ਸੰਸਦ ਦੇ ਮਾਨਸੂਨ ਸੈਸ਼ਨ ਦਾ ਤੀਜੇ ਦਿਨ ਵੀ ਹੰਗਾਮਾ ਚੱਲ ਰਿਹਾ ਹੈ | ਲੋਕ ਸਭਾ ਦੀ ਕਾਰਵਾਈ ਕੁਝ ਸਮਾਂ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਸਾਨਾਂ ਦੇ ਹੱਕਾਂ ‘ਚ ਆਵਾਜ਼ ਚੁੱਕੀ ਹੈ ਤੇ ਸੰਸਦ ਦੇ ਬਾਹਰ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਸਪਾ ਐਮ.ਪੀਜ਼ ਦੇ ਨਾਲ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵੀ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸਾਂਸਦਾਂ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਤਖ਼ਤੀਆਂ ਫ਼ੜ ਕੇ ਸੰਸਦ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ ਹੈ।
ਇਸ ਦੌਰਾਨ ਸਾਂਸਦਾਂ ਵੱਲੋਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਮੁੜ ਤਖ਼ਤੀਆਂ ਵਿਖਾਈਆਂ ਗਈਆਂ ਹਨ। ਜਿਨ੍ਹਾਂ ‘ਤੇ ਲਿਖਿਆ ; ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਨਾ ਮਤ ਕਰੋ ,ਕਾਲੇ ਕਾਨੂੰਨਾਂ ਨੂੰ ਰੱਦ ਕਰੋ , ਕਿਸਾਨ ਭਾਰਤ ਨੂੰ ਖਿਲਾਉਂਦੇ ਹਨ ਉਨ੍ਹਾਂ ਨੂੰ ਮਤ ਮਾਰੋ। ਅੰਨਦਾਤਾ ਦੇ ਨਾਲ ਇਨਸਾਫ਼ ਕਰੋ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕੇਂਦਰ ਦੇਸ਼ ਦੇ ਕਿਸਾਨਾਂ ਦਾ ਅਪਮਾਨ ਨਾ ਕਰੇ।ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 8 ਮਹੀਨਿਆਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੜਕਾਂ ‘ਤੇ ਬੈਠੇ ਹਨ। ਇਸ ਦੌਰਾਨ ਸਾਰੀਆਂ ਪਾਰਟੀਆਂ ਕਿਸਾਨਾਂ ਦੇ ਹੱਕ ਵਿੱਚ ਖੜੀਆਂ ਹੋਈਆਂ ਹਨ ਪਰ ਅਫ਼ਸੋਸ ਦੀ ਗੱਲ ਕਿ ਕੱਲ ਪਾਰਲੀਮੈਂਟ ਸੈਸ਼ਨ ਵਿੱਚ ਕਾਂਗਰਸ ਨੇ ਕਿਸਾਨਾਂ ਦਾ ਮੁੱਦਾ ਨਹੀਂ ਉਠਾਇਆ , ਸਗੋਂ ਦੂਜੇ ਮੁੱਦੇ ਉਠਾਏ ਗਏ।