ਪੰਜਾਬ ਸਰਕਾਰ ਵੱਲੋਂ ਇੱਕ ਨਵਾਂ ਨਿਰਦੇਸ਼ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ ਲੋਕਾਂ ਨੂੰ ਹੁਣ ਕਿਸੇ ਵੀ ਕੀਮਤ ‘ਤੇ 31 ਮਾਰਚ ਤੱਕ ਆਪਣਾ ਈ-ਕੇਵਾਈਸੀ ਕਰਵਾਉਣਾ ਪਵੇਗਾ। ਨਹੀਂ ਇਸ ਤੋਂ ਬਾਅਦ ਉਨ੍ਹਾਂ ਨੂੰ ਰਾਸ਼ਨ ਲੈਣ ਵਿੱਚ ਸਮੱਸਿਆ ਆ ਸਕਦੀ ਹੈ। ਇਹ ਪ੍ਰਕਿਰਿਆ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (NFSA) 2013 ਦੇ ਤਹਿਤ ਚੱਲ ਰਹੀ ਹੈ।
ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਈ-ਕੇਵਾਈਸੀ ਕਰਵਾਉਣ ਲਈ ਕਿਸੇ ਹੋਰ ਜਗ੍ਹਾ ਜਾਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਨੂੰ ਉਸ ਡਿਪੂ ਜਾਣਾ ਪਵੇਗਾ ਜਿੱਥੋਂ ਉਹ ਰਾਸ਼ਨ ਲੈਂਦੇ ਹਨ ਅਤੇ ਆਪਣਾ ਕੇਵਾਈਸੀ ਕਰਵਾਉਣਾ ਪਵੇਗਾ। ਇਸ ਦੇ ਨਾਲ ਹੀ, ਇਸ ਲਈ ਕੋਈ ਫੀਸ ਨਹੀਂ ਲਈ ਜਾਂਦੀ। ਜੇਕਰ ਕੋਈ ਵਿਅਕਤੀ ਇਸ ਕੰਮ ਲਈ ਪੈਸੇ ਦੀ ਮੰਗ ਕਰਦਾ ਹੈ, ਤਾਂ ਵਿਭਾਗ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਅਜਿਹੇ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।
ਪੰਜਾਬ ਦੇ 1.55 ਕਰੋੜ ਲੋਕਾਂ ਨੂੰ ਸਰਕਾਰੀ ਡਿਪੂਆਂ ਤੋਂ ਸਬਸਿਡੀ ਵਾਲਾ ਰਾਸ਼ਨ ਮਿਲਦਾ ਹੈ। ਇਨ੍ਹਾਂ ਵਿੱਚੋਂ 1.17 ਕਰੋੜ, ਯਾਨੀ 75 ਪ੍ਰਤੀਸ਼ਤ ਲੋਕਾਂ ਨੇ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰ ਲਈ ਹੈ। ਬਾਕੀ ਲੋਕਾਂ ਨੂੰ ਵੀ ਇਸ ਪ੍ਰਕਿਰਿਆ ਨੂੰ ਜਲਦੀ ਪੂਰਾ ਕਰਨਾ ਚਾਹੀਦਾ ਹੈ। ਸਰਕਾਰ ਨੇ ਇਲਾਕੇ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਬੰਧ ਵਿੱਚ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।