Cyber AI Project: ਪੰਜਾਬ ਵਿੱਚ ਨਿੱਤ ਵੱਧ ਰਹੇ ਔਨਲਾਈਨ ਫਰੌਡ ਅਤੇ ਠੱਗੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਸਾਈਬਰ ਹਮਲਿਆਂ ਤੋਂ ਬਚਣ ਲਈ ਪੰਜਾਬ ਵਿੱਚ ਇੱਕ ਸਾਈਬਰ ਸੁਰੱਖਿਆ ਆਪ੍ਰੇਸ਼ਨ ਸੈਂਟਰ ਸਥਾਪਤ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਿਕ ਇਸ ਪ੍ਰੋਜੈਕਟ ‘ਤੇ 42 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਦਾਅਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਸੈਕਟਰ 26 ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿੱਚ ਸਾਰੇ ਸਰਕਾਰੀ ਵਿਭਾਗਾਂ ਦੀਆਂ ਵੈੱਬਸਾਈਟਾਂ ਅਤੇ ਹੋਰ ਚੀਜ਼ਾਂ ਸ਼ਾਮਲ ਕੀਤੀਆਂ ਜਾਣਗੀਆਂ। ਇਹ ਸਿਸਟਮ ਦੁਨੀਆ ਦਾ ਸਭ ਤੋਂ ਵਧੀਆ ਸਿਸਟਮ ਹੋਵੇਗਾ। ਇਸ ਲਈ ਕੰਮ ਸ਼ੁਰੂ ਹੋ ਗਿਆ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਸੁਧਾਰ ਹੋਇਆ ਹੈ। ਸੇਵਾ ਕੇਂਦਰਾਂ ਵਿੱਚ ਲੰਬਿਤ ਰਹਿਣ ਦੀ ਦਰ 0.17 ਪ੍ਰਤੀਸ਼ਤ ਹੈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਘੱਟ ਹੈ। 31 ਜਨਵਰੀ ਤੱਕ, ਸੂਬੇ ਵਿੱਚ ਪਟਵਾਰੀਆਂ ਨਾਲ ਸਬੰਧਤ ਸੇਵਾਵਾਂ ਔਨਲਾਈਨ ਹੋ ਜਾਣਗੀਆਂ। ਇਸ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਸਰਕਾਰ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ 438 ਸੇਵਾਵਾਂ ਪ੍ਰਦਾਨ ਕਰ ਰਹੀ ਹੈ।