Punjab Weather News: ਪੰਜਾਬ ‘ਚ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਮੰਗਲਵਾਰ ਨੂੰ ਸੂਰਜ ਨਿਕਲਿਆ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਸੂਬੇ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਾਲਾਤ ਵਿਗੜ ਗਏ ਹਨ। ਪੰਜਾਬ ਪੁਲਿਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਸੋਮਵਾਰ ਨੂੰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਨਿਕਾਸੀ ਕਾਰਜ ਕੀਤੇ।
ਮੌਸਮ ਵਿਭਾਗ ਨੇ ਮੰਗਲਵਾਰ ਨੂੰ ਅਜੇ ਤੱਕ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਪੂਰਬੀ ਮਾਲਵੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਸਏਐਸ ਨਗਰ, ਰੂਪਨਗਰ, ਫਤਹਿਗੜ੍ਹ ਸਾਹਿਬ, ਜਲੰਧਰ ਦਿਹਾਤੀ ਅਤੇ ਪਟਿਆਲਾ ਸ਼ਾਮਲ ਹਨ। NDRF ਦੀਆਂ 15 ਟੀਮਾਂ ਅਤੇ SDRF ਦੀਆਂ 2 ਯੂਨਿਟਾਂ ਪਾਣੀ ਭਰਨ ਅਤੇ ਨਿਕਾਸੀ ਦੇ ਨਾਲ-ਨਾਲ ਬਚਾਅ ਕਾਰਜਾਂ ਲਈ ਤਾਇਨਾਤ ਕੀਤੀਆਂ ਗਈਆਂ ਹਨ।
ਦੱਸ ਦਈਏ ਕਿ ਸੂਬੇ ‘ਚ ਸੁਲਤਾਨਪੁਰ ਲੋਧੀ ਨੇੜੇ ਮੰਡਾਲਾ ਵਿੱਚ ਵੀ ਧੁੱਸੀ ਬੰਨ੍ਹ ਟੁੱਟ ਗਿਆ ਹੈ। ਪਾਣੀ ਪਿੰਡਾਂ ਵਿੱਚ ਦਾਖਲ ਹੋ ਗਿਆ। ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਸਤਲੁਜ ਦੇ ਪਾਣੀ ਨਾਲ ਧੁੱਸੀ ਬੰਨ੍ਹ ਟੁੱਟ ਗਿਆ ਹੈ। ਇਸ ਦੇ ਨਾਲ ਹੀ ਸਤਲੁਜ ਦਰਿਆ ਦੇ ਨਾਲ-ਨਾਲ ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਇਲਾਕੇ ‘ਚ ਲੱਖੇ ਦੀਆ ਛੰਨਾ ‘ਚ ਦੋ ਥਾਵਾਂ ‘ਤੇ ਧੁੱਸੀ ਬੰਨ੍ਹ ਟੁੱਟ ਗਿਆ। ਇਸੇ ਦੌਰਾਨ ਲੋਹੀਆਂ ‘ਚ ਪਾਣੀ ਦੇ ਤੇਜ਼ ਵਹਾਅ ‘ਚ ਫਸਿਆ ਨੌਜਵਾਨ ਆਪਣੀ ਬਾਈਕ ਕੱਢਦੇ ਸਮੇਂ ਰੁੜ੍ਹ ਗਿਆ। ਨੌਜਵਾਨ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਲੋਕਾਂ ਨੂੰ ਬਚਾਉਣ ਲਈ ਐਨਡੀਆਰਐਫ ਦੀ ਟੀਮ ਨੇ ਦੇਰ ਰਾਤ ਤੱਕ ਮੁਹਿੰਮ ਜਾਰੀ ਰੱਖੀ।
ਇਸ ਦੇ ਨਾਲ ਹੀ ਪਟਿਆਲਾ ਵਿੱਚ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ। ਘੱਗਰ ਦਰਿਆ ਵਿੱਚ ਪਾਣੀ ਦਾ ਵਹਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਪਟਿਆਲਾ ਸ਼ਹਿਰ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਿਆ ਹੈ। ਨੀਵੇਂ ਇਲਾਕਿਆਂ ਵਿੱਚ 5-5 ਫੁੱਟ ਤੱਕ ਪਾਣੀ ਚੜ੍ਹ ਗਿਆ ਹੈ।
ਉਧਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 20 ਫੁੱਟ ਦੀ ਸਮਰੱਥਾ ਬਚੀ ਹੈ। ਜੇਕਰ ਪਾਣੀ ਦਾ ਪੱਧਰ ਲਗਾਤਾਰ ਵਧਦਾ ਰਿਹਾ ਤਾਂ ਇਹ ਪੰਜਾਬ ਲਈ ਹੋਰ ਚਿੰਤਾਜਨਕ ਬਣ ਜਾਵੇਗਾ। ਇਸ ਤੋਂ ਬਾਅਦ ਮਾਝੇ ਅਤੇ ਦੁਆਬੇ ਵਿੱਚ ਵੀ ਹੜ੍ਹ ਦੀ ਸਥਿਤੀ ਬਣੀ ਰਹੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਖੜਾ ਡੈਮ ਇਸ ਸਮੇਂ 1621 ਫੁੱਟ ‘ਤੇ ਹੈ। ਪਿਛਲੇ ਦੋ ਦਿਨਾਂ ਵਿੱਚ ਪਾਣੀ ਦਾ ਪੱਧਰ ਕਰੀਬ 20 ਫੁੱਟ ਵੱਧ ਗਿਆ ਹੈ। ਗੇਟ ਦਾ ਪੱਧਰ 1645 ਫੁੱਟ ਹੈ। ਹੁਣ ਇੱਥੇ 20 ਫੁੱਟ ਹੋਰ ਪਾਣੀ ਸਟੋਰ ਕਰਨ ਦੀ ਸਮਰੱਥਾ ਹੈ।
ਮਾਨ ਸਰਕਾਰ ਵਲੋਂ 33.50 ਕਰੋੜ ਰੁਪਏ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਵਿੱਚ ਅੰਮ੍ਰਿਤਸਰ ਅਤੇ ਫਾਜ਼ਿਲਕਾ ਲਈ 1.50 ਕਰੋੜ ਰੁਪਏ, ਬਠਿੰਡਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਫਰੀਦਕੋਟ ਲਈ 1-1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
ਗੁਰਦਾਸਪੁਰ ਨੂੰ 1.50 ਕਰੋੜ ਰੁਪਏ, ਜਲੰਧਰ, ਕਪੂਰਥਲਾ ਅਤੇ ਲੁਧਿਆਣਾ ਨੂੰ 2-2 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਮਾਨਸਾ, ਮਲੇਰਕੋਟਲਾ ਅਤੇ ਪਠਾਨਕੋਟ ਨੂੰ 1-1 ਕਰੋੜ ਰੁਪਏ ਅਤੇ ਰੂਪਨਗਰ ਨੂੰ 2.50 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ। ਮੁਕਤਸਰ ਨੂੰ 2 ਕਰੋੜ, ਸੰਗਰੂਰ ਨੂੰ 1.50 ਕਰੋੜ ਅਤੇ ਤਰਨਤਾਰਨ ਨੂੰ 2 ਕਰੋੜ ਰੁਪਏ ਦਿੱਤੇ ਗਏ ਹਨ।
ਮਦਦ ਲਈ ਅੱਗੇ ਆਈ SGPC
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਨੇ ਇਸ ਨਾਲ ਜੁੜੇ ਗੁਰਦੁਆਰਿਆਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੰਗਰ ਅਤੇ ਜ਼ਰੂਰੀ ਵਸਤਾਂ ਪਹੁੰਚਾਉਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਕੌਮ ਨੂੰ ਸੰਦੇਸ਼ ਦਿੰਦੇ ਹੋਏ ਸਾਰਿਆਂ ਨੂੰ ਅੱਗੇ ਆਉਣ ਅਤੇ ਮਦਦ ਕਰਨ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h