Guru Hargobind Sahib’s Gurtagaddi Day: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਜਲੌ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਛੇਵੇਂ ਪਾਤਸ਼ਾਹ ਜੀ ਦੇ ਗੁਰਤਾਗੱਦੀ ਦਿਹਾੜੇ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ।
ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਜਾਲਮ ਹਕੂਮਤ ਵਿਰੁੱਧ ਚਾਰ ਜੰਗਾਂ ਜਿੱਤੀਆਂ ਅਤੇ ਸੰਸਾਰ ਦੇ ਲੋਕਾਂ ਨੂੰ ਦੱਸਿਆ ਕਿ ਹੱਕ ਸੱਚ ਲਈ ਮਜ਼ਬੂਤ ਹਕੂਮਤ ਨੂੰ ਵੀ ਮਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਜਿਊਣਾ ਹਰ ਸਿੱਖ ਦਾ ਫ਼ਰਜ਼ ਹੈ, ਇਸ ਲਈ ਹਰ ਸਿੱਖ ਗੁਰਮਤਿ ਦੀ ਰਹਿਣੀ ਦਾ ਧਾਰਨੀ ਬਣੇ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h