ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ‘ਚ ਉਨ੍ਹਾਂ ਵੱਲੋਂ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਬਿਕਰਮ ਸਿੰਘ ਮਜੀਠੀਆ ਨਾਲ ਜੇਲ੍ਹ ‘ਚ ਗੈਰ ਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਚੰਦੂਮਾਜਰਾ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸੀ ਵਿਰੋਧੀਆਂ ਨੂੰ ਦਬਾਉਣ ਤੇ ਧਮਕਾਉਣ ਲਈ ਹੱਥਕੰਡੇ ਵਰਤਣੇ ਸ਼ੁਰੂ ਕੀਤੇ ਗਏ ਹਨ, ਜੋ ਲੋਕਰਾਜੀ ਕਦਰਾਂ-ਕੀਮਤਾਂ ਦੇ ਉਲਟ ਹੈ।
ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਨੂੰ ਜੇਲ੍ਹ ਦੇ ਨਿਯਮਾਂ ਅਨੁਸਾਰ ਜਿਹੜੀਆਂ ਸਹੂਲਤਾਂ ਮਿਲਦੀਆਂ ਹਨ, ਉਹ ਵੀ ਰੋਕ ਦਿੱਤੀਆਂ ਗਈਆਂ ਹਨ ਤੇ ਉਸ ਨਾਲ ਗ਼ੈਰ-ਮਨੁੱਖੀ ਵਰਤਾਅ ਕੀਤਾ ਜਾ ਰਿਹਾ ਹੈ। ਮਜੀਠੀਆ ਨਾਲ ਇਹ ਵਰਤਾਅ ਸਰਕਾਰ ਦੇ ਰਾਜਸੀ ਸ਼ਿਸ਼ਟਾਚਾਰ ਤੇ ਮਨੁੱਖੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਲੋਕਰਾਜੀ ਸਿਸਟਮ ਨੂੰ ਤਾਨਾਸ਼ਾਹੀ ਸਿਸਟਮ ’ਚ ਬਦਲਿਆ ਜਾ ਰਿਹਾ ਹੈ। ਇਹ ਸੱਚ ਹੈ ਕਿ ਕੋਈ ਕਿੰਨਾ ਵੀ ਗੁਨਾਹਗਾਰ ਹੋਵੇ, ਜੇਲ੍ਹ ’ਚ ਉਸ ਨੂੰ ਮਨੁੱਖੀ ਜੀਵਨ ਜਿਊਣ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।
ਚੰਦੂਮਾਜਰਾ ਨੇ ਕਿਹਾ ਕਿ ਬਿਕਰਮ ਮਜੀਠੀਆ ਅਕਿਊਜ਼ਡ ਹਨ, ਕਨਵਿਕਟਿਡ ਨਹੀਂ। ਉਨ੍ਹਾਂ ਨੂੰ ਜਿਸ ਤਰ੍ਹਾਂ ਜੇਲ੍ਹ ’ਚ ਰੱਖਿਆ ਜਾ ਰਿਹਾ ਹੈ, ਉਸ ਤੋਂ ਰਾਜਸੀ ਬਦਲਾਖੋਰੀ ਦੀ ਬਦਬੂ ਆ ਰਹੀ ਹੈ।