ਪੰਜਾਬ ਵਿੱਚ ਨਸ਼ਿਆਂ ਵਿਰੁੱਧ ਗਈ ਮੁਹਿੰਮ ਦੇ ਤਹਿਤ ਲਗਾਤਾਰ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਲਏ ਜਾ ਰਹੇ ਹਨ ਅਤੇ ਉਹਨਾਂ ਦੇ ਘਰਾਂ ‘ਤੇ ਬੁਲਡੋਜ਼ਰ ਐਕਸ਼ਨ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਤਹਿਤ ਹੀ ਹੁਣ ਪੰਜਾਬ ਦੇ ਉਦਯੋਗ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਖੰਨਾ ਦੇ ਇੱਕ ਕਾਲਜ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਨਸ਼ੇ ਦੂਜੇ ਰਾਜਾਂ ਅਤੇ ਪਾਕਿਸਤਾਨ ਤੋਂ ਆ ਰਹੇ ਹਨ।
ਪਾਕਿਸਤਾਨ ਡਰੋਨ ਰਾਹੀਂ ਨਸ਼ੇ ਅਤੇ ਹਥਿਆਰ ਭੇਜ ਰਿਹਾ ਹੈ। ਭਾਰਤ ਦੇ ਕੁਝ ਰਾਜਾਂ ਵਿੱਚ ਸਮੁੰਦਰੀ ਜਹਾਜ਼ਾਂ ਰਾਹੀਂ ਨਸ਼ਿਆਂ ਦੀਆਂ ਖੇਪਾਂ ਆ ਰਹੀਆਂ ਹਨ। ਉੱਥੋਂ ਸਪਲਾਈ ਪੰਜਾਬ ਆਉਂਦੀ ਹੈ।
ਇਨ੍ਹਾਂ ਹਾਲਾਤਾਂ ਵਿੱਚ ਪੰਜਾਬ ਸਰਕਾਰ ਨੇ ਸਬੰਧਤ ਰਾਜਾਂ ਨੂੰ ਪੱਤਰ ਲਿਖ ਕੇ ਸਮੁੰਦਰ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪਾਕਿਸਤਾਨ ਤੋਂ ਆਉਣ ਵਾਲੇ ਡਰੋਨਾਂ ਨੂੰ ਰੋਕਣ ਲਈ ਨਵੀਂ ਤਕਨੀਕ ਅਪਣਾਈ ਗਈ ਹੈ।