ਅੰਮ੍ਰਿਤਸਰ : ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗ ਲਈ ਅੱਜ ਮੱਧ ਪ੍ਰਦੇਸ਼ ਦੇ ਅਸ਼ੋਕ ਨਗਰ ਤੋਂ ਓਬੀਸੀ ਮਹਾਂ ਸਭਾ ਦੇ ਨੁਮਾਇੰਦਿਆਂ ਵੱਲੋਂ 1 ਲੱਖ 7 ਹਜ਼ਾਰ 311 ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪਿਆ ਗਿਆ।
ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਿੱਖ ਸੰਸਥਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਸੇਵਾਵਾਂ ਕਰ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰੀ ਲੋੜਾਂ ਨੂੰ ਪੂਰਿਆਂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਬੰਨਾਂ ਨੂੰ ਮਜ਼ਬੂਤ ਕਰਨ ਅਤੇ ਜ਼ਮੀਨਾਂ ਪੱਧਰੀਆਂ ਕਰਨ ਵਾਸਤੇ ਡੀਜ਼ਲ ਦੇਣ ਦੇ ਨਾਲ-ਨਾਲ ਹੋਰ ਲੋੜੀਂਦੇ ਕਾਰਜ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੀ ਵੱਡਾ ਸਹਿਯੋਗ ਕਰ ਰਹੀਆਂ ਹਨ। ਇਸੇ ਤਹਿਤ ਹੀ ਮੱਧ ਪ੍ਰਦੇਸ਼ ਤੋਂ ਸੰਗਤਾਂ ਨੇ 1 ਲੱਖ 7 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ ਹੈ। ਸਕੱਤਰ ਸ. ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦਾ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਇਸ ਮੌਕੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਓਬੀਸੀ ਮਹਾਂ ਸਭਾ ਦੇ ਨੁਮਾਇੰਦੇ ਸ੍ਰੀ ਰਾਮਰਾਜ ਪਟੇਲ, ਸ੍ਰੀ ਛੋਟੇ ਲਾਲ ਪਟੇਲ, ਸ੍ਰੀ ਕਿਸ਼ਨ ਪਟੇਲ, ਸ੍ਰੀ ਅਰਵਿੰਦ ਪਟੇਲ, ਸ੍ਰੀ ਰਾਮਰਾਜ ਕੁਰਮੀ, ਸ੍ਰੀ ਮਹਿੰਦਰ ਪਟੇਲ, ਸ੍ਰੀ ਪ੍ਰਭਾਤ ਪਟੇਲ ਤੇ ਸ੍ਰੀ ਸ਼ਿਵਾ ਕੌਲ ਆਦਿ ਮੌਜੂਦ ਸਨ।