ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਉੱਘੇ ਕਾਰੋਬਾਰੀਆਂ ਨਾਲ ਮੀਟਿੰਗਾਂ ਦੌਰਾਨ ਸੂਬੇ ਨੂੰ ਦੁਨੀਆ ਦੇ ਸਭ ਤੋਂ ਬਿਹਤਰੀਨ ਨਿਵੇਸ਼ ਸਥਾਨਾਂ ਵਿੱਚੋਂ ਇੱਕ ਦੱਸਿਆ।ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ ਅਥਾਹ ਸੰਭਵਾਨਾਵਾਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਨਾਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡੇ ਪੱਧਰ ‘ਤੇ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਮੁੱਖ ਤੌਰ ‘ਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦੀ ਨੀਂਹ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਆਰਥਿਕ ਵਿਕਾਸ ਦਾ ਇੰਜਣ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਚੰਗੀ ਤਰ੍ਹਾਂ ਸਮਝਦਿਆਂ ਹਰ ਖੇਤਰ, ਭਾਵੇਂ ਉਹ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਹੋਵੇ, ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਕੰਪਨੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ, ਨਿਰਵਿਘਨ ਬਿਜਲੀ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਸਾਜਗਾਰ ਉਦਯੋਗਿਕ ਅਤੇ ਕੰਮਕਾਜੀ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ। ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਖੋਜ ਕਾਰਜਾਂ ਨੂੰ ਅਪਨਾਉਣ ਅਤੇ ਗੌਰ ਨਾਲ ਸੁਣਨ ਲਈ ਹਮੇਸ਼ਾ ਤਿਆਰ ਹੈ।
ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਛੇਵੇਂ ਐਡੀਸ਼ਨ ਲਈ ਸੱਦਾ ਦਿੱਤਾ ਅਤੇ ਕਿਹਾ ਕਿ ਇਹ ਸੰਮੇਲਨ 13, 14 ਅਤੇ 15 ਮਾਰਚ, 2026 ਨੂੰ ਮੋਹਾਲੀ, ਪੰਜਾਬ ਵਿਖੇ ਹੋਵੇਗਾ ਅਤੇ ਇਸ ਦੌਰਾਨ ਉਦਯੋਗਪਤੀ, ਨੀਤੀ ਘਾੜ੍ਹੇ ਅਤੇ ਖੋਜਕਾਰ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਹੋਰ ਬੁਲੰਦਿਆਂ ‘ਤੇ ਲੈ ਜਾਣ ਬਾਰੇ ਵਿਚਾਰ ਸਾਂਝੇ ਕਰਨਗੇ ਅਤੇ ਸਹਿਯੋਗ ਦੇਣ ਲਈ ਇਕੱਠੇ ਹੋਣਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀ ਮੁਹਾਰਤ ਅਤੇ ਸੂਝ ਪੰਜਾਬ ਦੇ ਭਵਿੱਖ ਨੂੰ ਆਕਾਰ ਦੇਣ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਸਮਰੱਥਾ ਨੂੰ ਉਜਾਗਰ ਕਰਨ ਅਤੇ ਸਮਝਣ, ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਨੈੱਟਵਰਕਿੰਗ ਲਈ ਆਦਰਸ਼ ਮੰਚ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇੱਕਜੁੱਟ ਹੋ ਕੇ ਪੰਜਾਬ ਵਿੱਚ ਟਿਕਾਊ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲਾ ਉਦਯੋਗਿਕ ਮਾਹੌਲ ਸਿਰਜ ਸਕਦੇ ਹਾਂ, ਜਿਸ ਲਈ ਤੁਹਾਡੀ ਭਾਈਵਾਲੀ, ਵਿਸ਼ਵਾਸ ਅਤੇ ਵਚਨਬੱਧਤਾ ਬੇਹੱਦ ਜ਼ਰੂਰੀ ਹੈ।
ਅੱਜ ਇੱਥੇ ਉਦਯੋਗ ਜਗਤ ਦੇ ਆਗੂਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਸ਼ੁਰੂ ਤੋਂ ਹੀ ਇਸ ਦੀ ਮਿਹਨਤੀ ਤੇ ਉੱਦਮੀ ਭਾਵਨਾ ਅਤੇ ਅਮੀਰ ਵਿਰਾਸਤ ਨਾਲ ਜਾਣਿਆ ਜਾਂਦਾ ਰਿਹਾ ਹੈ ਅਤੇ ਨਾਲ ਹੀ ਕਿਹਾ ਕਿ ਸੂਬੇ ਨੂੰ ਭਾਰਤ ਦਾ ਅੰਨ ਭੰਡਾਰ ਹੋਣ ਦਾ ਮਾਣ ਹਾਸਲ ਹੈ, ਜੋ ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਡਾ ਹਿੱਸਾ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਉਦਯੋਗਿਕ ਸਫ਼ਰ ਵਿੱਚ ਇੱਕ ਵੱਡੀ ਤਬਦੀਲੀ ਅਤੇ ਪ੍ਰਗਤੀ ਦੇਖਣ ਨੂੰ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬਾ ਇੱਕ ਉਦਯੋਗਿਕ ਹੱਬ ਬਣ ਗਿਆ ਹੈ, ਜੋ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ, ਆਈ.ਟੀ., ਸੈਰ-ਸਪਾਟਾ ਅਤੇ ਹੋਰ ਖੇਤਰਾਂ ਵਿੱਚ ਮੋਹਰੀ ਬਣ ਕੇ ਉੱਭਰਿਆ ਹੈ।






