ਪੰਜਾਬ ਸਰਕਾਰ ਵੱਲੋਂ ਹਰਿਆਣਾ ਸਰਕਾਰ ਨੂੰ ਇੱਕ ਨਵਾਂ ਨੋਟਿਸ ਜਾਰੀ ਕਰ ਦਿੱਤਾ ਹੈ ਦੱਸ ਦੇਈਏ ਕਿ ਨੇ ਭਾਖੜਾ ਨਹਿਰ ਦੇ ਅਪਰੇਸ਼ਨ ਅਤੇ ਰੱਖ-ਰਖਾਅ ਦੇ ਬਕਾਏ ਦਾ ਕਰੀਬ 113 ਕਰੋੜ ਰੁਪਏ ਦਾ ਬਿੱਲ ਹਰਿਆਣਾ ਨੂੰ ਭੇਜ ਦਿੱਤਾ ਹੈ, ਜਦੋਂ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਅੰਦਰੂਨੀ ਆਡਿਟ ਕਰਾਇਆ ਗਿਆ ਤਾਂ ਹੈਰਾਨੀ ਭਰੇ ਤੱਥ ਸਾਹਮਣੇ ਆਏ।
ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਹਰਿਆਣਾ ਸਰਕਾਰ ਨੇ ਭਾਖੜਾ ਨਹਿਰ ਦੇ ਅਪਰੇਸ਼ਨ ਤੇ ਰੱਖ-ਰਖਾਅ ਦਾ ਪੈਸਾ ਸਾਲ 2015-16 ਤੋਂ ਬਾਅਦ ਪੰਜਾਬ ਨੂੰ ਦੇਣਾ ਬੰਦ ਕਰ ਦਿੱਤਾ ਹੈ। ਕਿਸੇ ਵੀ ਸਰਕਾਰ ਨੇ ਇਸ ਪਾਸੇ ਨਜ਼ਰ ਹੀ ਨਹੀਂ ਮਾਰੀ।
ਪੰਜਾਬ ਦੇ ਜਲ ਸਰੋਤ ਵਿਭਾਗ ਨੇ ਹੁਣ ਹਰਿਆਣਾ ਦੇ ਸਿੰਚਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ 113.24 ਕਰੋੜ ਦੇ ਬਕਾਏ ਦੀ ਅਦਾਇਗੀ ਕਰਨ ਲਈ ਆਖ ਦਿੱਤਾ ਹੈ।
ਇਸ ’ਚ ‘ਭਾਖੜਾ ਮੇਨ ਲਾਈਨ ਕੈਨਾਲ ਡਿਵੀਜ਼ਨ ਪਟਿਆਲਾ’ ਦੀ 103.92 ਕਰੋੜ ਦੀ ਰਾਸ਼ੀ ਬਕਾਇਆ ਨਿਕਲੀ ਹੈ, ਜਦਕਿ ‘ਮਾਨਸਾ ਕੈਨਾਲ ਡਵੀਜ਼ਨ ਜਵਾਹਰ ਕੇ’ ਦੀ 9.32 ਕਰੋੜ ਦੀ ਰਾਸ਼ੀ ਹਰਿਆਣਾ ਵੱਲ ਬਕਾਇਆ ਖੜ੍ਹੀ ਹੈ। ਹਰਿਆਣਾ ਸਰਕਾਰ ਨੇ ਇਸ ਰਾਸ਼ੀ ਦੀ ਭਰਪਾਈ ਕਰਨ ਦੀ ਕਦੇ ਕੋਈ ਲੋੜ ਨਹੀਂ ਸਮਝੀ। ਹਾਲਾਂਕਿ ਰਾਜਸਥਾਨ ਸਰਕਾਰ ਵੱਲੋਂ ਰੈਗੂਲਰ ਬਕਾਏ ਪੰਜਾਬ ਨੂੰ ਤਾਰੇ ਜਾ ਰਹੇ ਹਨ।
ਵੇਰਵਿਆਂ ਅਨੁਸਾਰ ਭਾਖੜਾ ਨਹਿਰ ਲਈ 12,455 ਕਿਊਸਿਕ ਪਾਣੀ ਦੀ ਐਲੋਕੇਸ਼ਨ ਹੈ, ਜਿਸ ਵਿੱਚ 7841 ਕਿਊਸਿਕ ਪਾਣੀ (63 ਫ਼ੀਸਦੀ) ਹਿੱਸੇਦਾਰੀ ਹਰਿਆਣਾ ਦੀ ਹੈ, ਜਦਕਿ ਪੰਜਾਬ ਦੀ 3108 ਕਿਊਸਿਕ (25 ਫ਼ੀਸਦੀ) ਹਿੱਸੇਦਾਰੀ ਬਣਦੀ ਹੈ।
ਇਸੇ ਤਰ੍ਹਾਂ ਰਾਜਸਥਾਨ ਦੀ 7 ਫ਼ੀਸਦੀ, ਦਿੱਲੀ ਦੀ ਚਾਰ ਫ਼ੀਸਦੀ ਅਤੇ ਚੰਡੀਗੜ੍ਹ ਦੀ ਇੱਕ ਫ਼ੀਸਦੀ ਹਿੱਸੇਦਾਰੀ ਭਾਖੜਾ ਨਹਿਰ ’ਚੋਂ ਬਣਦੀ ਹੈ। ਭਾਖੜਾ ਨਹਿਰ ਪੰਜਾਬ ਵਿਚੋਂ ਦੀ ਲੰਘਦੀ ਹੈ, ਜਿਸ ਕਰਕੇ ਇਸ ਨਹਿਰ ਦੇ ਅਪਰੇਸ਼ਨ ਅਤੇ ਰੱਖ-ਰਖਾਅ ਦਾ ਖਰਚਾ ਪੰਜਾਬ ਸਰਕਾਰ ਕਰਦੀ ਹੈ।