ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਜਾ ਫੇਜ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ।
ਮੁਹਾਲੀ ਵਿਕਾਸ ਭਵਨ ਵਿਖੇ ਆਯੋਜਿਤ ਹਫਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਹਰ ਹਾਲਤ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨ ਦੇ ਆਦੇਸ਼ ਵੀ ਦਿੱਤੇ।
ਕੈਬਨਿਟ ਮੰਤਰੀ ਨੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਜ਼ਿਆਦਾਤਰ ਸ਼ਿਕਾਇਤਾਂ ਪੰਚਾਇਤੀ ਜ਼ਮੀਨਾਂ ਨਾਲ ਸਬੰਧਤ ਆ ਰਹੀਆਂ ਹਨ, ਜਿਨ੍ਹਾਂ ਦਾ ਬਿਨ੍ਹਾ ਦੇਰੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਮੁਲਾਜ਼ਮਾਂ ਨੂੰ ਨਹੀਂ ਬਖ਼ਸ਼ੇਗੀ।
ਲੋਕਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਵਿਕਾਸ ਭਵਨ ਵਿਖੇ ਹਫਤਾਵਾਰੀ ਜਨਤਾ ਦਰਬਾਰ ਪ੍ਰੋਗਰਾਮ ਕਰਵਾ ਰਹੇ ਹਨ ਤਾਂ ਜੋ ਹਰ ਸ਼ਨੀਵਾਰ ਨੂੰ ਅਜਨਾਲਾ ਤੋਂ ਇਲਾਵਾ ਹੋਰਨਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਥਾਵਾਂ ‘ਤੇ ਨਹੀਂ ਜਾ ਸਕਦਾ ਹੈ, ਤਾਂ ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਮਸਲਿਆਂ ਨੂੰ ਤੁਰੰਤ ਅਤੇ ਤਸੱਲੀਬਖਸ਼ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h