Rail Roko in Punjab: ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਵੱਲੋਂ ਕਣਕ ਦੇ ਖਰੀਦ ਮੁੱਲ ’ਚ ਕਟੌਤੀ ਕਰਨ ਦੇ ਫੈਸਲੇ ਵਿਰੁੱਧ 18 ਅਪ੍ਰੈਲ ਨੂੰ 12 ਤੋਂ 4 ਵਜੇ ਤੱਕ ਕੀਤੇ ਜਾ ਰਹੇ ਰੇਲਾਂ ਦੇ ਚੱਕਾ ਜਾਮ ਪ੍ਰੋਗਰਾਮ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਰੇਲਵੇ ਸਟੇਸ਼ਨ ਤੇ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੋਰਚੇ ਵਿੱਚ ਸ਼ਾਮਲ ਪਟਿਆਲਾ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਸੀਨੀਅਰ ਕਿਸਾਨ ਆਗੂ ਕੁਲਵੰਤ ਸਿੰਘ ਮੌਲਵੀਵਾਲਾ ਨੇ ਕੀਤੀ।
ਮੀਟਿੰਗ ਵਿੱਚ ਰੇਲ ਰੋਕੋ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਜ਼ਿੰਮੇਵਾਰੀਆਂ ਦੀ ਵੰਡ ਕਰਨ ਦੇ ਨਾਲ ਨਾਲ ਸ਼ਾਮਲ ਜੱਥੇਬੰਦੀਆਂ ਤੇ ਅਧਾਰਿਤ ਇਕ ਸੰਚਾਲਨ ਕਮੇਟੀ ਵੀ ਬਣਾਈ ਗਈ। ਮੀਟਿੰਗ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 18 ਅਪ੍ਰੈਲ ਨੂੰ ਸਵਾਰੀ ਗੱਡੀਆਂ ਵਿੱਚ ਸਫ਼ਰ ਕਰਨ ਤੋਂ ਗੁਰੇਜ਼ ਕਰਨ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਸੁੰਗੜੀ ਅਤੇ ਬਦਰੰਗ ਹੋਈ ਕਣਕ ਦੇ ਖਰੀਦ ਮੁੱਲ ਵਿੱਚ ਪ੍ਰਤੀ ਕੁਇੰਟਲ ਵੱਡੀ ਕਟੌਤੀ ਲਗਾਉਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੋਇਆ ਹੈ।ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਨੇ ਕੇਂਦਰ ਸਰਕਾਰ ਦੇ ਇਸ ਕਦਮ ਵਿਰੁੱਧ ਸੂਬੇ ਭਰ ’ਚ 18 ਥਾਵਾਂ ’ਤੇ ਰੇਲਾਂ ਰੋਕਣ ਦਾ ਫੈਸਲਾ ਕੀਤਾ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਟੌਤੀ ਦੀ ਰਕਮ ਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਕੀਤੇ ਜਾਣ ਦੇ ਐਲਾਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਵੀ ਕੀਤੀ ਹੈ।
ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਕਿਸਾਨ ਆਗੂਆਂ ਦਵਿੰਦਰ ਸਿੰਘ ਪੂਨੀਆ ਅਤੇ ਹਰਬੰਸ ਸਿੰਘ ਦਦਹੇੜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੀ ਜਿੱਤ ਲਈ ਲੜੇ ਗਏ ਇਤਿਹਾਸਕ ਕਿਸਾਨ ਘੋਲ ਵਿੱਚ ਪੰਜਾਬ ਵੱਲੋਂ ਨਿਭਾਈ ਗਈ ਮੋਹਰੀ ਭੂਮਿਕਾ ਕਾਰਨ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ-ਮਜ਼ਦੂਰਾਂ ਦੀ ਭਲਾਈ ਦੇ ਨਾਂ ਹੇਠ ਚੁੱਕੇ ਜਾਣ ਵਾਲੇ ਹਰ ਕਦਮ ਵਿੱਚ ਆਪਣੇ ਕਾਰਪੋਰੇਟ ਮਿੱਤਰਾਂ ਦੇ ਅਰਬਾਂ-ਕਰੋੜਾਂ ਦੇ ਮੁਨਾਫੇ ਦਾ ਹੀ ਖਿਆਲ ਰੱਖਦੀ ਹੈ। ਉਨ੍ਹਾਂ ਨੇ ਕਣਕ ਦੇ ਖਰੀਦ ਮੁੱਲ ਵਿੱਚ ਕਟੌਤੀ ਕਰਨ ਦੇ ਫੈਸਲੇ ’ਤੇ ਸਖਤ ਟਿੱਪਣੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਪ੍ਰਭਾਵ ਤਾਂ ਇਹ ਦੇ ਰਹੀ ਹੈ ਕਿ ਉਸਨੇ ਕੁਦਰਤੀ ਕਰੋਪੀ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਰਾਹਤ ਦਿੱਤੀ ਹੈ ਪ੍ਰੰਤੂ ਅਸਲ ਵਿੱਚ ਇਹ ਰਾਹਤ ਨਹੀਂ ‘ਔਰੰਗਜੇਬੀ ਜਜੀਆ’ ਹੈ ਜਿਸ ਨਾਲ ਸਰਕਾਰ ਦੇਸ਼ ਦੇ ਕਿਸਾਨਾਂ ਦੀਆਂ ਜੇਬਾਂ ’ਤੇ ਅਰਬਾਂ-ਕਰੋੜਾਂ ਦਾ ਡਾਕਾ ਮਾਰਕੇ ਆਪਣੇ ਕਾਰਪੋਰੇਟ ਮਿੱਤਰਾਂ ਦੀਆਂ ਜੇਬਾਂ ਵਿੱਚ ਇਹ ਰਕਮ ਪਾਉਣਾ ਚਾਹੁੰਦੀ ਹੈ।
ਕਿਸਾਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਟੌਤੀ ਦੀ ਭਰਪਾਈ ਕਰਨ ਦੇ ਕੀਤੇ ਐਲਾਨ ਦਾ ਠੋਸ ਰੂਪ ਵਿੱਚ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਬਾਰੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 75% ਤੋਂ 100% ਖਰਾਬੇ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ 75 % ਤੋਂ ਘੱਟ ਖਰਾਬੇ ਲਈ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੇ ਨਾਲ-ਨਾਲ ਸੂਬੇ ਦੇ ਖੇਤ ਮਜ਼ਦੂਰਾਂ ਨੂੰ ਵੀ ਢੁੱਕਵਾਂ ਮੁਆਵਜਾ ਦੇਣ ਦੀ ਮੰਗ ਕੀਤੀ ਹੈ।
ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੇ ਹਰਬੰਸ ਸਿੰਘ ਦਦਹੇੜਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਅਵਤਾਰ ਸਿੰਘ ਕੌਰਜੀਵਾਲਾ, ਸੁਖਵਿੰਦਰ ਸਿੰਘ ਤੁਲੇਵਾਲ, ਕਿਰਤੀ ਕਿਸਾਨ ਯੂਨੀਅਨ ਦੇ ਦਵਿੰਦਰ ਸਿੰਘ ਪੂਨੀਆ,ਕੁਲ ਹਿੰਦ ਕਿਸਾਨ ਸਭਾ ਦੇ ਗੁਰਮੀਤ ਸਿੰਘ ਛੱਜੂ਼ਭੱਟ,ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਟਹਿਲ ਸਿੰਘ ਕੱਕੇਪੁਰ, ਗੁਰਬਿੰਦਰ ਸਿੰਘ ਲੰਗ,ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਗੁਰਦਿਆਲ ਸਿੰਘ,ਕੁੱਲ ਹਿੰਦ ਕਿਸਾਨ ਸਭਾ ਦੇ ਕੁਲਵੰਤ ਸਿੰਘ ਮੌਲਵੀਵਾਲਾ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h