ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ ਯਾਨੀ ਕਿ 14 ਜੂਨ ਨੂੰ ਸ਼ਾਮ 4 ਵਜੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ । ਜਾਣਕਾਰੀ ਮੁਤਾਬਕ ਸੋਮਵਾਰ ਦੇਰ ਰਾਤ ਦਿਲ ਦੀ ਧੜਕਣ ਰੁਕ ਜਾਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ । ਉਹ 66 ਸਾਲ ਦੀ ਉਮਰ ਵਿੱਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ।
ਦੱਸ ਦੇਈਏ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਰਾਖਵੀਂ ਸੀਟ ਤੋਂ ਸ਼੍ਰੋਮਣੀ ਗੁ: ਪ੍ਰ: ਕਮੇਟੀ ਮੈਂਬਰ ਚੁਣੇ ਗਏ ਸਨ । ਉਹ 1992 ਤੱਕ ਨੇਤਰਹੀਣ ਗੁਰਮਤਿ ਸੰਗੀਤ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਨਿਭਾਉਂਦੇ ਰਹੇ ।
2011 ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀ ਟਿਕਟ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ ਅਤੇ ਮੌਜੂਦਾ ਸਮੇਂ ਉਹ ਬਤੋਰ ਜੂਨੀਅਰ ਮੀਤ ਪ੍ਰਧਾਨ ਸੇਵਾ ਕਰ ਰਹੇ ਸਨ । ਉਨ੍ਹਾਂ ਦਾ ਧਰਮ ਪ੍ਰਚਾਰ ਦੇ ਖੇਤਰ ਵਿੱਚ ਜੀਵਨ ਭਰ ਦਾ ਯੋਗਦਾਨ ਮਿਸਾਲੀ ਰਿਹਾ ਹੈ ।
ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਿਨੈਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਕੈਬਿਨੈਟ ਮੰਤਰੀ ਹਰਜੋਤ ਬੈਂਸ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ।