ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਦੋ ਸਬ ਡਵੀਜ਼ਨਾਂ ਮੂਨਕ ਤੇ ਦਿੜ੍ਹਬਾ ਦੇ ਪਿੰਡਾਂ ਜਨਾਲ ਅਤੇ ਬਾਦਲਗੜ੍ਹ ਵਿਖੇ ਅੱਜ ਲੱਗੇ ਕੈਂਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।
ਉਪ ਮੰਡਲ ਮੈਜਿਸਟਰੇਟ ਮੂਨਕ ਸੂਬਾ ਸਿੰਘ ਅਤੇ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਆਪੋ ਆਪਣੀਆਂ ਸਬ ਡਵੀਜਨਾਂ ਅੰਦਰ ਲੱਗੇ ਕੈਂਪਾਂ ਦੀ ਨਿਗਰਾਨੀ ਕੀਤੀ ਅਤੇ ਉਥੇ ਪਹੁੰਚਣ ਵਾਲੇ ਲੋਕਾਂ ਦੀਆਂ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦੇ ਢੁਕਵੇਂ ਹੱਲ ਨੂੰ ਯਕੀਨੀ ਬਣਾਇਆ । ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਦੀ ਅਗਵਾਈ ਹੇਠ ਹਰ ਬੁੱਧਵਾਰ ਇਸ ਮੁਹਿੰਮ ਦੇ ਤਹਿਤ ਹੀ ਜ਼ਿਲ੍ਹੇ ਦੇ ਕਿਸੇ ਇੱਕ ਪਿੰਡ ਜਾਂ ਸ਼ਹਿਰੀ ਹਿੱਸੇ ਵਿੱਚ ਜਾ ਕੇ ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਦੇ ਹਨ।
‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਲੜੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਜਾਂ ਨੁਮਾਇੰਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਜੁਟੇ ਰਹੇ। ਇਨ੍ਹਾਂ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ ਵੱਖ ਵੱਖ ਸਰਕਾਰੀ ਸੇਵਾਵਾਂ ਦੇ ਨਾਲ ਨਾਲ ਲੋਕਾਂ ਨਾਲ ਸਿੱਧੇ ਤੌਰ ’ਤੇ ਸਬੰਧਤ ਵਿਭਾਗਾਂ ਜਿਵੇਂ ਸਿਹਤ ਵਿਭਾਗ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ ਤੇ ਹੋਰ ਸਹਾਇਕ ਧੰਦਿਆਂ ਨਾਲ ਸਬੰਧਤ ਵਿਭਾਗ ਆਦਿ ਦੇ ਅਧਿਕਾਰੀ ਮੌਕੇ ’ਤੇ ਮੌਜੂਦ ਰਹਿ ਕੇ ਪ੍ਰਾਪਤ ਬਿਨੈ ਪੱਤਰਾਂ ’ਤੇ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਲੋਕਾਂ ਦੇ ਕੀਮਤੀ ਸਮੇਂ ਤੇ ਧਨ ਦੀ ਬੱਚਤ ਕਰਨ ਵਿੱਚ ਇਹ ਕੈਂਪ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਅਜਿਹੇ ਕੈਂਪਾਂ ਰਾਹੀਂ ਲੋਕਾਂ ਤੋਂ ਮਿਲਣ ਵਾਲੀ ਫੀਡਬੈਕ ਵੀ ਕਾਰਗਾਰ ਸਾਬਤ ਹੋ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h