punjab revenue flood victims: ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ।

ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਤਹਿਸੀਲਦਾਰ ਹਰਮਿੰਦਰ ਸਿੰਘ ਘੋਲੀਆ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਵੱਲੋਂ ਸੌਂਪਿਆ ਗਿਆ। ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਲੋਕ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਐਸੋਸੀਏਸ਼ਨ ਨੇ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਮਦਦ ਵਾਸਤੇ ਅੱਗੇ ਆ ਕੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਯੋਗਦਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪੰਜਾਬ ਰਾਜ ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਸ੍ਰੀ ਨੀਲ ਗਰਗ ਅਤੇ ਮਾਲ ਮੰਤਰੀ ਦੇ ਨਿੱਜੀ ਸਕੱਤਰ ਸ. ਬਲਵਿੰਦਰ ਸਿੰਘ ਵੀ ਮੌਜੂਦ ਸਨ।