ਇੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਫਤਰ ਸਾਹਮਣੇ ਬੀਤੇ ਕਰੀਬ ਡੇਢ ਮਹੀਨੇ ਤੋਂ ਬੈਠੇ ਮੀਟਰ ਰੀਡਰ ਯੂਨੀਅਨ (ਆਜ਼ਾਦ) ਦੇ 50 ਮੈਂਬਰਾਂ ਨੂੰ ਨਿਯੁਕਤੀ ਪੱਤਰ ਦੇ ਕੇ ਉਨ੍ਹਾਂ ਦਾ ਧਰਨਾ ਖ਼ਤਮ ਕਰਵਾਇਆ। ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਧਰਨੇ ’ਤੇ ਬੈਠੇ ਮੀਟਰ ਰੀਡਰਾਂ ਨਾਲ ਬੀਤੇ ਦਿਨੀਂ ਉਨ੍ਹਾਂ ਨੇ ਗੱਲਬਾਤ ਕੀਤੀ ਸੀ ਅਤੇ ਉਨ੍ਹਾਂ ਦਾ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ।
ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੀਟਰ ਰੀਡਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਅਤੇ ਜੋ ਬਾਕੀ ਮੀਟਰ ਰੀਡਰ ਰਹਿ ਗਏ ਹਨ, ਉਨ੍ਹਾਂ ਨੂੰ ਵੀ ਪੀਐੱਸਪੀਸੀਐੱਲ ਵੱਲੋਂ ਜਿੱਥੇ ਉਹ ਪਹਿਲਾਂ ਡਿਊਟੀ ਕਰ ਰਹੇ ਸਨ, ਉੱਥੋਂ ਦੇ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਗੁਲਾਮ ਨਬੀ ਆਜ਼ਾਦ ਜਲਦ ਬਣਾਉਣਗੇ ਆਪਣੀ ਪਾਰਟੀ..
ਇਸ ਬਾਬਤ ਮੀਟਰ ਰੀਡਰ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਮੇਜਰ ਸਿੰਘ ਨੇ ਕਿਹਾ ਬੇਸ਼ੱਕ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਦਿੱਤੇ ਗਏ ਹਨ ਪਰ ਅਜੇ ਵੀ ਉਨ੍ਹਾਂ ਕੋਲੋਂ ਕੰਮ ਨਿੱਜੀ ਕੰਪਨੀਆਂ ਵੱਲੋਂ ਹੀ ਕਰਵਾਇਆ ਜਾ ਰਿਹਾ ਹੈ। ਜੇਕਰ ਸਰਕਾਰ ਸਿੱਧੀ ਉਨ੍ਹਾਂ ਕੋਲੋਂ ਕੰਮ ਕਰਵਾਉਂਦੀ ਹੈ ਤਾਂ ਸਰਕਾਰ ਦੀ ਕਰੋੜਾਂ ਰੁਪਏ ਦੀ ਬੱਚਤ ਹੋ ਸਕਦੀ ਹੈ। ਇਸ ਸਬੰਧੀ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਇਹ ਮਾਮਲਾ ਵੀ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਜਲਦੀ ਹੀ ਇਸ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ।