ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਨਵਾਂਗਾਉੰ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਨੇੜਲੇ ਪਿੰਡ ਨਵਾਂਗਾਉਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖੁਦ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਇਸ ਮੁਹਿੰਮ ਦੀ ਅਗਵਾਈ ਕਰ ਰਹੇ ਹਨ ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ।

ਪਿੰਡ ਨਵਾਂਗਾਉਂ ਵਿਖੇ ਵਿਧਾਇਕ ਲਹਿਰਾ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਮੁਹਿੰਮ ਸਦਕਾ ਸੂਬੇ ਵਿਚ ਹੁਣ ਤੱਕ 12000 ਏਕੜ ਤੋਂ ਵੱਧ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਛੁਡਵਾ ਕੇ ਪੰਚਾਇਤਾਂ ਨੂੰ ਸੌਂਪੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲਹਿਰਾ ਹਲਕੇ ਅਧੀਨ ਆਉਂਦੇ ਇਸ ਪਿੰਡ ਦੀ ਇਹ ਜ਼ਮੀਨ ਪਿਛਲੇ ਲੰਬੇ ਸਮੇਂ ਤੋਂ ਨਾਜਾਇਜ਼ ਕਬਜ਼ੇ ਹੇਠ ਸੀ ਜਿਸ ਤੋਂ ਕਬਜ਼ਾਧਾਰੀਆਂ ਨੇ ਅੱਜ ਖੁਦ ਕਬਜ਼ਾ ਛੱਡ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਅਗਲੇ ਸੀਜ਼ਨ ਦੌਰਾਨ ਇਸ ਜ਼ਮੀਨ ਦੀ ਖੁੱਲ੍ਹੀ ਬੋਲੀ ਕਰਵਾਈ ਜਾਵੇਗੀ ਅਤੇ ਉਸ ਸਮੇਂ ਕੋਈ ਵੀ ਸਫ਼ਲ ਬੋਲੀਕਾਰ ਚਕੋਤੇ ਉਤੇ ਇਹ ਜ਼ਮੀਨ ਲੈ ਸਕੇਗਾ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਚਾਇਤੀ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬਹੁਤ ਗੰਭੀਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਕਬਜ਼ੇ ਜਿਹੀਆਂ ਘਟਨਾਵਾਂ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਗ੍ਰਾਮ ਪੰਚਾਇਤ ਨੂੰ ਸੌਂਪ ਕੇ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਦੀ ਦਿਸ਼ਾ ਵਿੱਚ ਨਿਰੰਤਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ। ਉਨ੍ਹਾਂ ਨਾਲ ਹੀ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਖ਼ਾਲੀ ਕਰਵਾਈ ਜ਼ਮੀਨ ‘ਤੇ ਮੁੜ ਤੋਂ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵਿਧਾਇਕ ਬਰਿੰਦਰ ਗੋਇਲ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਜੋਸ਼ੋ ਖਰੋਸ਼ ਨਾਲ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਭਾਗ ਦੇ ਜਾਇੰਟ ਡਾਇਰੈਕਟਰ (ਸ਼ਾਮਲਾਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਡਵੀਜ਼ਨਲ ਡਿਪਟੀ ਡਾਇਰੈਕਟਰ ਪੰਚਾਇਤ ਵਿਨੋਦ ਕੁਮਾਰ ਗਾਗਟ, ਡੀ.ਡੀ.ਪੀ.ਓ. ਸੁਖਚੈਨ ਸਿੰਘ, ਡੀ.ਐਸ.ਪੀ. ਪਰਮਿੰਦਰ ਸਿੰਘ, ਬੀ.ਡੀ.ਪੀ.ਓ. ਗੁਰਤੇਗ ਸਿੰਘ, ਸਰਪੰਚ ਨਵਾਂਗਾਉਂ ਕੁਲਵੰਤ ਸਿੰਘ ਤੇ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।