ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ।
ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਇੰਦੌਰ ਵਿਖੇ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਉਨ੍ਹਾਂ ਵੱਲੋਂ ਸਥਾਪਤ ਕੀਤੇ ਅਸਥਾਨਾਂ ਤੋਂ ਕੁਝ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਸੰਜੀਦਾ ਹੈ। ਭਾਵੇਂ ਸਥਾਨਕ ਪੱਧਰ ’ਤੇ ਕਾਰਜਸ਼ੀਲ ਪ੍ਰਚਾਰਕਾਂ ਨੂੰ ਮੌਕੇ ’ਤੇ ਭੇਜਿਆ ਗਿਆ ਸੀ, ਪਰੰਤੂ ਇਸ ਮਾਮਲੇ ਦੇ ਹੱਲ ਲਈ ਹੁਣ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਭਲਕੇ 29 ਜਨਵਰੀ ਨੂੰ ਦੋ ਦਿਨਾਂ ਦੌਰੇ ’ਤੇ ਇੰਦੌਰ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਵਫ਼ਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਛੱਤੀਸਗੜ੍ਹ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਗੁਰਮੀਤ ਸਿੰਘ ਅਤੇ ਆਈਟੀ ਵਿਭਾਗ ਦੇ ਨੁਮਾਇੰਦੇ ਸ. ਜਸਕਰਨ ਸਿੰਘ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਿੰਧੀ ਸਮਾਜ ਸਿੱਖ ਕੌਮ ਦਾ ਅਹਿਮ ਹਿੱਸਾ ਹੈ, ਜਿਸ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਨੂੰ ਸੱਟ ਨਹੀਂ ਵੱਜਣ ਦਿੱਤੀ ਜਾਵੇਗੀ। ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਕੱਲ੍ਹ ਅੰਤ੍ਰਿੰਗ ਕਮੇਟੀ ਵੱਲੋਂ ਗਠਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਮੈਂਬਰਾਂ ਵਿਚ ਧਰਮ ਪ੍ਰਚਾਰ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੋਰ ਵਾਧਾ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h