Ravneet Bittu’s warning to Bhagwant Mann: ਅਨਾਜ ਦੀ ਢੋਆ-ਢੁਆਈ ਮਾਮਲੇ ‘ਚ ਕਾਂਗਰਸੀ ਕੌਂਸਲਰ ਗਗਨਦੀਪ ਸਿੰਘ ਸੰਨੀ ਭੱਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਂਸਦ ਰਵਨੀਤ ਬਿੱਟੂ ਕਾਫੀ ਭੜਕ ਗਏ ਹਨ। ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਕੇ ਉਨ੍ਹਾਂ ਨੇ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਜੀਲੈਂਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ। ਵੀਡੀਓ ‘ਚ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਜੀਲੈਂਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਵਰਕਰਾਂ ਨੂੰ ਧਮਕੀਆਂ ਦੇਣ ਅਤੇ ਤੰਗ-ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਇਸ ਦੇ ਨਤੀਜੇ ਭਿਆਨਕ ਹੋਣਗੇ।
ਰਵਨੀਤ ਬਿੱਟੂ ਨੇ ਕਿਹਾ ਕਿ ਜਾਂ ਤਾਂ ਮੈਨੂੰ ਕੇਸ ਪਾ ਕੇ ਜੇਲ੍ਹ ਭੇਜ ਦਿਓ, ਨਹੀਂ ਤਾਂ ਭੁਗਤਣ ਲਈ ਤਿਆਰ ਰਹੋ। ਇਸ ਦੇ ਨਾਲ ਹੀ ਬਿੱਟੂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਗੁਜਰਾਤ ਤੇ ਹਿਮਾਚਲ ਦੀਆਂ ਵਿਧਾਨ ਸਭਾ ਚੋਣਾਂ ‘ਚ ਵੋਟਾਂ ਹਾਸਲ ਕਰਨ ਲਈ ਝੂਠੇ ਕੇਸ ਬਣਾ ਰਹੀ ਹੈ।
ਬਿੱਟੂ ਦੀ ਵਿਜੀਲੈਂਸ ਅਧਿਕਾਰੀਆਂ ਨੂੰ ਚਿਤਾਵਨੀ
ਨਾਲ ਹੀ ਉਨ੍ਹਾਂ ਵਿਜੀਲੈਂਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਵੀ ਅਫਸਰਾਂ ਵਜੋਂ ਕੰਮ ਕਰਨ ਨਾ ਕਿ ਪਾਰਟੀ ਵਰਕਰਾਂ ਵਜੋਂ ਕਿਉਂਕਿ ਬਾਅਦ ਵਿੱਚ ਜਦੋਂ ਉਨ੍ਹਾਂ ਨੂੰ ਅਦਾਲਤ ਵਿੱਚ ਘਸੀਟਿਆ ਜਾਂਦਾ ਹੈ ਤਾਂ ਕਿਸੇ ਨੇ ਉਨ੍ਹਾਂ ਦਾ ਸਾਥ ਨਹੀਂ ਦੇਣਾ ਹੁੰਦਾ।
ਨਾਲ ਹੀ ਸਾਂਸਦ ਨੇ ਦੋਸ਼ ਲਾਇਆ ਹੈ ਕਿ ਦੀਵਾਲੀ ਮੌਕੇ ਵਪਾਰੀਆਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਵਿਜੀਲੈਂਸ ਨੂੰ ਪੈਸੇ ਦੇਣ ਵਾਲੇ ਵਪਾਰੀ ਨੂੰ ਛੱਡ ਦਿੱਤਾ ਜਾਂਦਾ ਹੈ ਅਤੇ ਬਾਕੀਆਂ ਨੂੰ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮਾਹੌਲ ਸਿਰਫ਼ ਤੋਹਫ਼ੇ ਅਤੇ ਪੈਸਾ ਕਮਾਉਣ ਲਈ ਬਣਾਇਆ ਜਾ ਰਿਹਾ ਹੈ।
ਆਉਣ ਵਾਲੇ ਦਿਨਾਂ ਵਿੱਚ ਨਤੀਜੇ ਭੁਗਤਣ ਲਈ ਤਿਆਰ ਰਹੇ ਸਰਕਾਰ
ਰਵਨੀਤ ਬਿੱਟੂ ਨੇ ਕਿਹਾ ਕਿ ਸਰਕਾਰ ਨੂੰ ਆਉਣ ਵਾਲੇ ਦਿਨਾਂ ਵਿੱਚ ਨਤੀਜੇ ਭੁਗਤਣ ਲਈ ਤਿਆਰ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਵਿਜੀਲੈਂਸ ਅਧਿਕਾਰੀਆਂ ਵੱਲੋਂ ਕੀਤੀਆਂ ਗਲਤ ਹਰਕਤਾਂ ਦੇ ਸਬੂਤ ਵੀ ਹਨ। ਉਸ ਨੂੰ ਵੀ ਅੱਗੇ ਰੱਖਿਆ ਜਾਵੇਗਾ।