Saka Sri Paunta Sahib: ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨ ਦਲ ਦੇ 11 ਸਿੰਘ ਸ਼ਹੀਦ ਹੋਏ ਸਨ।
ਇਸ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ ਹਨ, ਜਿਨ੍ਹਾਂ ਨੂੰ ਪੰਥ ਵੱਲੋਂ ਜਿੰਦਾ ਸ਼ਹੀਦ ਦਾ ਖਿਤਾਬ ਮਿਲਿਆ ਹੋਇਆ ਹੈ। ਸਾਕੇ ਦੀ ਸਲਾਨਾ ਯਾਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਭਾਈ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰੇ ਸਾਕੇ ਦੇ ਦਰਦ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ। ਸ੍ਰੀ ਪਾਉਂਟਾ ਸਾਹਿਬ ਦਾ ਸਾਕੇ ’ਚ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਪੰਥਕ ਹੱਥਾਂ ਵਿਚ ਲਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਕਈ ਸਾਕੇ ਵਾਪਰੇ ਜਿਨ੍ਹਾਂ ਵਿਚ ਸਿੱਖਾਂ ਦੀਆਂ ਅਣਗਿਣਤ ਸ਼ਹੀਦੀਆਂ ਹੋਈਆਂ। ਉਸ ਸਮੇਂ ਅੰਗਰੇਜ਼ਾਂ ਦਾ ਰਾਜ ਸੀ ਅਤੇ ਸਿੱਖਾਂ ਨੇ ਉਸ ਜ਼ੁਲਮ ਨੂੰ ਹੱਸ ਕੇ ਜਰਿਆ, ਪਰੰਤੂ ਜਿਹੜੇ ਸਾਕੇ ਅਜ਼ਾਦ ਭਾਰਤ ਵਿਚ ਵਾਪਰੇ ਉਨ੍ਹਾਂ ਦਾ ਦਰਦ ਸਿੱਖ ਕੌਮ ਕਦੀ ਨਹੀਂ ਭੁਲਾ ਸਕਦੀ। ਉਨ੍ਹਾਂ ਕਿਹਾ ਕਿ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਕੌਮ ਦੀ ਪ੍ਰਮੁੱਖ ਸ਼ਖ਼ਸੀਅਤ ਹਨ, ਜੋ ਪੰਥਕ ਏਕਤਾ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ।
ਇਸ ਮੌਕੇ ਐਡਵੋਕੇਟ ਧਾਮੀ ਨੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ 23 ਮਈ ਨੂੰ ਸਮਾਗਮ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਸਾਕਾ 22 ਮਈ ਨੂੰ ਵਾਪਰਿਆ ਸੀ ਪਰ ਇਸ ਸਬੰਧ ਵਿਚ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਸਬੰਧੀ 23 ਮਈ ਨੂੰ ਸਮਾਗਮ ਕੀਤਾ ਜਾਇਆ ਕਰੇਗਾ।
ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਅਤੇ ਸਾਕੇ ਦਾ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h