Sangrur Farmers Protest: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਇੱਥੇ ਲਾਏ ਗਏ ਪੱਕੇ ਕਿਸਾਨ ਮੋਰਚੇ ਦੇ ਪੰਦਰਵੇਂ ਦਿਨ ਵੀ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦਾ ਇਕੱਠ ਹੋਇਆ।
ਠਾਠਾਂ ਮਾਰਦੇ ਇਸ ਇਕੱਠ ਨੂੰ ਸੰਬੋਧਨ ਕਰਦਿਆ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਦੋਵੇਂ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਬਾਰੇ ਵੀ ਸਰਕਾਰ ਚੁੱਪ ਧਾਰੀ ਬੈਠੀ ਹੈ। ਇਸ ਲਈ ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਵੱਲੋਂ ਮੋਰਚੇ ਦੇ ਮੈਦਾਨ ਵਿੱਚ ਹੀ ਸੰਘਰਸ਼ੀ ਦੀਵਾਲੀ ਮਨਾਈ ਜਾਵੇਗੀ ਅਤੇ ਉਨ੍ਹਾਂ ਵੱਲੋਂ ਇਸ ਮੌਕੇ ਕਿਸਾਨਾਂ ਮਜ਼ਦੂਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ।
ਕਿਸਾਨਾਂ ਦੀਆਂ ਮੁੱਖ ਮੰਗਾਂ
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਨੇ ਮੰਗ ਪੱਤਰ ਸਮੇਤ ਛੇ ਦਿਨ ਪਹਿਲਾਂ ਸ਼ਹੀਦ ਹੋਏ ਕਿਸਾਨ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਸਬੰਧੀ ਚੁੱਪ ਧਾਰੀ ਹੋਈ ਹੈ। ਮੰਗ ਪੱਤਰ ਵਿੱਚ ਕਿਸਾਨਾਂ ਨੇ ਪੰਜਾਬ ਦੇ ਹਿੱਸੇ ਵਿੱਚ ਆਉਂਦੇ ਦਰਿਆਵਾਂ ਦੇ ਪਾਣੀ ਦੀ ਵਰਤੋਂ ਲਈ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਦੇਣ ਦੀ ਮੰਗ ਕੀਤੀ। ਇਸ ਦੀ ਮਾਮੂਲੀ ਵਰਤੋਂ ਸਬੰਧੀ 27 ਜੁਲਾਈ ਨੂੰ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਦੇ ਵੇਰਵੇ ਜਨਤਕ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਇਸ ਦੇ ਨਾਲ ਹੀ ਕਿਸਾਨਾਂ ਨੇ ਫਿਰੋਜ਼ਪੁਰ ਦੇ ਜੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਸ਼ਰਾਬ ਫੈਕਟਰੀ ਦੇ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਸਮੂਹ ਨਾਲ ਹੋਏ ਸਮਝੌਤੇ ਅਨੁਸਾਰ ਇਸ ਫੈਕਟਰੀ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ। ਕਿਸਾਨਾਂ ਨੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਸਬੰਧੀ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਵਿਸ਼ਵ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਦੀ ਮੰਗ ਕੀਤੀ।
‘ਹੱਕ ਮਿਲਣ ‘ਤੇ ਹੀ ਵਾਪਸੀ ਹੋਵੇਗੀ’
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣਾ ਹੱਕ ਲੈਣ ਤੋਂ ਬਾਅਦ ਹੀ ਵਾਪਸ ਪਰਤਣਗੇ। ਕਿਸਾਨਾਂ ਨੇ ਕਿਹਾ ਕਿ ਉਹ ਪੱਕੇ ਮੋਰਚੇ ਨਾਲ ਬੈਠੇ ਹਨ ਪਰ ਇਹ ਸੰਘਰਸ਼ ਕਦੋਂ ਤੱਕ ਜਾਰੀ ਰਹੇਗਾ, ਇਸ ਬਾਰੇ ਸਰਕਾਰ ਨੂੰ ਸੋਚਣਾ ਪਵੇਗਾ। ਇਸ ਧਰਨੇ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਭਾਗ ਲੈ ਰਹੇ ਹਨ। ਇਨ੍ਹਾਂ ਵਿੱਚ ਮਜ਼ਦੂਰ, ਨੌਜਵਾਨ ਤੋਂ ਇਲਾਵਾ ਔਰਤਾਂ ਵੀ ਸ਼ਾਮਲ ਹਨ।