Punjab-Chandigarh Flood Updates: ਪੰਜਾਬ ‘ਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਸੂਬੇ ਅਤੇ ਚੰਡੀਗੜ੍ਹ ਦੀਆਂ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਸੜਕਾਂ ’ਤੇ ਪਾਣੀ ਜਮ੍ਹਾਂ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ ਕਈ ਇਲਾਕਿਆਂ ‘ਚ ਘਰਾਂ ‘ਚ ਵੀ ਪਾਣੀ ਭਰ ਗਿਆ।
ਪੰਜਾਬ ਦੇ ਦਰਿਆਵਾਂ ਵਿੱਚ ਵੀ ਪਾਣੀ ਦਾ ਵਹਾਅ ਕਾਫ਼ੀ ਜ਼ਿਆਦਾ ਹੋ ਗਿਆ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਸੂਬੇ ‘ਚ ਹਰ ਜ਼ਿਲ੍ਹੇ ‘ਚ ਹੜ੍ਹ ਕੰਟਰੋਲ ਰੂਮ ਬਣਾਏ ਗਏ ਹਨ ਅਤੇ ਸਰਕਾਰ ਵਲੋਂ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ ‘ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ ਮੌਸਮ ਵਿਭਾਗ ਮੁਤਾਬਕ ਕੱਲ੍ਹ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਮੋਹਾਲੀ ‘ਚ ਲਗਾਤਾਰ ਮੀਂਹ ਤੋਂ ਬਾਅਦ ਪਾਣੀ ਭਰ ਗਿਆ ਅਤੇ ਸ਼ਹਿਰ ਦੇ ਸੈਂਕੜੇ ਘਰਾਂ ‘ਚ ਪਾਣੀ ਵੜ ਗਿਆ। ਪੁਰਾਣੇ ਸ਼ਹਿਰ ਦੇ ਇਲਾਕੇ ਵਿੱਚ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਲ ਹੋਣ ਕਾਰਨ ਪਟਿਆਲਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੜ੍ਹ ਵਰਗੀ ਸਥਿਤੀ ਦੇਖਣ ਨੂੰ ਮਿਲੀ। ਪਾਣੀ ਦਾ ਪੱਧਰ ਵਧਣ ਕਾਰਨ ਘੱਗਰ ਨਦੀ ਦੇ ਕੰਢੇ ਵਸੇ ਲੋਕਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
ਭਾਰੀ ਮੀਂਹ ਕਾਰਨ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਇਲਾਕੇ ਵਿੱਚ ਭਾਰਤ-ਪਾਕਿ ਸਰਹੱਦ ਦੀ ਵਾੜ ਨੂੰ ਨੁਕਸਾਨ ਹੋਣ ਦੀ ਖ਼ਬਰ ਹੈ। ਮੋਗਾ, ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਵੀ ਸਤਲੁਜ ਦੇ ਪਾਣੀ ਦਾ ਪੱਧਰ ਵਧਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੁਕਤਸਰ, ਪਟਿਆਲਾ, ਸੰਗਰੂਰ ਅਤੇ ਤਰਨਤਾਰਨ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਚੰਡੀਗੜ੍ਹ ‘ਚ ਪਹਿਲੀ ਵਾਰ ਪਿਆ ਐਨਾ ਮੀਂਹ
ਭਾਰੀ ਮੀਂਹ ਕਾਰਨ ਚੰਡੀਗੜ੍ਹ ਵਿੱਚ ਪਹਿਲੀ ਵਾਰ ਸੁਖਨਾ ਝੀਲ ਵਿੱਚ ਪਾਣੀ ਦਾ ਸਭ ਤੋਂ ਵੱਧ ਵਹਾਅ ਦੇਖਣ ਨੂੰ ਮਿਲਿਆ। ਇਸ ਸਥਿਤੀ ਵਿੱਚ ਪੰਜਾਬ ਦੇ ਕੁਝ ਇਲਾਕਿਆਂ ਅਤੇ ਚੰਡੀਗੜ੍ਹ ਵਿੱਚ 10 ਅਤੇ 11 ਜੁਲਾਈ ਨੂੰ ਸਕੂਲ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਚੰਡੀਗੜ੍ਹ ਵਿੱਚ ਮੀਂਹ ਨੇ ਆਪਣਾ 23 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਸੀਜ਼ਨ ਦੇ 24 ਘੰਟਿਆਂ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਵੱਧ ਬਾਰਿਸ਼ ਹੈ। ਆਈਐਮਡੀ ਮੁਤਾਬਕ ਚੰਡੀਗੜ੍ਹ ਵਿੱਚ 24 ਘੰਟਿਆਂ ਵਿੱਚ 322.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 18 ਜੁਲਾਈ 2000 ਨੂੰ ਸ਼ਹਿਰ ਵਿੱਚ 262 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਭਾਰੀ ਮੀਂਹ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ ਅਤੇ ਟ੍ਰੈਫਿਕ ਜਾਮ ਹੋ ਗਿਆ। ਪ੍ਰਸ਼ਾਸਨ ਨੂੰ ਸ਼ਹਿਰ ਦੀਆਂ ਕਈ ਸੜਕਾਂ ਬੰਦ ਕਰਨੀਆਂ ਪਈਆਂ ਹਨ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਰੂਟ ਮੋੜ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h