ਅੱਜ ਚੰਡੀਗੜ੍ਹ ਵਿਖੇ CM ਮਾਨ ਵੱਲੋਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਦੱਸ ਦੇਈਏ ਕਿ ਅੱਜ ਇੱਥੇ 700 ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਇਤਿਹਾਸਕ ਮੌਕੇ ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ।
ਉਨ੍ਹਾਂ ਨੇ ਕਿਹਾ ਕਿ ਇਹ ਨੌਕਰੀ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦਾ ਫਲ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਹੋ ਚੁੱਕੀ ਹੈ ਕਿਉਂਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆਕਲਪ ਕੀਤੀ ਜਾ ਰਹੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ’ਤੇ ਸਭ ਤੋਂ ਵੱਧ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਦੁਹਰਾਇਆ ਕਿ ਸੂਬਾ ਸਰਕਾਰ ਵਿਭਾਗ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਲਈ ਢੁਕਵੀਂ ਵਿਧੀ ਅਪਣਾਈ ਗਈ ਹੈ ਜਿਸ ਕਰਕੇ ਹੁਣ ਤੱਕ 55,000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਪਰ ਇਕ ਵੀ ਨੌਕਰੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨਾਲ ਸਰਕਾਰ ਪ੍ਰਤੀ ਨੌਜਵਾਨਾਂ ਦੀ ਭਰੋਸੇਯੋਗਤਾ ਵਧੀ ਹੈ ਜਿਸ ਕਰਕੇ ਹੁਣ ਉਹ ਵਿਦੇਸ਼ ਜਾਣ ਦਾ ਵਿਚਾਰ ਤਿਆਗ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਵਿਦੇਸ਼ ਜਾਣ ਦੇ ਪੁਰਾਣੇ ਰੁਝਾਨ ਦੇ ਉਲਟ ਸੂਬੇ ਦੇ ਵਿਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਲੰਬੇ ਸ਼ਾਸਨ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਕਰ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਇਨਕਾਰ ਕੀਤਾ ਸੀ, ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਬਾਹਰ ਦਾ ਰਸਤਾ ਵਿਖਾਇਆ। ਭਗਵੰਤ ਸਿੰਘ ਮਾਨ ਨੇ ਵਿਅੰਗ ਕੱਸਦਿਆਂ ਕਿਹਾ ਕਿ ਇਹ ਬੜੀ ਇਤਫਾਕ ਦੀ ਗੱਲ ਹੈ ਕਿ ਹੁਣ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ ਪਰ ਜਿਨ੍ਹਾਂ ਨੇ ਇਨ੍ਹਾਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ, ਉਹ ਹੁਣ ਬੇਰੁਜ਼ਗਾਰ ਹਨ ਅਤੇ ਸੱਤਾ ਤੋਂ ਬਾਹਰ ਬੈਠੇ ਹਨ।