Sri Akal Takht Sahib News : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਨਿਹੰਗ ਸਿੰਘ ਵੱਲੋਂ ਦਿੱਤੇ ਭਾਸ਼ਣ ਦਾ ਮਾਮਲਾ ਮੁੜ ਭਖ ਗਿਆ ਹੈ। ਜਥੇਦਾਰ ਦੀ ਕਾਰਗੁਜ਼ਾਰੀ ਉਤੇ ਸਵਾਲ ਉੱਠ ਰਹੇ ਹਨ।
ਇਸ ਦਰਮਿਆਨ ਡਿਊਟੀ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹੈੱਡ ਗ੍ਰੰਥ ਭਾਈ ਮਲਕੀਤ ਸਿੰਘ ਨੂੰ ਇੱਕ ਲੱਖ ਰੁਪਏ ਅਤੇ ਬਾਕੀ 8 ਨੂੰ 25-25 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਕਾਬਿਲੇਰ ਗੌਰ ਹੈ ਕਿ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਨਿਹੰਗ ਸਿੰਘ ਭਾਈ ਸੁਖਚੈਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਫਸੀਲ ਤੋਂ ਸੰਗਤ ਨੂੰ ਸੰਬੋਧਨ ਕਰਦਿਆਂ 96 ਕਰੋੜੀ ਬਾਬਾ ਬਲਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਉਣ ਦੀ ਮੰਗ ਕੀਤੀ ਸੀ।
ਚਸ਼ਮਦੀਦ ਗਵਾਹਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਉਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਸਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮਾਗਮ ਵਿਚਾਲੇ ਛੱਡ ਕੇ ਜਾ ਚੁੱਕੇ ਸਨ। ਜਿਵੇਂ ਹੀ ਭਾਈ ਸੁਖਚੈਨ ਸਿੰਘ ਨਾਮਕ ਨਿਹੰਗ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਗਿਆਨੀ ਮਲਕੀਤ ਸਿੰਘ ਨੇ ਇੱਕ ਸੇਵਾਦਾਰ ਨੂੰ ਕਹਿ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਰੇ ਮਾਇਕ ਬੰਦ ਕਰਵਾ ਦਿੱਤੇ ਸਨ।
ਇਹ ਨਿਹੰਗ ਸਿੰਘ ਕਰੀਬ 10 ਮਿੰਟ ਤੱਕ ਬੋਲ ਕੇ ਚਲਾ ਗਿਆ ਸੀ। ਇਸ ਨਿਹੰਗ ਦੇ ਮਾਮਲੇ ਉਤੇ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਗਾਜ਼ ਸੇਵਾਦਾਰਾਂ ਉਪਰ ਡਿੱਗ ਗਈ ਹੈ। ਦੱਸਣਯੋਗ ਹੈ ਕਿ ਦਿਨ ਤਿਉਹਾਰ ਮੌਕੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਫਸੀਲ ਉਤੇ ਕਿਸੇ ਅਜਨਬੀ ਨੂੰ ਜਾਣ ਤੋਂ ਰੋਕਣ ਲਈ ਵੱਖ-ਵੱਖ ਅਧਿਕਾਰੀ ਤਾਇਨਾਤ ਕੀਤੇ ਜਾਂਦੇ ਹਨ ਪਰ ਉਸ ਦਿਨ ਸਾਰੇ ਹੀ ਅਧਿਕਾਰੀ ਗਾਇਬ ਸਨ।