ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾ ਰਹੇ ਰਾਹਤ ਕਾਰਜਾਂ ਅਤੇ ਸੰਗਤਾਂ ਵੱਲੋਂ ਭੇਜੀ ਜਾ ਰਹੀ ਵਿੱਤੀ ਸਹਾਇਤਾ ਦੇ ਵੇਰਵਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਵੈੱਬ ਪੋਰਟਲ ਜਾਰੀ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੇ ਮੱਦੇਨਜ਼ਰ ਲੋੜਵੰਦਾਂ ਤੱਕ ਲਗਾਤਾਰ ਪਹੁੰਚ ਅਪਣਾ ਰਹੀ ਹੈ ਅਤੇ ਸੰਗਤਾਂ ਦੀ ਮੰਗ ਅਤੇ ਲੋੜਾਂ ਨੂੰ ਮੁੱਖ ਰੱਖਦਿਆਂ ਸਿੱਖ ਸੰਸਥਾ ਵੱਲੋਂ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਸ਼੍ਰੋਮਣੀ ਕਮੇਟੀ ਨੇ ਰਾਹਤ ਕਾਰਜਾਂ ਲਈ 20 ਕਰੋੜ ਰੁਪਏ ਰਾਖਵੇਂ ਰੱਖੇ ਹਨ, ਉਥੇ ਸੰਗਤਾਂ ਵੱਲੋਂ ਵੀ ਵੱਡਾ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 19 ਸਤੰਬਰ 2025 ਤੱਕ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਮੁਲਾਜ਼ਮਾਂ ਅਤੇ ਸੰਗਤਾਂ ਵੱਲੋਂ ਕੀਤੀ ਸਹਾਇਤਾ ਦੇ ਵੇਰਵੇ ਵੈੱਬਸਾਈਟ ’ਤੇ ਪਾਏ ਗਏ ਹਨ, ਜਦਕਿ ਅੱਜ ਤੱਕ 6 ਕਰੋੜ 9 ਲੱਖ 49 ਹਜ਼ਾਰ ਤੋਂ ਵੱਧ ਦੀ ਰਕਮ ਸ਼੍ਰੋਮਣੀ ਕਮੇਟੀ ਕੋਲ ਆਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 19 ਸਤੰਬਰ ਤੱਕ ਹੋਏ ਖ਼ਰਚਿਆਂ ਦਾ ਵੇਰਵਾ ਵੀ ਜਨਤਕ ਕੀਤਾ ਗਿਆ ਹੈ, ਜਿਸ ਵਿਚ ਰਾਹਤ ਕਾਰਜਾਂ ਲਈ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ 91 ਲੱਖ 4 ਹਜ਼ਾਰ ਰੁਪਏ ਤੋਂ ਵੱਧ ਦੇ ਖ਼ਰਚਿਆਂ ਦੇ ਨਾਲ-ਨਾਲ 23 ਲੱਖ 26 ਹਜ਼ਾਰ ਤੋਂ ਵੱਧ ਮੈਡੀਕਲ ਸੇਵਾਵਾਂ ਦਾ ਖ਼ਰਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੰਗਤਾਂ ਵੱਲੋਂ ਚੜ੍ਹਤ ਵਿਚ ਭੇਜੀਆਂ ਰਸਦਾਂ ਅਤੇ ਜ਼ਰੂਰੀ ਸਮਾਨ ਵੀ ਪੀੜਤਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹਾਂ ਨਾਲ ਨੁਕਸਾਨੇ ਬੰਨਾਂ ਦੀ ਮਜ਼ਬੂਤੀ ਲਈ ਕਾਰਜ ਕਰ ਰਹੀਆਂ ਸੰਗਤਾਂ ਨੂੰ ਹੁਣ ਤੱਕ 22 ਹਜ਼ਾਰ ਲੀਟਰ ਡੀਜ਼ਲ ਦਿੱਤਾ ਜਾ ਚੁੱਕਾ ਹੈ, ਜਿਸ ਵਿਚ ਖੇਮਕਰਨ ਹਲਕੇ ਲਈ 6 ਹਜ਼ਾਰ ਲੀਟਰ, ਡੇਰਾ ਬਾਬਾ ਨਾਨਕ ਲਈ 5 ਹਜ਼ਾਰ ਲੀਟਰ ਅਤੇ ਸੁਲਤਾਨਪੁਰ ਲੋਧੀ ਏਰੀਏ ਲਈ 11 ਹਜ਼ਾਰ ਲੀਟਰ ਡੀਜ਼ਲ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੀਆਂ ਸੰਗਤਾਂ ਦੀ ਮੰਗ ਅਨੁਸਾਰ ਆਉਂਦੇ ਦਿਨਾਂ ਵਿਚ 8 ਹਜ਼ਾਰ ਲੀਟਰ ਡੀਜ਼ਲ ਹੋਰ ਦਿੱਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸੇ ਤਰ੍ਹਾਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਮੇਂ ਡੀਜ਼ਲ ਅਤੇ ਮਿਆਰੀ ਬੀਜ ਦੇਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਭਾਵਿਤ ਖੇਤਰਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਹੋਏ ਨੁਕਸਾਨ ਦੇ ਵੇਰਵੇ ਵੀ ਇਕੱਤਰ ਕੀਤੇ ਜਾ ਰਹੇ ਹਨ, ਤਾਂ ਜੋ ਲੋੜ ਅਨੁਸਾਰ ਸਹਾਇਤਾ ਰਾਸ਼ੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅੱਗੇ ਸਰਦੀ ਦੇ ਆ ਰਹੇ ਮੌਸਮ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਨੂੰ ਕੰਬਲ ਤੇ ਗੱਦੇ ਮੁਹੱਈਆ ਕਰਵਾਉਣ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਪਾਰਦਰਸ਼ਤਾ ਦੇ ਨਾਲ ਕਾਰਜ ਕਰ ਹੀ ਹੈ ਅਤੇ ਇਸ ਦੇ ਸਾਰੇ ਵੇਰਵੇ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ https://floodrelief.sgpc.net ’ਤੇ ਦੇਖੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੁਣੀ ਹੋਈ ਸੰਸਥਾ ਹੈ, ਜੋ ਨਿਯਮਾਂ ਵਿਚ ਰਹਿ ਕੇ ਕਾਰਜ ਕਰਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਬਿਨਾਂ ਕਾਰਨ ਸ਼੍ਰੋਮਣੀ ਕਮੇਟੀ ’ਤੇ ਇਲਜ਼ਾਮ ਲਗਾਉਣੇ ਠੀਕ ਨਹੀਂ ਹਨ, ਸਗੋਂ ਇਸ ਮੁਸੀਬਤ ਸਮੇਂ ਸਾਰਿਆਂ ਨੂੰ ਰਲ ਕੇ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਵਿਛੋਆ, ਮੈਂਬਰ ਰਣਜੀਤ ਸਿੰਘ ਕਾਹਲੋਂ, ਸਤਪਾਲ ਸਿੰਘ ਤਲਵੰਡੀ ਭਾਈ, ਤਰਸੇਮ ਸਿੰਘ ਰਤੀਆ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਆਦਿ ਮੌਜੂਦ ਸਨ।