Saving Precious Water Resources: ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਕਿਸਾਨਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ‘ਤੇ ਜ਼ੋਰ ਦਿੰਦਿਆਂ ਵਿਭਾਗ ਨੂੰ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਨੂੰ ਹੋਰ ਤੇਜ਼ ਕਰਨ ਲਈ ਕਿਹਾ।
ਮੀਤ ਹੇਅਰ ਨੇ ਖੇਤੀਬਾੜੀ ਲਈ ਸਿੰਜਾਈ ਵਾਸਤੇ ਨਹਿਰੀ ਪਾਣੀ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਗਰਾਮ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਵਿਭਾਗ ਨੂੰ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿੱਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ।
ਪੰਜਾਬ ਮੰਤਰੀ ਨੇ ਇਹ ਨਿਰਦੇਸ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਦਿੱਤੇ। ਵਿਭਾਗ ਦੀ ਵਾਟਰਸ਼ੈੱਡ ਸਕੀਮ ਦਾ ਜਾਇਜ਼ਾ ਲੈਂਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਬੇਜ਼ਮੀਨੇ ਕਿਸਾਨਾਂ ਅਤੇ ਮਹਿਲਾਵਾਂ ਨੂੰ ਪ੍ਰਾਜੈਕਟ ਖੇਤਰਾਂ ਵਿੱਚ ਸਵੈ-ਸਹਾਇਤਾ ਗਰੁੱਪ ਬਣਾ ਕੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਮਾਨਸੂਨ ਸੀਜ਼ਨ ਵਿੱਚ ਬਰਸਾਤੀ ਪਾਣੀ ਦੀ ਸੰਭਾਲ ਲਈ ਜਲ ਤਲਾਬ ਅਤੇ ਚੈਕ ਡੈਮਾਂ ਦੀ ਉਸਾਰੀ ‘ਤੇ ਕੰਮ ਤੇਜ਼ ਕਰਨ ‘ਤੇ ਵੀ ਜ਼ੋਰ ਦਿੱਤਾ।
ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਵਚਨਬੱਧ ਹੈ।ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਜਲ ਤੇ ਭੂਮੀ ਸੰਭਾਲ ਵਿਭਾਗ ਨੂੰ ਨਵੇਂ ਪ੍ਰੋਗਰਾਮ ਉਲੀਕਣ ਲਈ ਕਿਹਾ।ਜ਼ਮੀਨਦੋਜ਼ ਪਾਈਪਲਾਈਨ ਪ੍ਰੋਗਰਾਮ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ‘ਤੇ ਵੀ ਜ਼ੋਰ ਦਿੱਤਾ। pic.twitter.com/3KSRxplKVx
— Gurmeet Singh Meet Hayer (@meet_hayer) June 22, 2023
ਵਿਭਾਗੀ ਅਧਿਕਾਰੀਆਂ ਨੇ ਮੰਤਰੀ ਨੂੰ ਇੱਕ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕੰਮਾਂ ਦਾ ਮੁੱਖ ਉਦੇਸ਼ ਸਿੰਜਾਈ ਵਾਲੇ ਪਾਣੀ ਦੀ ਵਰਤੋਂ ਕੁਸ਼ਲਤਾ ਵਿੱਚ ਵਾਧਾ ਅਤੇ ਬਦਲਵੇਂ ਸਿੰਜਾਈ ਜਲ ਸਰੋਤਾਂ ਦਾ ਵਿਕਾਸ ਕਰਨਾ ਹੈ ਕਿਉਂਕਿ ਸੂਬੇ ਦੇ 90 ਫੀਸਦੀ ਤੋਂ ਵੱਧ ਜਲ ਸਰੋਤਾਂ ਦੀ ਵਰਤੋਂ ਇਕੱਲੇ ਖੇਤੀਬਾੜੀ ਖੇਤਰ ਵਿੱਚ ਕੀਤੀ ਜਾ ਰਹੀ ਹੈ।ਵਿਭਾਗ ਦੇ ਮੁੱਖ ਕੰਮਾਂ ਵਿੱਚ ਜ਼ਮੀਨਦੋਜ਼ ਪਾਈਪਲਾਈਨ ਸਿਸਟਮ, ਖੇਤੀਬਾੜੀ ਵਿੱਚ ਸੋਧੇ ਪਾਣੀ ਦੀ ਵਰਤੋਂ, ਤੁਪਕਾ ਅਤੇਫੁਆਰਾਂ ਸਿਸਟਮ, ਬਰਸਾਤੀ ਪਾਣੀ ਦੀ ਸੰਭਾਲ, ਵਾਟਰਸ਼ੈੱਡ ਅਧਾਰਤ ਪ੍ਰੋਗਰਾਮਾਂ ਤੋਂ ਇਲਾਵਾ ਹੋਰ ਕੰਮ ਸ਼ਾਮਲ ਹਨ।
ਮੀਟਿੰਗ ਦੌਰਾਨ ਵਿਭਾਗ ਵੱਲੋਂ ਪ੍ਰਸਤਾਵਿਤ ਅਸਾਮੀਆਂ ਦੇ ਪੁਨਰਗਠਨ ਬਾਰੇ ਵੀ ਚਰਚਾ ਕੀਤੀ ਗਈ।ਭੂਮੀ ਤੇ ਜਲ ਸੰਭਾਲ ਮੰਤਰੀ ਨੇ ਦੱਸਿਆ ਕਿ ਜਲਦੀ ਹੀ ਇਸ ਪੁਨਰਗਠਨ ਅੰਤਿਮ ਰੂਪ ਦੇਣ ਤੋਂ ਬਾਅਦ ਨਵੀਂ ਭਰਤੀ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਭੂਮੀ ਤੇ ਜਲ ਸੰਭਾਲ ਕੇ.ਏ.ਪੀ.ਸਿਨਹਾ, ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h