Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਵਿਖੇ ਵਸਦੇ ਲੋਕਾਂ ਦੀ ਹਰ ਇੱਕ ਲੋੜ ਨੂੰ ਯੋਜਨਾਬੱਧ ਤਰੀਕੇ ਨਾਲ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਪਿਛਲੇ 11 ਮਹੀਨਿਆਂ ਤੋਂ ਲੜੀਵਾਰ ਢੰਗ ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਮਹੱਤਵਪੂਰਨ ਕੜੀ ਵਜੋਂ ਅੱਜ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਹੇ ਜਗਤਪੁਰਾ, ਗਹੀਰ ਕਲੋਨੀ ਅਤੇ ਕੱਚਾ ਪਹਾ ਵਿਚ ਰਹਿੰਦੇ ਪਰਿਵਾਰਾਂ ਦੀ ਪਿਛਲੇ ਕਰੀਬ ਡੇਢ ਦਹਾਕੇ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦਾ ਸਾਰਥਕ ਕਦਮ ਵਧਾਇਆ ਗਿਆ ਹੈ।
ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੀਵਰੇਜ ਦੀਆਂ ਸੁਵਿਧਾਵਾਂ ਦੀ ਨਵੀਨੀਕਰਨ ਯੋਜਨਾ ਦੇ ਤਹਿਤ 6.34 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।
ਅਮਨ ਅਰੋੜਾ ਨੇ ਕਿਹਾ ਭਗਵੰਤ ਮਾਨ ਸਰਕਾਰ ਸਮੂਹ ਪੰਜਾਬ ਵਾਸੀਆਂ ਦੇ ਹਿੱਤਾਂ ਪ੍ਰਤੀ ਸਾਕਾਰਾਤਮਕ ਸੋਚ ਰੱਖਦੇ ਹੋਏ ਹਰ ਉਸ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਤੋਂ ਪਿਛਲੀਆਂ ਸਰਕਾਰਾਂ ਨੇ ਪਿਛਲੇ 74 ਸਾਲਾਂ ਵਿੱਚ ਪੂਰੀ ਤਰ੍ਹਾਂ ਟਾਲਾ ਵੱਟ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣਾ ਰੱਖਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਵਾਰਡ ਨੰਬਰ 22 ਵਿਖੇ ਜਗਤਪੁਰਾ ਮੁਹੱਲਾ, ਗਹੀਰ ਕਲੋਨੀ ਅਤੇ ਕੱਚਾ ਪਹਾ ਦੇ ਕਰੀਬ 1500 ਪਰਿਵਾਰਾਂ ਨੂੰ ਇਸ ਯੋਜਨਾ ਤਹਿਤ ਲਾਭ ਮਿਲੇਗਾ ਅਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਦਾ ਮੁਕੰਮਲ ਤੌਰ ‘ਤੇ ਹੱਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਜਲ ਸਪਲਾਈ ਤੇ ਸੀਵਰੇਜ ਡਵੀਜ਼ਨ ਸੰਗਰੂਰ ਦੇ ਅਧਿਕਾਰੀਆਂ ਨੂੰ ਇਹ ਪ੍ਰੋਜੈਕਟ ਅਗਲੇ 5 ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਨਾਲ ਹੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਸੀਵਰਜ ਲਾਈਨ ਪੈਣ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ।
ਇਸ ਮੌਕੇ ਚੇਅਰਮੈਨ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਆਹਲੂਵਾਲੀਆ ਨੇ ਕੈਬਨਿਟ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਅਧਿਕਾਰੀਆਂ ਨੂੰ ਕੰਮ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h