Maximum Jobs Opportunities for Youth: ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਦਯੋਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਨੌਕਰੀਆਂ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਜੋ ਨੌਜਵਾਨਾਂ ਨੂੰ ਸਨਅਤਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਸਿਖਲਾਈ ਦਿੱਤੀ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ।
ਪੇਡਾ ਕੰਪਲੈਕਸ ਵਿਖੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਦੇ ਫੀਲਡ ਸਟਾਫ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਇਨ੍ਹਾਂ ਅਧਿਕਾਰੀਆਂ ਨੂੰ ਵਿਭਾਗ ਕੋਲ ਰਜਿਸਟਰਡ ਨੌਜਵਾਨਾਂ ਦੀ ਪਲੇਸਮੈਂਟ ਦਰ ਨੂੰ ਹੋਰ ਵਧਾਉਣ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਜਿਸਟਰਡ ਨੌਜਵਾਨਾਂ ਦੀ ਨੌਕਰੀ ਲਈ ਪਲੇਸਮੈਂਟ ਨਾਲ ਹੀ ਸੂਬੇ ਵਿੱਚ ਉਦਯੋਗ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਦਰਮਿਆਨ ਪਾੜੇ ਨੂੰ ਪੂਰਿਆ ਜਾ ਸਕਦਾ ਹੈ ਅਤੇ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕੋਈ ਪ੍ਰਾਪਤੀ ਨਹੀਂ ਹੈ, ਸਗੋਂ ਜਦੋਂ ਇਸ ਰਜਿਸਟ੍ਰੇਸ਼ਨ ਨੂੰ ਪਲੇਸਮੈਂਟ ਵਿੱਚ ਬਦਲ ਦਿੱਤਾ ਜਾਵੇਗਾ ਤਾਂ ਮੈਂ ਇਸ ਨੂੰ ਪ੍ਰਾਪਤੀ ਸਮਝਾਂਗਾ। ਉਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਨੂੰ ਬੇਹੱਦ ਨੇਕ ਕਾਰਜ ਕਰਾਰ ਦਿੱਤਾ। ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫਸਰਾਂ ਅਤੇ ਬਲਾਕ ਮਿਸ਼ਨ ਮੈਨੇਜਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਗ਼ੌਰ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਜ਼ਮੀਨੀ ਪੱਧਰ ‘ਤੇ ਮੁੱਦਿਆਂ ਅਤੇ ਮੰਗਾਂ ਨੂੰ ਸਮਝਣ ਵਿੱਚ ਸਹਾਈ ਸਿੱਧ ਹੋਣਗੇ ਜਿਸ ਨਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਸੁਧਾਰ ਆਵੇਗਾ।
ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਇੱਕ ਪੇਸ਼ਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 2148 ਪਲੇਸਮੈਂਟ ਕੈਂਪ ਲਗਾਉਣ ਤੋਂ ਇਲਾਵਾ ਅਪ੍ਰੈਲ 2022 ਤੋਂ ਹੁਣ ਤੱਕ 1,33,277 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਸਹਿਯੋਗ ਕੀਤਾ ਗਿਆ ਹੈ।
Employment Generation, Skill Development & Training Minister @AroraAmanSunam directed the department officials to reach out to industries to get familiarised with the job requirements so that youth could be trained according to their needs for creating maximum job opportunities. pic.twitter.com/uZOo3ZZsFd
— Government of Punjab (@PunjabGovtIndia) April 11, 2023
ਅਮਨ ਅਰੋੜਾ ਨੇ ਪਿਛਲੇ ਹਫਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਦਯੋਗਾਂ ਵਿੱਚ ਨੌਕਰੀਆਂ ਸਬੰਧੀ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਲਈ ਸੀ ਤਾਂ ਜੋ ਉਦਯੋਗਿਕ ਖੇਤਰ ਲਈ ਹੁਨਰਮੰਦ ਕਾਮਿਆਂ ਦਾ ਪੂਲ ਤਿਆਰ ਕੀਤਾ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h