ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਵੀ ਕੀਤੀ। ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ।
ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਕਿ ਉਹ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ ਅਤੇ ਉਹ ਆਪਣੇ ਫੈਸਲੇ ‘ਤੇ ਦ੍ਰਿੜ ਹਨ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ।
ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਾਂ ਨੂੰ ਹੁਣ ਕਾਰਜ ਕਮੇਟੀ (ਕਾਰਜਕਾਰੀ ਕਮੇਟੀ) ਅਤੇ ਸਬੰਧਤ ਕਮੇਟੀਆਂ ਅੱਗੇ ਵਧਾਉਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਮਾਮਲਿਆਂ ਵਿੱਚ ਦਖਲ ਨਹੀਂ ਦੇਣਗੇ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਦਾ ਸ੍ਰੀ ਦਰਬਾਰ ਸਾਹਿਬ ਆਉਣਾ ਅਤੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੂੰ ਮਿਲਣਾ ਨਿਯਮਤ ਪ੍ਰਕਿਰਿਆ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਹਨ, ਤਾਂ ਉਹ ਜਥੇਦਾਰ ਸਾਹਿਬ ਨੂੰ ਮਿਲਦੇ ਹਨ ਅਤੇ ਧਾਰਮਿਕ ਅਤੇ ਭਾਈਚਾਰਕ ਮਸਲਿਆਂ ‘ਤੇ ਚਰਚਾ ਕਰਦੇ ਹਨ।