਸ ਸਮੁੱਚੀ ਭਰਤੀ ਪ੍ਰਕਿਰਿਆ ਪ੍ਰਤੀ ਕਾਫ਼ੀ ਉਤਸ਼ਾਹ ਦਿਖਾਇਆ ਹੈ ਕਿਉਂਕਿ ਹੁਣ ਉਨ੍ਹਾਂ ਨੂੰ ਅੱਗੇ ਵਧਣ ਅਤੇ ਖ਼ੁਸ਼ਹਾਲੀ ਵੱਲ ਜਾਣ ਦਾ ਰਾਹ ਦਿਸਿਆ ਹੈ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਕ ਨੌਜਵਾਨ ਸ਼ੁਰੂ ਵਿੱਚ ਕਲਰਕ ਭਰਤੀ ਹੋਇਆ ਪਰ ਮਗਰੋਂ ਆਪਣੀ ਸਖ਼ਤ ਮਿਹਨਤ ਨਾਲ ਉਹ ਸਹਾਇਕ ਲਾਇਨਮੈਨ ਵਜੋਂ ਨਿਯੂਕਤ ਹੋਇਆ ਅਤੇ ਬਾਅਦ ਵਿੱਚ ਉਹ ਸਬ ਡਿਵੀਜ਼ਨਲ ਅਫ਼ਸਰ (ਐਸ.ਡੀ.ਓ.) ਬਣਿਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਸਮੁੱਚੇ ਵਿਕਾਸ ਤੇ ਨੌਜਵਾਨਾਂ ਦੀ ਭਲਾਈ ਦੀ ਇਹ ਰਫ਼ਤਾਰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।
ਭਗਵੰਤ ਮਾਨ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣੀ ਜਿੱਤ ਉਤੇ ਘੁਮੰਡ ਨਾ ਕਰਨ, ਸਗੋਂ ਜ਼ਮੀਨ ਨਾਲ ਜੁੜੇ ਰਹਿ ਕੇ ਹੋਰ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਤੇ ਹਾਂ-ਪੱਖੀ ਪਹੁੰਚ ਕਿਸੇ ਵੀ ਸ਼ਖ਼ਸੀਅਤ ਦੇ ਮੂਲ ਆਧਾਰ ਹੋਣੇ ਚਾਹੀਦੇ ਹਨ ਪਰ ਇਨ੍ਹਾਂ ਉਤੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਇਹ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੀ ਕੁੰਜੀ ਹੈ ਪਰ ਇਨ੍ਹਾਂ ਨੂੰ ਸਹੀ ਦਿਸ਼ਾ ਵਿੱਚ ਲਾਗੂ ਕਰਨਾ ਚਾਹੀਦਾ ਹੈ।
ਪੰਜਾਬ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਅੱਡੇ ‘ਤੇ ਹਵਾਈ ਪੱਟੀ ਇੱਕ ਜਹਾਜ਼ ਦੀ ਸੁਰੱਖਿਅਤ ਉਡਾਣ ਲਈ ਸਹਾਈ ਹੁੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਸਥਾਪਤ ਕਰਨ ਲਈ ਯਤਨ ਕਰਨ ਅਤੇ ਫਿਰ ਉਨ੍ਹਾਂ ਦੀ ਬੁਲੰਦੀ ਆਸਮਾਨ ਤੱਕ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h